ਅੰਮ੍ਰਿਤਸਰ, 30 ਮਈ – ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਕਣਕ ਸਮੇਤ ਹੋਰ ਰਸਦਾਂ ਅਤੇ ਮਾਇਆ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਧਾਰਮਿਕ ਜਥੇਬੰਦੀਆਂ ਵੀ ਲੰਗਰ ਸੇਵਾ ਵਿਚ ਹਿੱਸਾ ਪਾ ਰਹੀਆਂ ਹਨ। ਇਸੇ ਤਹਿਤ ਹੀ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਵੱਲੋਂ ਅੱਜ ਦੂਸਰੀ ਵਾਰ ਰਸਦਾਂ ਅਤੇ ਮਾਇਆ ਭੇਜੀ ਗਈ ਹੈ। ਉਨ੍ਹਾਂ ਨੇ 101 ਕੁਇੰਟਲ ਕਣਕ, 40 ਕੁਇੰਟਲ ਦਾਲ ਅਤੇ 1 ਲੱਖ 25 ਹਜ਼ਾਰ ਰੁਪਏ ਦੀ ਰਾਸ਼ੀ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਭੇਜੀ ਹੈ। ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਵੱਲੋਂ ਰਸਦਾਂ ਲੈ ਕੇ ਪੁੱਜੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਜਥੇਦਾਰ ਜਰਨੈਲ ਸਿੰਘ ਅਤੇ ਬਾਬਾ ਬੋਹੜ ਸਿੰਘ, ਭਾਈ ਪ੍ਰਕਾਸ਼ ਸਿੰਘ, ਭਾਈ ਜਗਤਾਰ ਸਿੰਘ, ਭਾਈ ਜਸਪਾਲ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਭਾਈ ਮਹਿਤਾ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤ ਵੱਲੋਂ ਗੁਰੂ ਘਰ ਲਈ ਰਸਦਾਂ ਭੇਜਣ ਲਈ ਦਿਖਾਈ ਜਾ ਰਹੀ ਸ਼ਰਧਾ ਮਿਸਾਲੀ ਹੈ। ਸੰਗਤਾਂ ਵੱਲੋਂ ਲਗਾਤਾਰ ਸੇਵਾ ਭੇਜੀ ਜਾ ਰਹੀ ਹੈ। ਉਨ੍ਹਾਂ ਸਮੂਹ ਸੰਗਤਾਂ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਧੰਨਵਾਦ ਕੀਤਾ। ਇਸ ਮੌਕੇ ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਫੈਡਰੇਸ਼ਨ ਆਗੂ ਸ. ਅਮਰਬੀਰ ਸਿੰਘ ਢੋਟ, ਸਾਬਕਾ ਮੈਨੇਜਰ ਸ. ਜਤਿੰਦਰ ਸਿੰਘ ਆਦਿ ਮੌਜੂਦ ਸਨ।