ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਦਿੱਤੀ ਨਵੀਂ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ –ਡਾ. ਰੂਪ ਸਿੰਘ

ਅੰਮ੍ਰਿਤਸਰ, 31 ਅਗਸਤ 2017 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ ਦੇ ਅਗਲੇ ਸਕੱਤਰ ਹੋਣਗੇ। ਉਹ ਆਪਣੇ ਕੰਮ ਦੇ ਨਾਲ ਨਾਲ ਇਹ ਸੇਵਾਵਾਂ ਵੀ ਨਿਭਾਉਣਗੇ। ਇਸ ਸਬੰਧੀ ਦਫਤਰੀ ਹੁਕਮ ਜਾਰੀ ਹੋਣ ਤੋਂ ਬਾਅਦ ਅੱਜ ਡਾ. ਰੂਪ ਸਿੰਘ ਨੇ ਅੰਮ੍ਰਿਤਸਰ ਦੇ ਵੱਲ੍ਹਾ ਸਥਿਤ ਟਰੱਸਟ ਦਫਤਰ ਵਿਖੇ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਲੁਧਿਆਣਾ ਦੇ ਸਕੱਤਰ ਵਜੋਂ ਵੀ ਕੰਮ ਕਰ ਰਹੇ ਹਨ।

ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ ਦੇ ਸਕੱਤਰ ਵਜੋਂ ਸੇਵਾ ਸੰਭਾਲਣ ਉਪਰੰਤ ਡਾ. ਰੂਪ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਨਵੀਂ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਆਖਿਆ ਕਿ ਬੇਸ਼ੱਕ ਉਨ੍ਹਾਂ ਲਈ ਇਹ ਨਵਾਂ ਖੇਤਰ ਹੈ ਪਰ ਗੁਰੂ ਸਾਹਿਬ ਦੀ ਬਖਸ਼ਿਸ਼ ਅਤੇ ਮਾਨਯੋਗ ਪ੍ਰਧਾਨ ਸਾਹਿਬ ਦੀ ਪ੍ਰੇਰਨਾ ਸਦਕਾ ਉਹ ਸੰਸਥਾ ਦੀ ਬੇਹਤਰੀ ਲਈ ਪੂਰੀ ਸੁਹਿਰਦਤਾ ਨਾਲ ਕਾਰਜ ਕਰਨਗੇ। ਇਸ ਮੌਕੇ ਡਾ. ਰੂਪ ਸਿੰਘ ਨੇ ਮੈਡੀਕਲ ਸੰਸਥਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਸੀ ਮਿਲਵਰਤਨ ਦੀ ਭਾਵਨਾ ਨਾਲ ਡਿਊਟੀ ਕਰਨ ਦਾ ਸੱਦਾ ਵੀ ਦਿੱਤਾ।

ਯਾਦ ਰਹੇ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਇਸ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ ਵੱਲੋਂ ਚੈਰੀਟੇਬਲ ਹਸਪਤਾਲ, ਮੈਡੀਕਲ ਕਾਲਜ, ਮੈਡੀਕਲ ਯੂਨੀਵਰਸਿਟੀ, ਡੈਂਟਲ ਕਾਲਜ ਅਤੇ ਨਰਸਿੰਗ ਕਾਲਜ ਚਲਾਏ ਜਾ ਰਹੇ ਹਨ। ਮੈਡੀਕਲ ਖੇਤਰ ਨਾਲ ਸਬੰਧਤ ਇਹ ਸੰਸਥਾ ਦੇਸ਼ ਦੀਆਂ ਵੱਕਾਰੀ ਸੰਸਥਾਵਾਂ ਵਿਚ ਸ਼ੁਮਾਰ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ ਮੈਂਬਰ ਟਰੱਸਟ, ਵਿਸ਼ਵ ਪ੍ਰਸਿੱਧ ਡਾ. ਹਰਦਾਸ ਸਿੰਘ ਮੈਂਬਰ ਟਰੱਸਟ, ਡਾ. ਕੁਲਵੰਤ ਸਿੰਘ ਦੇਦ ਵੀ.ਸੀ. ਮੈਡੀਕਲ ਯੂਨੀਵਰਸਿਟੀ, ਡਾ. ਗੀਤਾ ਸ਼ਰਮਾ ਡਾਇਰੈਕਟਰ ਪ੍ਰਿੰਸੀਪਲ, ਐਡੀਸ਼ਨਲ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਸ. ਸਕੱਤਰ ਸਿੰਘ ਅਤੇ ਹੋਰ ਹਾਜ਼ਰ ਸਨ।