ਸ੍ਰੀ ਅੰਮ੍ਰਿਤਸਰ: 15 ਜੂਨ () ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ‘ਸਿੱਖੀ ਸਰੂਪ ਮੇਰਾ ਅਸਲੀ ਰੂਪ’ ਪ੍ਰੋਗਰਾਮ ਤਹਿਤ ਪ੍ਰਣ ਪੱਤਰ ਭਰਨ ਵਾਲੇ ਬੱਚਿਆਂ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ੧੬ ਜੂਨ ਨੂੰ ਸਨਮਾਨਿਤ ਕੀਤਾ ਜਾਵੇਗਾ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਸਿੱਖੀ ਸਰੂਪ ਮੇਰਾ ਅਸਲੀ ਰੂਪ’ ਲਹਿਰ ਨੂੰ ਪ੍ਰਚੰਡ ਕਰਦੇ ਹੋਏ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਵੱਲੋਂ ਵੱਖ-ਵੱਖ ਸਕੂਲਾਂ ‘ਚ ਜਾ ਕੇ ਸਿੱਖੀ ਤੋਂ ਦੂਰ ਜਾ ਚੁੱਕੇ ਪਤਿਤ ਨੌਜਵਾਨ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ (ਸਿੱਖੀ) ਬਾਰੇ ਸਮਝਾ ਕੇ ਮੁੜ ਸਾਬਤ ਸੂਰਤ ਸਿੱਖੀ ਸਰੂਪ ਵਿੱਚ ਲਿਆਉਣ ਲਈ ਪ੍ਰਣ ਲਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਪਤਿਤਪੁਣੇ ਤੋਂ ਬਚਾਉਣ ਲਈ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਦੇ ਪ੍ਰਚਾਰਕਾਂ ਵੱਲੋਂ ੩੦੦ ਸਕੂਲਾਂ ਦੇ ਤਕਰੀਬਨ ੧੬ ਹਜ਼ਾਰ ਬੱਚਿਆਂ ਤੋਂ ਪ੍ਰਣ ਪੱਤਰ ਭਰਵਾਏ ਗਏ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚੋਂ ੧੦ਵੀਂ, +੧ ਅਤੇ +੨ ਦੇ ਕਰੀਬ ੩ ਹਜ਼ਾਰ ਬੱਚਿਆਂ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਇੰਦਰਜੀਤ ਸਿੰਘ ਗੋਗੋਆਣੀ ਤੇ ਸ. ਸਰਬਜੀਤ ਸਿੰਘ ਖੇਤੀ ਬਾੜੀ ਯੂਨੀਵਰਸਿਟੀ ਲੁਧਿਆਣਾ ਬੱਚਿਆਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ।