ਸ੍ਰੀ ਅਨੰਦਪੁਰ ਸਾਹਿਬ, ੦੮ ਫਰਵਰੀ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੁਆਬਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਅੰਦਰ ਧਰਮ ਪ੍ਰਚਾਰ ਲਹਿਰ ਨੂੰ ਸਰਗਰਮ ਕਰਨ ਲਈ ਖਾਲਸੇ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਵਿਖੇ ੧੧ ਫਰਵਰੀ ਨੂੰ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਲਵਾ ਅਤੇ ਮਾਝਾ ਵਿਖੇ ਗੁਰਮਤਿ ਪ੍ਰਚਾਰ ਸਬੰਧੀ ਵਹੀਰ ਦੀ ਆਰੰਭਤਾ ਤੋਂ ਬਾਅਦ ੧੧ ਫਰਵਰੀ ਨੂੰ ਦੁਆਬਾ ਖੇਤਰ ਲਈ ਗੁਰਮਤਿ ਪ੍ਰਚਾਰ ਲਹਿਰ ਦੀ ਆਰੰਭਤਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਵਰ੍ਹੇ ਦੀ ਗੁਰਮਤਿ ਪ੍ਰਚਾਰ ਲਹਿਰ ਤਹਿਤ ਪਿੰਡ ਪੱਧਰ ਤਕ ਪਹੁੰਚ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਸਿੱਖਿਆ ਦਾ ਪ੍ਰਚਾਰ ਵੱਡੀ ਪੱਧਰ ‘ਤੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ੧੧ ਫਰਵਰੀ ਨੂੰ ਸਵੇਰੇ ੧੦ ਵਜੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋ ਰਹੇ ਗੁਰਮਤਿ ਸਮਾਗਮ ਵਿਚ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ, ਰਾਗੀ, ਢਾਡੀ, ਕਵੀਸ਼ਰ ਤੇ ਕੌਮ ਦੇ ਪ੍ਰਚਾਰਕ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਅਤੇ ਗੁਰਬਾਣੀ ਕੀਰਤਨ ਦੀ ਸਾਂਝ ਪਾਉਣਗੇ। ਸ. ਬੇਦੀ ਨੇ ਦੱਸਿਆ ਕਿ ਭਲਕੇ ੯ ਫਰਵਰੀ ਨੂੰ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਵੀ ਰੱਖੀ ਗਈ ਹੈ, ਜੋ ਕੁਰੂਕਸ਼ੇਤਰ (ਹਰਿਆਣਾ) ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਹੋਏਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਣ ਵਾਲੀ ਇਸ ਮੀਟਿੰਗ ਵਿਚ ਧਰਮ ਪ੍ਰਚਾਰ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ।