ਮਨੁੱਖਤਾ ਦੀ ਹਰ ਖੇਤਰ ’ਚ ਅਗਵਾਈ ਕਰਦੀ ਹੈ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ   ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 22 ਅਪ੍ਰੈਲ-
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਸੂਬਿਆਂ ਵਿਚ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਟਾਟਾ ਨਗਰ ਜਮਸ਼ੇਦਪੁਰ (ਝਾਰਖੰਡ) ਵਿਖੇ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ। ਇਸ ਤੋਂ ਪਹਿਲਾਂ ਸੈਂਟਰਲ ਗੁਰਦੁਆਰਾ ਪ੍ਰਬੰਧਕ ਕਮੇਟੀ ਜਮਸ਼ੇਦਪੁਰ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਕਮੇਟੀ ਵੱਲੋਂ 3 ਅਪ੍ਰੈਲ ਤੋਂ ਟਾਟਾ ਨਗਰ ਦੇ ਗੁਰਦੁਆਰਾ ਸਾਹਿਬਾਨ ’ਚ ਸ਼੍ਰੋਮਣੀ ਕਮੇਟੀ ਦੀ ਪ੍ਰਚਾਰ ਵਹੀਰ ਵੱਲੋਂ ਧਾਰਮਿਕ ਦੀਵਾਨ ਸਜਾਏ ਗਏ। ਮੁੱਖ ਸਮਾਗਮ ਗੁਰਦੁਆਰਾ ਸਾਹਿਬ ਸਾਕਚੀ ਵਿਖੇ ਹੋਇਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਕਰਤ ਕੀਤੀ। ਇਸ ਮੌਕੇ ਹਾਜ਼ਰ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਮਨੁੱਖਤਾ ਦੀ ਹਰ ਖੇਤਰ ਵਿਚ ਅਗਵਾਈ ਕਰਦੀ ਹੈ।
ਉਨ੍ਹਾਂ ਆਖਿਆ ਕਿ ਜੇਕਰ ਅਸੀਂ ਵਰਤਮਾਨ ਸਮੱਸਿਆਵਾਂ ਤੋਂ ਛੁਟਕਾਰਾ ਚਾਹੁੰਦੇ ਹਾਂ ਤਾਂ ਸਾਨੂੰ ਗੁਰਬਾਣੀ ਦੇ ਮੁਲਵਾਨ ਉਪਦੇਸ਼ਾਂ ਨੂੰ ਜੀਵਨ ਦਾ ਹਿੱਸਾ ਬਣਾਉਣਾ ਪਵੇਗਾ। ਉਨ੍ਹਾਂ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਗਤ ਨੂੰ ਹੁੰਮ-ਹੁੰਮਾ ਕੇ ਪੁੱਜਣ ਦੀ ਅਪੀਲ ਕੀਤੀ ਅਤੇ ਖ਼ਾਲਸਈ ਰਹਿਤ ਦੇ ਧਾਰਨੀ ਬਣਨ ਲਈ ਪ੍ਰੇਰਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ, ਭਾਈ ਹਰਭਿੰਦਰ ਸਿੰਘ ਤੇ ਭਾਈ ਅਵਤਾਰ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਤੋਂ ਇਲਾਵਾ ਭਾਈ ਗੁਰਭੇਜ ਸਿੰਘ ਚਵਿੰਡਾ ਤੇ ਢਾਡੀ ਜਥੇ ਨੇ ਢਾਡੀ ਵਾਰਾਂ ਸਰਵਣ ਕਰਵਾਈਆਂ। ਇਸ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪੁੱਜੇ ਪੰਜ ਪਿਆਰੇ ਸਾਹਿਬਾਨ ਨੇ ਅੰਮ੍ਰਿਤ ਦਾ ਬਾਟਾ ਤਿਆਰ ਕੀਤਾ ਅਤੇ 33 ਪ੍ਰਾਣੀਆਂ ਨੇ ਗੁਰੂ ਬਖ਼ਸ਼ਿਸ਼ ਅੰਮ੍ਰਿਤਪਾਨ ਕੀਤਾ।
ਸਮਾਗਮ ਸਮੇਂ ਸੈਂਟਰਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੁਰਮੁੱਖ ਸਿੰਘ ਨੇ ਸਿੰਘ ਸਾਹਿਬ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਵੀ ਅਜਿਹੇ ਸਮਾਗਮਾਂ ਸਮੇਂ ਪੂਰਨ ਸਹਿਯੋਗ ਦੀ ਵਚਨਬਧਤਾ ਪ੍ਰਗਟਾਈ। ਸਟੇਜ ਦੀ ਸੇਵਾ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਛਾਪਾ ਨੇ ਨਿਭਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਜਸਬੀਰ ਸਿੰਘ, ਸ. ਅਵਤਾਰ ਸਿੰਘ, ਸ. ਬਲਬੀਰ ਸਿੰਘ, ਸ. ਸੁਖਵਿੰਦਰ ਸਿੰਘ, ਸ. ਦੀਪਕ ਸਿੰਘ ਗਿੱਲ, ਸ. ਦਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।