ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਸ. ਆਹਲੀ ਤੇ ਹੋਰਾਂ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ

ਅੰਮ੍ਰਿਤਸਰ, ੩੧ ਜੁਲਾਈ- ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਆਈ.ਏ.ਐੱਸ. ਨੇ ਸੇਵਾ ਸੰਭਾਲਣ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਆਈ.ਏ.ਐੱਸ. ਸ. ਸ਼ਿਵਦੁਲਾਰ ਸਿੰਘ ਢਿੱਲੋਂ ਤੇ ਐਸ.ਡੀ.ਐਮ. ਸ੍ਰੀ ਵਿਕਾਸ ਹੀਰਾ ਵੀ ਮੌਜੂਦ ਸਨ। ਸ. ਖਹਿਰਾ ਨੂੰ ਡਿਪਟੀ ਕਮਿਸ਼ਨਰ ਬਣਨ ਮਗਰੋਂ ਪਹਿਲੀ ਵਾਰ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਮੈਨੇਜਰ ਸ. ਮੁਖਤਾਰ ਸਿੰਘ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਿਹਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਯਾਤਰੂ ਕਿਤਾਬ ਵਿਚ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਆਈ.ਏ.ਐੱਸ. ਨੇ ਆਪਣੀਆਂ ਭਾਵਨਾਵਾਂ ਵਿਅਕਤ ਕਰਦਿਆਂ ਲਿਖਿਆ ਕਿ “ਮੈਨੂੰ ਪ੍ਰਮਾਤਮਾ ਦੀ ਬਖਸ਼ਿਸ਼ ਨਾਲ ਸ੍ਰੀ ਅੰਮ੍ਰਿਤਸਰ ਦੇ ਡੀ.ਸੀ. ਵਜੋਂ ਸੇਵਾ ਦਾ ਮੌਕਾ ਮਿਲਿਆ ਹੈ। ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਹੈ ਕਿ ਸੇਵਾ ਕਰਦਿਆਂ ਗੁਰੂ ਸਾਹਿਬ ਹਮੇਸ਼ਾਂ ਸੇਧ ਦਿੰਦੇ ਰਹਿਣ।” ਇਸ ਮੌਕੇ ਉਨ੍ਹਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਗੁਰੂ ਸਾਹਿਬਾਨ ਵੱਲੋਂ ਵਰੋਸਾਈ ਇਤਿਹਾਸਕ ਨਗਰੀ ਹੈ ਅਤੇ ਉਹ ਇਸ ਦੇ ਇਤਿਹਾਸ ਅਤੇ ਰਵਾਇਤਾਂ ਦੀ ਸੇਧ ਵਿਚ ਸੇਵਾ ਕਰਨ ਲਈ ਯਤਨਸ਼ੀਲ ਰਹਿਣਗੇ। ਇਸ ਦੌਰਾਨ ਸ੍ਰੀ ਅੰਮ੍ਰਿਤਸਰ ਦੇ ਲੰਮਾ ਸਮਾਂ ਡਿਪਟੀ ਕਮਿਸ਼ਨਰ ਰਹੇ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੂੰ ਵੀ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਤੇਜਿੰਦਰ ਸਿੰਘ ਪੱਡਾ, ਐਸ.ਡੀ.ਐਮ. ਸ੍ਰੀ ਵਿਕਾਸ ਹੀਰਾ, ਵਧੀਕ ਮੈਨੇਜਰ ਸ. ਰਜਿੰਦਰ ਸਿੰਘ ਰੂਬੀ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।