ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ

ਅੰਮ੍ਰਿਤਸਰ, 4 ਮਈ-
ਸਿੱਖ ਕੌਮ ਦੇ ਮਹਾਨ ਅਸਥਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਸ. ਭੁਪਿੰਦਰ ਸਿੰਘ ਮਿਨਹਾਸ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਨਾਲ ਬੋਰਡ ਦੇ ਮੈਂਬਰ ਸ. ਗੁਰਿੰਦਰ ਸਿੰਘ ਬਾਵਾ, ਸ. ਪਰਮਜੋਤ ਸਿੰਘ ਚਾਹਲ ਤੇ ਸ. ਗੁਰਦੀਪ ਸਿੰਘ ਭਾਟੀਆ ਵੀ ਮੌਜੂਦ ਸਨ। ਗੁਰੂ ਦਰ ਦੇ ਦਰਸ਼ਨਾਂ ਮਗਰੋਂ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਸ. ਮਿਨਹਾਸ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਸਾਹਿਬ ਦੀ ਕਿਰਪਾ ਸਦਕਾ ਸਿੱਖ ਪੰਥ ਦੀ ਵੱਡੀ ਜ਼ੁੰਮੇਵਾਰੀ ਮਿਲੀ ਹੈ ਅਤੇ ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਇਸ ਜ਼ੁੰਮੇਵਾਰੀ ਨੂੰ ਨਿਭਾਉਣ ਲਈ ਅਰਦਾਸ ਕੀਤੀ ਹੈ। ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਲਈ ਪੁੱਜਦੀਆਂ ਹਨ ਅਤੇ ਬੋਰਡ ਵੱਲੋਂ ਉਨ੍ਹਾਂ ਲਈ ਵਿਸ਼ੇਸ਼ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਲਦ ਹੀ ਤਖ਼ਤ ਸਾਹਿਬ ਵਿਖੇ ਇਕ ਵਿਸ਼ੇਸ਼ ਐਨ.ਆਰ.ਆਈ. ਨਿਵਾਸ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਵਿਚ 630 ਕਮਰੇ ਹੋਣਗੇ। ਇਸ ਨਿਵਾਸ ਦੇ 4 ਵਿੰਗ ਤਿਆਰ ਕੀਤੇ ਜਾਣਗੇ, ਜੋ ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਨਾਂ ’ਤੇ ਹੋਣਗੇ। ਇਸ ਤੋਂ ਇਲਾਵਾ 2500 ਬੱਚਿਆਂ ਲਈ ਇਕ ਅਧੁਨਿਕ ਸਕੂਲ ਵੀ ਤਿਆਰ ਕੀਤਾ ਜਾਵੇਗਾ।

ਸ. ਮਿਨਹਾਸ ਨੇ ਕਿਹਾ ਕਿ ਪ੍ਰਬੰਧਕੀ ਬੋਰਡ ਵੱਲੋਂ ਸਿੱਖ ਨੌਜੁਆਨਾਂ ਨੂੰ ਰੋਜ਼ਗਾਰ ਦੇਣ ਦੇ ਮੰਤਵ ਨਾਲ ਇਕ ਸ਼ਾਪਿੰਗ ਕੰਪਲੈਕਸ ਕਰਨ ਦੀ ਯੋਜਨਾ ਬਣਾਈ ਗਈ ਹੈ ਅਤੇ ਇਸ ਤੋਂ ਇਲਾਵਾ ਮੁਲਾਜ਼ਮਾਂ ਲਈ ਰਿਹਾਇਸ਼ੀ ਕੰਪਲੈਕਸ ਵੀ ਤਿਆਰ ਹੋਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰਿਆਂ ਕਾਰਜਾਂ ਸਬੰਧੀ ਵਿਉਂਤਬੰਦੀ ਕਰ ਲਈ ਗਈ ਹੈ, ਜਿਸ ਨੂੰ ਬੋਰਡ ਦੀ ਮੀਟਿੰਗ ਵਿਚ ਪ੍ਰਵਾਨਗੀ ਦਿੱਤੀ ਜਾਵੇਗੀ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਆਖਿਆ ਕਿ ਇਹ ਇਕ ਇਤਿਹਾਸਕ ਮੌਕਾ ਹੈ, ਜਿਸ ਵਿਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਤਖ਼ਤ ਸਾਹਿਬ ਵਿਖੇ ਵੀ ਉਚੇਚੇ ਸਮਾਗਮਾਂ ਕਰਵਾਏ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਨਰਲ ਸਕੱਤਰ ਸ. ਮਹਿੰਦਰਪਾਲ ਸਿੰਘ ਢਿੱਲੋਂ, ਮੈਂਬਰ ਸ. ਹਰਪਾਲ ਸਿੰਘ ਜੌਹਲ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਸ. ਅੰਮ੍ਰਿਤਪਾਲ ਸਿੰਘ, ਬੀਬੀ ਪਰਮਜੀਤ ਕੌਰ ਪਿੰਕੀ, ਸ. ਹਰਮੀਤ ਸਿੰਘ ਸਲੂਜਾ ਆਦਿ ਮੌਜੂਦ ਸਨ।