ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ ਸ਼ੁਕਰਨਾ ਸਮਾਗਮਾਂ ਦੀ ਸੰਪੂਰਨਤਾ


ਪਟਨਾ ਸਾਹਿਬ, ੨੬ ਦਸੰਬਰ ( )- ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਪੁਰਬ ਦੇ ਸ਼ੁਕਰਾਨਾ ਸਮਾਗਮਾਂ ਦੀ ਸੰਪੂਰਨਤਾ ਅਤੇ ੩੫੧ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਤੀ ਰਾਤ ਦੇ ੧:੦੦ ਵਜੇ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨੀਤਿਸ਼ ਕੁਮਾਰ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋ ਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਨੇ ਤਖ਼ਤ ਸਾਹਿਬ ਵਿਖੇ ਸਵੇਰੇ ੩:੦੦ ਵਜੇ ਤਕ ਰਹਿ ਕੇ ਗੁਰੂ ਸਾਹਿਬ ਦਾ ਸ਼ੁਕਰਨਾ ਅਦਾ ਕੀਤਾ।
ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ੍ਰੀ ਨੀਤਿਸ਼ ਕੁਮਾਰ ਨੂੰ ‘ਸੇਵਾ ਰਤਨ’ ਐਵਾਰਡ ਨਾਲ ਸਨਮਾਨਿਤ ਕੀਤਾ। ਗਿਆਨੀ ਇਕਬਾਲ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ, ਨਿਹੰਗ ਸਿੰਘ ਜਥੇਬੰਦੀਆਂ ਤੇ ਸਭਾ ਸੁਸਾਇਟੀਆਂ ਲਈ ਵੀ ਧੰਨਵਾਦ ਦੇ ਸ਼ਬਦ ਕਹੇ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਸਭ ਦਾ ਧੰਨਵਾਦ ਕੀਤਾ।
ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਵਿਚ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਬਾਬਾ ਬਲਬੀਰ ਸਿੰਘ ਸਿੰਘ ਮੁੱਖੀ ਬੁੱਢਾ ਦਲ, ਬਾਬਾ ਅਵਤਾਰ ਸਿੰਘ ਸੁਰਸਿੰਘ ਮੁਖੀ ਦਲ ਬਾਬਾ ਬਿਧੀ ਚੰਦ, ਬਾਬਾ ਮਹਿੰਦਰ ਸਿੰਘ ਯੂ.ਕੇ. ਨਿਸ਼ਕਾਮ ਸੇਵਕ ਜਥਾ, ਭਾਈ ਗੁਰਇਕਬਾਲ ਸਿੰਘ, ਭਾਈ ਚਮਨ ਸਿੰਘ, ਡਾ. ਰੂਪ ਸਿੰਘ ਮੁੱਖ ਸਕੱੱਤਰ ਸ਼੍ਰੋਮਣੀ ਕਮੇਟੀ, ਅੰਤ੍ਰਿੰਗ ਕਮੇਟੀ ਮੈਂਬਰ ਐਡਵੋਕੇਟ ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਮੀਤ ਸਿੰਘ ਬੂਹ, ਭਾਈ ਰਾਜਿੰਦਰ ਸਿੰਘ ਮਹਿਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਐਸ. ਐਸ. ਆਹੂਲਵਾਲੀਆ ਕੇਂਦਰੀ ਮੰਤਰੀ, ਬਿਹਾਰ ਸਰਕਾਰ ਦੇ ਮੰਤਰੀ, ਪ੍ਰਸ਼ਾਸਨਿਕ ਅਧਿਕਾਰੀ ਤੇ ਪੁਲਿਸ ਅਧਿਕਾਰੀ ਅਤੇ ਹੋਰ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।