ਨੌਜੁਆਨੀ ਨੂੰ ਸਿੱਖ ਵਿਰਸੇ ਅਤੇ ਇਤਿਹਾਸ ਨਾਲ ਜੋੜਨ ਲਈ ਸੰਯੁਕਤ ਉਪਰਾਲੇ ਕੀਤੇ ਜਾਣ –ਗਿਆਨੀ ਜਗਤਾਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 25 ਦਸੰਬਰ- ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲੇ ਸਮਾਗਮਾਂ ਦੇ ਸੰਪੂਰਨ ਹੋਣ ਅਤੇ ੩੫੧ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਫੂਲਾ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਲਿਆ। ਸਜੇ ਦੀਵਾਨਾਂ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਬੈਂਕਾ, ਭਾਈ ਗੁਰਵਿੰਦਰ ਸਿੰਘ, ਭਾਈ ਮਨਿੰਦਰ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਮੌਕੇ ਗਿਆਨੀ ਅਮਰਜੀਤ ਸਿੰਘ ਗੁਲਸ਼ਨ ਵੱਲੋਂ ਗੁਰੂ ਸਾਹਿਬ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ। ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਉੱਘੀਆਂ ਧਾਰਮਿਕ ਤੇ ਰਾਜਸੀ ਸ਼ਖਸੀਅਤਾਂ ਨੇ ਹਾਜ਼ਰੀ ਭਰੀ ਅਤੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਸਮੁੱਚੀ ਮਨੁੱਖਤਾ ਦੀ ਭਲਾਈ ਲਈ ਧਰਮ ਯੁੱਧ ਵਿਚ ਆਪਣਾ ਸਰਬੰਸ ਕੁਰਬਾਨ ਕਰਨ ਵਾਲੇ ਦਸਮ ਪਾਤਸ਼ਾਹ ਜੀ ਦਾ ਇਹ ਪ੍ਰਕਾਸ਼ ਦਿਹਾੜਾ ਸਮੁੱਚੇ ਵਿਸ਼ਵ ਵਿਚ ਵੱਸਦੇ ਸਿੱਖਾਂ ਵੱਲੋਂ ਸ਼ਰਧਾ ਸਹਿਤ ਮਨਾਇਆ ਗਿਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਕਰਦਿਆਂ ਕਿਹਾ ਕਿ ਕਲਗੀਧਰ ਵੱਲੋਂ ਵਰੋਸਾਈ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਉਪਰ ਖਾਲਸੇ ਦੀ ਸਾਜਣਾ ਨਾਲ ਇਸ ਧਰਤੀ ਉਪਰ ਮਨੁੱਖਤਾ ਲਈ ਭਾਈਚਾਰਕ ਸਾਂਝ ਦਾ ਨਵਾਂ ਇਤਿਹਾਸ ਸਿਰਜਿਆ ਗਿਆ। ਇਸ ਧਰਤੀ ਤੋਂ ਗੁਰੂ ਸਾਹਿਬ ਨੇ ਭਾਰਤੀ ਲੋਕਾਂ ਨੂੰ ਚੜ੍ਹਦੀ ਕਲਾ ਵਿਚ ਰਹਿ ਕੇ ਅਣਖ, ਸਵੈਮਾਣ ਅਤੇ ਗ਼ੈਰਤ ਭਰਪੂਰ ਜੀਵਨ ਜਿਊਣ ਦੀ ਜਾਚ ਸਿਖਾਈ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਿੱਥੇ ਲੋਕ ਮਾਨਸਿਕਤਾ ਨੂੰ ਬਲਵਾਨ ਬਣਾਉਣ ਲਈ ਆਤਮ ਰਸ ਅਤੇ ਬੀਰ ਰਸ ਨਾਲ ਭਰਪੂਰ ਸਾਹਿਤ ਦੀ ਸਿਰਜਣਾ ਕੀਤੀ, ਉਥੇ ਹੀ ਜ਼ੁਲਮ ਦਾ ਖਾਤਮਾ ਕਰਨ, ਹੱਕ-ਸੱਚ ਤੇ ਨਿਆਂ ਦੀ ਸਥਾਪਤੀ ਲਈ ਅਨੇਕਾਂ ਧਰਮ ਯੁੱਧ ਵੀ ਕੀਤੇ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੇ ਸ਼ਾਨਾਮੱਤੇ ਇਤਿਹਾਸ ਨੂੰ ਵਿਸ਼ਵ ਭਰ ਵਿਚ ਉਭਾਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਖ-ਵੱਖ ਇਤਿਹਾਸਕ ਦਿਹਾੜਿਆਂ ਅਤੇ ਸ਼ਤਾਬਦੀਆਂ ਨੂੰ ਵੱਡੇ ਪੱਧਰ ‘ਤੇ ਮਨਾਉਂਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕਲਗੀਧਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੁੱਚੇ ਸੰਸਾਰ ਵਿਚ ਵੱਖ-ਵੱਖ ਗੁਰ ਅਸਥਾਨਾਂ ਵਿਖੇ ਧਾਰਮਿਕ ਸਮਾਗਮ ਰਚ ਕੇ ਸੰਪੂਰਨਤਾ ਹੋਈ ਹੈ। ਉਨ੍ਹਾਂ ਨੇ ਦਸਮੇਸ਼ ਪਿਤਾ ਦੇ ੩੫੧ਵੇਂ ਪ੍ਰਕਾਸ਼ ਦਿਹਾੜੇ ਮੌਕੇ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਉਪਰ ਚੱਲਣ ਦੀ ਪ੍ਰੇਰਨਾ ਕੀਤੀ ਅਤੇ ਸਮੂਹ ਸਿੱਖ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੌਜੁਆਨੀ ਨੂੰ ਸਿੱਖ ਵਿਰਸੇ ਅਤੇ ਇਤਿਹਾਸ ਨਾਲ ਜੋੜਨ ਲਈ ਸੰਯੁਕਤ ਉਪਰਾਲੇ ਕੀਤੇ ਜਾਣ।
ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਇਸ ਮੁਬਾਰਕ ਦਿਹਾੜੇ ‘ਤੇ ਗੁਰੂ ਸਾਹਿਬ ਵੱਲੋਂ ਬਖਸ਼ੇ ਸਿੱਖੀ ਸਿਧਾਂਤਾਂ ਨੂੰ ਅਪਣਾ ਕੇ ਆਪਣੇ ਮਨਾਂ ਦੇ ਹਨ੍ਹੇਰਿਆਂ ਨੂੰ ਦੂਰ ਕਰਨ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਨੌਜੁਆਨੀ ਨੂੰ ਸੰਭਾਲਣ ਲਈ ਮਾਪਿਆਂ, ਅਧਿਆਪਕਾਂ ਅਤੇ ਸਿੱਖ ਸੰਸਥਾਵਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ।
ਸਮਾਗਮ ਵਿਚ ਮੈਂਬਰ ਪਾਰਲੀਮੈਂਟ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰਸੀਪਲ ਸੁਰਿੰਦਰ ਸਿੰਘ, ਸ. ਕਰਨੈਲ ਸਿੰਘ ਪੰਜੋਲੀ ਤੇ ਸ. ਦਿਲਜੀਤ ਸਿੰਘ ਭਿੰਡਰ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਗੁਰੂ ਸਾਹਿਬ ਵੱਲੋਂ ਦਰਸਾਏ ਹੱਕ-ਸੱਚ, ਇਮਾਨਦਾਰੀ, ਨਿਮਰਤਾ, ਮਨੁੱਖੀ ਸੇਵਾ ਦੇ ਸਿਧਾਂਤਾਂ ਨੂੰ ਅਮਲੀ ਰੂਪ ਵਿਚ ਅਪਣਾਉਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਚਾਰੇ ਸਾਹਿਬਜ਼ਾਦਿਆਂ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੀ ਧਰਤੀ ਦੇ ਇਤਿਹਾਸ ਤੋਂ ਜਾਣੂੰ ਕਰਾਉਣ ਤਾਂ ਜੋ ਬੱਚਿਆਂ ਅੰਦਰ ਕੌਮੀ ਤੇ ਪੰਥਕ ਭਾਵਨਾ ਦਾ ਪ੍ਰਸਾਰ ਹੋ ਸਕੇ। ਉਨ੍ਹਾਂ ਇਸ ਮੌਕੇ ਸਮੂਹ ਸੰਗਤਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਮੁੱਖ ਗ੍ਰੰਥੀ ਭਾਈ ਫੂਲਾ ਸਿੰਘ, ਮੈਂਬਰ ਪਾਰਲੀਮੈਂਟ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਵਿਧਾਇਕ ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ. ਬਲਜੀਤ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਕਰਨੈਲ ਸਿੰਘ ਪੰਜੋਲੀ ਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਤੇ ਸ. ਦਿਲਜੀਤ ਸਿੰਘ ਭਿੰਡਰ, ਵਧੀਕ ਸਕੱਤਰ ਮੀਡੀਆ ਸ. ਦਿਲਜੀਤ ਸਿੰਘ ਬੇਦੀ ਤੇ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਕੈਨੇਡਾ ਤੋਂ ਸ. ਬਲਬੀਰ ਸਿੰਘ ਚੰਗਿਆੜਾ, ਸ. ਹਰਦੇਵ ਸਿੰਘ ਐਡਵੋਕੇਟ, ਸ. ਜਰਨੈਲ ਸਿੰਘ ਜੌਲੀ, ਸ. ਗੁਰਿੰਦਰ ਸਿੰਘ ਗੋਗੀ ਸਾਬਕਾ ਮੈਂਬਰ, ਮੈਨੇਜਰ ਸ. ਰਣਜੀਤ ਸਿੰਘ, ਸ. ਸ਼ਮਸ਼ੇਰ ਸਿੰਘ ਚੇਅਰਮੈਨ, ਮਾਸਟਰ ਜਸਵਿੰਦਰ ਸਿੰਘ, ਮਾਸਟਰ ਹਰਜੀਤ ਸਿੰਘ, ਸ. ਕਿਸ਼ੋਰ ਸਿੰਘ ਬੰਗੜ, ਮੀਤ ਮੈਨੇਜਰ ਸ. ਲਖਵਿੰਦਰ ਸਿੰਘ, ਸੂਚਨਾ ਅਧਿਕਾਰੀ ਸ. ਹਰਦੇਵ ਸਿੰਘ, ਸ. ਰਣਬੀਰ ਸਿੰਘ, ਸ. ਬਲਕਾਰ ਸਿੰਘ, ਸ. ਜਗੀਰ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।