ਅੰਮ੍ਰਿਤਸਰ, 21 ਸਤੰਬਰ –ਸਿੱਖ ਵਿਦਵਾਨ ਡਾ. ਜਸਬੀਰ ਸਿੰਘ ਸਰਨਾ ਦੀ ਪੁਸਤਕ ‘ਗੁਰੂ ਨਾਨਕ ਸਾਹਿਬ ਦਾ ਅਰਬ ਦੇਸ਼ਾਂ ਦਾ ਸਫਰਨਾਮਾ’ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਲੋਕ ਅਰਪਣ ਕੀਤੀ ਗਈ। ਉਨ੍ਹਾਂ ਨੇ ਇਹ ਪੁਸਤਕ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਭਵਨ ਸ੍ਰੀ ਅੰਮ੍ਰਿਤਸਰ ਵਿਖੇ ਕਰਵਾਏ ਗਏ ਸੈਮੀਨਾਰ ਦੌਰਾਨ ਜਾਰੀ ਕੀਤੀ। ਡਾ. ਸਰਨਾ ਨੇ ਦੱਸਿਆ ਕਿ ਇਸ ਪੁਸਤਕ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਰਬ ਦੇਸ਼ਾਂ ਦੇ ਸਫਰਨਾਮੇ ਨੂੰ ਅਰਬੀ ਦੀਆਂ ਹੱਥ ਲਿਖਤਾਂ ਦੇ ਅਧਾਰ ‘ਤੇ ਪੇਸ਼ ਕੀਤਾ ਗਿਆ ਹੈ। ਇਨ੍ਹਾਂ ਲਿਖਤਾਂ ਵਿਚ ਸਿਹਯਤੋ ਬਾਬਾ ਨਾਨਕ ਫਕੀਰ ਅਤੇ ਤਵਾਰੀਖ਼ ਅਰਬ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਹੱਥ ਲਿਖਤਾਂ ਮੱਕਾ ਦੀ ਲਾਇਬ੍ਰੇਰੀ ਵਿਚ ਮੌਜੂਦ ਸਨ। ਇਨ੍ਹਾਂ ਵਿਚ ਗੁਰੂ ਸਾਹਿਬ ਨੇ ਮੱਕਾ, ਮਦੀਨਾ, ਬਗਦਾਦ ਆਦਿ ਥਾਵਾਂ ‘ਤੇ ਮੁਸਲਮਾਨ ਕਾਜੀਆਂ, ਇਮਾਮਾਂ ਨਾਲ ਵਿਚਾਰ ਵਟਾਂਦਰੇ ਬਾਰੇ ਤਫਸੀਲ ਦਰਜ਼ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਗਈ ਹੈ ਅਤੇ ਆਸ ਹੈ ਕਿ ਇਸ ਨੂੰ ਪਾਠਕ ਤੇ ਖੋਜਾਰਥੀ ਪਸੰਦ ਕਰਨਗੇ। ਪੁਸਤਕ ਲੋਕ ਅਰਪਣ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਗੁਰਮੀਤ ਸਿੰਘ ਬੂਹ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਸ. ਅਮਰਜੀਤ ਸਿੰਘ ਬੰਡਾਲਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਕੁਲਦੀਪ ਸਿੰਘ ਤੇੜਾ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਭਗਵੰਤ ਸਿੰਘ ਧੰਗੇੜਾ, ਪ੍ਰਿੰ. ਕੁਲਵਿੰਦਰ ਸਿੰਘ, ਪ੍ਰਿੰ. ਫੁਲਵਿੰਦਰ ਸਿੰਘ, ਪ੍ਰਿੰ. ਰੁਪਿੰਦਰ ਸਿੰਘ, ਗਿਆਨੀ ਸੰਤੋਖ ਸਿੰਘ ਆਸਟ੍ਰੇਲੀਆ, ਪ੍ਰਿੰ. ਬਲਵਿੰਦਰ ਸਿੰਘ, ਵਧੀਕ ਮੈਨੇਜਰ ਸ. ਹਰਪ੍ਰੀਤ ਸਿੰਘ ਆਦਿ ਮੌਜੂਦ ਸਨ।