ਅੰਮ੍ਰਿਤਸਰ, ੬ ਮਾਰਚ-  ਪੰਜਾਬ ਵਿਧਾਨ ਸਭਾ ਦੀਆਂ ਲੰਘੀਆਂ ਚੋਣਾਂ ਦੌਰਾਨ ਡੇਰਾ ਸਿਰਸਾ ਵਿਖੇ ਗਏ ਸਿੱਖ ਰਾਜਨੀਤਿਕ ਆਗੂਆਂ ਦੀ ਪੜਤਾਲ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਬਣਾਈ ਗਈ ਜਾਂਚ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਨੂੰ ਰਿਪੋਰਟ ਸੌਂਪ ਦਿੱਤੀ ਗਈ।
ਅੱਜ ਦੁਪਹਿਰ ਸਮੇਂ ਜਾਂਚ ਕਮੇਟੀ ਦੇ ਮੈਂਬਰ ਸ. ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ ਤੇ ਭਾਈ ਗੁਰਚਰਨ ਸਿੰਘ ਗਰੇਵਾਲ ਅੰਤ੍ਰਿੰਗ ਮੈਂਬਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ, ਜਿਥੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜੀ ਨੂੰ ਜਾਂਚ ਰਿਪੋਰਟ ਸੌਂਪ ਦਿੱਤੀ। ਜਾਂਚ ਕਮੇਟੀ ਪਾਸੋਂ ਰਿਪੋਰਟ ਪ੍ਰਾਪਤ ਕਰਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਨੇ ਕਿਹਾ ਕਿ ਰਿਪੋਰਟ ਪੜ੍ਹ ਕੇ ਸਿੰਘ ਸਾਹਿਬਾਨ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਅਗਲੀ ਮੀਟਿੰਗ ਰੱਖੀ ਜਾਵੇਗੀ, ਜਿਸ ਵਿਚ ਇਸ ਸਬੰਧੀ ਫੈਸਲਾ ਲਿਆ ਜਾਵੇਗਾ।