ਅੰਮ੍ਰਿਤਸਰ 01 ਅਕਤੂਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਕੀਤੀ ਗਈ ਪੁਸਤਕ ‘ਨਿਰਭਉ ਨਿਰੰਕਾਰ’ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਕੀਤੀ। ਇਸ ਪੁਸਤਕ ਦੇ ਮੁੱਖ ਸੰਪਾਦਕ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਅਤੇ ਸ਼੍ਰੋਮਣੀ ਸਿੱਖ ਚਿੰਤਕ ਡਾ. ਰੂਪ ਸਿੰਘ, ਜਦਕਿ ਇਸ ਦੇ ਸੰਪਾਦਕ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇੰਚਾਰਜ ਡਾ. ਅਮਰਜੀਤ ਕੌਰ ਤੇ ਸਕਾਲਰ ਡਾ. ਰਣਜੀਤ ਕੌਰ ਪੰਨਵਾਂ ਹਨ। ਪੁਸਤਕ ਜਾਰੀ ਕਰਨ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਕੀਤੇ ਜਾਂਦੇ ਮਾਸਕ ਪੱਤਰ ਗੁਰਮਤਿ ਪ੍ਰਕਾਸ਼ ਵਿਚ ਸਮੇਂ-ਸਮੇਂ ਛਪੇ ਖੋਜ-ਭਰਪੂਰ ਲੇਖਾਂ ਨੂੰ ਪਾਠਕਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਕਿਤਾਬਾਂ ਤਿਆਰ ਕਰਨ ਦੇ ਫੈਸਲੇ ਤਹਿਤ ਇਹ ਪੁਸਤਕ ਪ੍ਰਕਾਸ਼ ਵਿਚ ਆਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਇਸੇ ਲੜੀ ਤਹਿਤ ਹੀ ਡਾ. ਰੂਪ ਸਿੰਘ ਦੀ ਸੰਪਾਦਨਾ ਹੇਠ ਸੱਤ ਕਿਤਾਬਾਂ ਪਾਠਕਾਂ ਤੱਕ ਪਹੁੰਚ ਚੁੱਕੀਆਂ ਹਨ, ਜਿਨ੍ਹਾਂ ਵਿਚ ‘ਸਿੱਖ ਸੰਕਲਪ, ਸਿਧਾਂਤ ਤੇ ਸੰਸਥਾਵਾਂ’ ਅਤੇ ‘ਵੱਡਾ ਪੁਰਖ’ ਪੁਸਤਕਾਂ ਦੇ ਸੰਗਤਾਂ ਦੀ ਵੱਡੀ ਮੰਗ ‘ਤੇ ਤਿੰਨ ਤਿੰਨ ਐਡੀਸ਼ਨ ਛਪ ਚੁੱਕੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਗੱਲ ‘ਤੇ ਪ੍ਰਸੰਨਤਾ ਪ੍ਰਗਟਾਈ ਕਿ ਇਨ੍ਹਾਂ ਪੁਸਤਕਾਂ ਨੂੰ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਡਾ. ਰੂਪ ਸਿੰਘ ਪ੍ਰਬੰਧਕੀ ਕਾਰਜਾਂ ਦੇ ਨਾਲ-ਨਾਲ ਖੋਜ-ਕਾਰਜਾਂ ਵਿਚ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ ਅਤੇ ਇਨ੍ਹਾਂ ਦੀ ਮਿਹਨਤ, ਲਗਨ ਅਤੇ ਸਿਰੜ ਕਾਰਨ ਇਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਸਿੱਖ ਚਿੰਤਕ ਦਾ ਐਵਾਰਡ ਵੀ ਮਿਲ ਚੁੱਕਾ ਹੈ। ਉਨ੍ਹਾਂ ਇਸ ਪੁਸਤਕ ਲਈ ਡਾ. ਰੂਪ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀ ਸੰਪਾਦਕਾਂ ਦੀ ਪ੍ਰਸ਼ੰਸਾ ਵੀ ਕੀਤੀ।
ਇਸ ਦੌਰਾਨ ਪੁਸਤਕ ਦੇ ਮੁੱਖ ਸੰਪਾਦਕ ਡਾ. ਰੂਪ ਸਿੰਘ ਨੇ ਦੱਸਿਆ ਕਿ ਜਾਰੀ ਕੀਤੀ ਪੁਸਤਕ ਵਿਚ ਸ੍ਰੀ ਗੁਰੂ ਹਰਿਰਾਇ ਸਾਹਿਬ, ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਇਤਿਹਾਸ ਤੇ ਉਨ੍ਹਾਂ ਦੀ ਦੇਣ ਨਾਲ ਸਬੰਧਤ ਲੇਖ ਦਰਜ਼ ਹਨ। ਉਨ੍ਹਾਂ ਕਿਹਾ ਕਿ ਗੁਰਮਤਿ ਪ੍ਰਕਾਸ਼ ਮੈਗਜ਼ੀਨ ਵਿਚ ਅਜਿਹੇ ਬਹੁਤ ਸਾਰੇ ਲੇਖ ਸ਼ਾਮਲ ਮਿਲਦੇ ਹਨ, ਜੋ ਮੌਜੂਦਾ ਸਮੇਂ ਪਾਠਕਾਂ ਤੱਕ ਪਹੁੰਚਾਉਣੇ ਬਹੁਤ ਜ਼ਰੂਰੀ ਹਨ।ਇਸੇ ਮੰਤਵ ਨਾਲ ਹੀ ਇਹ ਪੁਸਤਕਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਡਾ. ਰੂਪ ਸਿੰਘ ਨੇ ਦੱਸਿਆ ਕਿ ਹੁਣ ਤੱਕ ਇਸ ਲੜੀ ਤਹਿਤ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਇਤਿਹਾਸ ਨਾਲ ਸਬੰਧਤ ਪੁਸਤਕਾਂ ਨੂੰ ਛੱਡ ਕੇ ਬਾਕੀ ਗੁਰੂ ਸਾਹਿਬਾਨ ਸਬੰਧੀ ਪੁਸਤਕਾਂ ਸੰਪਾਦਿਤ ਕਰਨ ਦੇ ਨਾਲ-ਨਾਲ ਸਿੱਖੀ ਦੇ ਸਿਧਾਂਤਾਂ, ਸੰਸਥਾਵਾਂ ਅਤੇ ਸੰਘਰਸ਼ ਦੇ ਸਮੇਂ ਨਾਲ ਸਬੰਧਤ ਕਿਤਾਬਾਂ ਵੀ ਪ੍ਰਕਾਸ਼ਤ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਵੇਂ ਅਤੇ ਛੇਵੇਂ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸਕ ਲੇਖਾਂ ਦੀਆਂ ਪੁਸਤਕਾਂ ਵੀ ਤਿਆਰ ਕਰ ਲਈਆਂ ਜਾਣਗੀਆਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਜਗਜੀਤ ਸਿੰਘ ਜੱਗੀ, ਮੀਤ ਸਕੱਤਰ ਸ. ਗੁਰਬਚਨ ਸਿੰਘ ਲੇਹਲ, ਮੈਨੇਜਰ ਸ. ਮੁਖਤਾਰ ਸਿੰਘ, ਸ. ਅਮਰਜੀਤ ਸਿੰਘ ਲੌਂਗੋਵਾਲ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ ਆਦਿ ਮੌਜੂਦ ਸਨ।