ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਘਾਟੀ ਦੇ ਸਿੱਖਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ

30-12-2016-4-1ਅੰਮ੍ਰਿਤਸਰ ੩੦ ਦਸੰਬਰ (        )  ਜੰਮੂ-ਕਸ਼ਮੀਰ ਦੇ ਗਵਰਨਰ ਸ੍ਰੀ ਨਰਿੰਦਰ ਨਾਥ ਵੋਹਰਾ ਨੇ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ।ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਬਹੁਤ ਖੁਸ਼ੀ ਮਹਿਸੂਸ ਹੋਈ ਹੈ।ਉਨ੍ਹਾਂ ਕਿਹਾ ਕਿ ਇਹ ਅਸਥਾਨ ਸਭ ਵਰਨਾਂ ਲਈ ਸਾਂਝਾ ਹੈ ਤੇ ਏਥੇ ਆ ਕੇ ਮਨ ਨੂੰ ਅਲੋਕਿਕ ਸ਼ਾਂਤੀ ਮਿਲੀ ਹੈ।ਉਨ੍ਹਾਂ ਕਿਹਾ ਕਿ ਮੈਂ ਸਾਂਝੀਵਾਲਤਾ ਦੇ ਇਸ ਮੁਕੱਦਸ ਅਸਥਾਨ ‘ਤੇ ਆਪਣੇ ਦੇਸ਼ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਏ ਰੱਖਣ ਦੀ ਅਰਦਾਸ ਕਰਕੇ ਚੱਲਿਆ ਹਾਂ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਇਸ ਮੌਕੇ ਗਵਰਨਰ ਸ੍ਰੀ ਵੋਹਰਾ ਨਾਲ ਜੰਮੂ-ਕਸ਼ਮੀਰ ਦੇ ਸਿੱਖਾਂ ਦੀਆਂ ਸਮੱਸਿਆਵਾਂ ਸਬੰਧੀ ਵਿਚਾਰਾਂ ਕੀਤੀਆਂ।ਉਨ੍ਹਾਂ ਗਵਰਨਰ ਸਾਹਿਬ ਨੂੰ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਸਿੱਖ ਘੱਟ ਗਿਣਤੀ ‘ਚ ਹੋਣ ਦੇ ਬਾਵਜੂਦ ਵੀ ਰਾਜ ਵੱਲੋਂ ਮਿਲਦੀਆਂ ਘੱਟ ਗਿਣਤੀ ਸਹੂਲਤਾਂ ਤੋਂ ਵਾਂਝੇ ਹਨ।ਸਿੱਖਾਂ ਨੂੰ ਘਾਟੀ ਅੰਦਰ ਨੌਕਰੀ ਨਹੀਂ ਮਿਲ ਰਹੀ ਅਤੇ ਨਾ ਹੀ ਕੋਈ ਰੋਜ਼ੀ-ਰੋਟੀ ਦੀ ਵਿਵਸਥਾ ਲਈ ਸਹੂਲਤਾਂ ਪ੍ਰਾਪਤ ਹੋ ਰਹੀਆਂ ਹਨ।ਕਸ਼ਮੀਰ ਘਾਟੀ ਵਿਚੋਂ ਹਿੰਦੂ ਪੰਡਿਤ ਪਹਿਲਾਂ ਹੀ ਹਿਜ਼ਰਤ ਕਰ ਚੁੱਕੇ ਹਨ।ਕਈ ਸਾਲ ਬੀਤ ਜਾਣ ਤੋਂ ਬਾਅਦ ਵੀ ਇਹ ਦੁਬਾਰਾ ਘਾਟੀ ਵਿੱਚ ਆ ਕੇ ਆਬਾਦ ਨਹੀਂ ਹੋ ਸਕੇ।ਮੁੱਖ ਸਕੱਤਰ ਨੇ ਚਿੰਤਾ ਜ਼ਾਹਿਰ ਕਰਦਿਆ ਕਿਹਾ ਕਿ ਜੇਕਰ ਸਿੱਖਾਂ ਦੀ ਹਿਫਾਜਤ ਨੂੰ ਯਕੀਨੀ ਨਾ ਬਣਾਇਆ ਗਿਆ ਤਾਂ ਉਹ ਵੀ ਹੌਲੀ-ਹੌਲੀ ਹਿਜ਼ਰਤ ਕਰ ਜਾਣਗੇ।ਇਸ ਹਾਲਾਤ ਵਿੱਚ ਜੰਮੂ-ਕਸ਼ਮੀਰ ਧਰਮ ਨਿਰਪੱਖ ਰਾਜ ਦੀ ਹੋਂਦ ਖੋਹ ਬੈਠੇਗਾ।ਮੁੱਖ ਸਕੱਤਰ ਨੇ ਗਵਰਨਰ ਨੂੰ ਇਹ ਵੀ ਕਿਹਾ ਕਿ ਮੌਜੂਦਾ ਸਮੇਂ ਅੰਦਰ ਘਾਟੀ ਵਿੱਚ ਸਿੱਖਾਂ ਦੀ ਗਿਣਤੀ ੬੦ ਹਜ਼ਾਰ ਦੇ ਕਰੀਬ ਹੈ ਜੋ ਪਹਿਲਾਂ ੮੦ ਹਜ਼ਾਰ ਤੋਂ ਵੀ ਜ਼ਿਆਦਾ ਹੋਇਆ ਕਰਦੀ ਸੀ।ਜੰਮੂ-ਕਸ਼ਮੀਰ ਵਿੱਚ ਸਿੱਖਾਂ ਨੂੰ ਆਬਾਦ ਰੱਖਣ ਲਈ ਪੁਲਿਸ, ਕਾਰਪੋਰੇਸ਼ਨ ਅਤੇ ਹੋਰਨਾਂ ਮਹਿਕਮਿਆਂ ਅੰਦਰ ਪਹਿਲ ਦੇ ਆਧਾਰ ਤੇ ਨੌਕਰੀਆਂ ਦੇਣੀਆਂ ਚਾਹੀਦੀਆਂ ਹਨ।
ਗਵਰਨਰ ਸ੍ਰੀ ਨਰਿੰਦਰ ਨਾਥ ਵੋਹਰਾ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਵੱਲੋਂ ਰੱਖੀਆਂ ਗਈਆਂ ਸਿੱਖਾਂ ਦੀਆਂ ਹੱਕੀ ਮੰਗਾਂ ‘ਤੇ ਸਹਿਮਤੀ ਜਤਾਉਂਦਿਆਂ ਕਿਹਾ ਕਿ ਸਿੱਖ ਸ਼ੁਰੂ ਤੋਂ ਹੀ ਦੇਸ਼ ਭਗਤ ਹਨ ਅਤੇ ਉਹ ਕਿਸੇ ਵੀ ਵੱਖਵਾਦੀ ਗਤੀਵਿਧੀਆਂ ਵਿੱਚ ਹਿੱਸਾ ਨਹੀਂ ਲੈਂਦੇ।ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਮੁੱਖ ਮੰਤਰੀ ਜੰਮੂ-ਕਸ਼ਮੀਰ ਅਤੇ ਗ੍ਰਹਿ ਮੰਤਰੀ ਨਾਲ ਗੱਲ ਕਰਨਗੇ।ਉਨ੍ਹਾਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣਾਏ ਗਏ ਖੂਬਸੂਰਤ ਪਲਾਜ਼ੇ ਅਤੇ ਆਉਂਦੇ ਰਸਤਿਆਂ ਨੂੰ ਵਿਰਾਸਤੀ ਦਿਖ ਦੇਣ ਤੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੂੰ ਵਧਾਈ ਵੀ ਦਿੱਤੀ।
ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਸਮੇਂ ਉਨ੍ਹਾਂ ਨੂੰ ਮੁੱਖ ਸੂਚਨਾ ਅਧਿਕਾਰੀ ਸ. ਗੁਰਬਚਨ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਇਤਿਹਾਸਕ ਅਸਥਾਨਾਂ ਦੇ ਇਤਿਹਾਸ ਦੀ ਜਾਣਕਾਰੀ ਦਿੱਤੀ।ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਸ੍ਰੀ ਨਰਿੰਦਰ ਨਾਥ ਵੋਹਰਾ ਤੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ, ਲੋਈ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।