ਅੰਮ੍ਰਿਤਸਰ, 15 ਸਤੰਬਰ– ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਨਵ-ਨਿਯੁਕਤ ਹੋਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕ ਸਮਾਗਮ ਦੌਰਾਨ ਦਿੱਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਮੁੱਖ ਸਕੱਤਰ ਡਾ. ਰੂਪ ਸਿੰਘ, ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਸ. ਨਿਰਮਲ ਸਿੰਘ, ਮੈਂਬਰ ਸ. ਰਣਜੀਤ ਸਿੰਘ ਕਾਹਲੋਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।
ਇਸ ਮਗਰੋਂ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਸਿੱਖ ਕੌਮ ਦੇ ਪ੍ਰਬੁੱਧ ਚਿੰਤਕ ਹੋਣ ਨਾਤੇ ਸਿੱਖ ਮਸਲਿਆਂ ਸਬੰਧੀ ਡੂੰਘੀ ਸਮਝ ਰੱਖਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਗੁਰੂ ਪੰਥ ਵੱਲੋਂ ਮਿਲੀ ਜ਼ੁੰਮੇਵਾਰੀ ਇਹ ਕੌਮੀ ਭਾਵਨਾਵਾਂ ਅਨੁਸਾਰ ਨਿਭਾਉਣਗੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਅਸਥਾਨ ਹੈ, ਜਿਸ ਦਾ ਸਿੱਖ ਕੌਮ ਅੰਦਰ ਬੇਹੱਦ ਸਤਿਕਾਰ ਹੈ। ਗਿਆਨੀ ਗੌਹਰ-ਏ-ਮਸਕੀਨ ਨੂੰ ਸਿੱਖ ਕੌਮ ਦੇ ਇਸ ਮਹਾਨ ਤਖ਼ਤ ਦੀ ਸੇਵਾ ਇਨ੍ਹਾਂ ਦੀਆਂ ਕੌਮ ਪ੍ਰਤੀ ਸੇਵਾਵਾਂ ਦਾ ਫਲ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਕੌਮ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ੫੫੦ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹਾਂ ਤਾਂ ਇਸ ਮੌਕੇ ਗਿਆਨੀ ਗੌਹਰ-ਏ-ਮਸਕੀਨ ਨੂੰ ਕੌਮ ਦੀ ਵੱਡੀ ਜ਼ੁੰਮੇਵਾਰੀ ਮਿਲਣੀ ਖ਼ਾਸ ਅਹਿਮੀਅਤ ਰੱਖਦੀ ਹੈ। ਇਸ ਸਮੇਂ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੇ ਪੰਥ ਵੱਲੋਂ ਦਿੱਤੀਆਂ ਗਈਆਂ ਸੇਵਾਵਾਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਯਤਨ ਕਰਨਗੇ ਕਿ ਪੰਥ ਵੱਲੋਂ ਪ੍ਰਗਟਾਏ ਗਏ ਭਰੋਸੇ ‘ਤੇ ਖਰਾ ਉਤਰ ਸਕਣ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਸਨਮਾਨ ਲਈ ਧੰਨਵਾਦ ਕੀਤਾ ਅਤੇ ਸਮੁੱਚੇ ਵਿਸ਼ਵ ਅੰਦਰ ਵਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ੫੫੦ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸੁਲਤਾਨਪੁਰ ਲੋਧੀ ਵਿਖੇ ਪੁੱਜਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਰਣਜੀਤ ਸਿੰਘ ਕਾਹਲੋਂ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਜਸਪਾਲ ਸਿੰਘ ਢੱਡੇ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਸ. ਨਿਰਮਲ ਸਿੰਘ ਪ੍ਰਧਾਨ ਚੀਫ ਖਾਲਸਾ ਦੀਵਾਨ, ਸ. ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਸ. ਪ੍ਰਦੀਪ ਸਿੰਘ ਵਾਲੀਆ, ਸ. ਭਗਵੰਤਪਾਲ ਸਿੰਘ ਸੱਚਰ ਆਦਿ ਮੌਜੂਦ ਸਨ।