ਅੰਮ੍ਰਿਤਸਰ, ੦੩ ਅਪ੍ਰੈਲ – ਗਰੀਬ ਅਤੇ ਲੋੜਵੰਦ ਸਿੱਖ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾਂ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਦੇਣ ਦੇ ਫੈਸਲੇ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਦਲਿਤ ਭਾਈਚਾਰੇ ਵੱਲੋਂ ਵਿਸ਼ੇਸ ਧੰਨਵਾਦ ਤੇ ਸਨਮਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਪਿਛਲੇ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਗਰੀਬ ਅਤੇ ਲੋੜਵੰਦ ਸਿੱਖ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾਂ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੀ ਭੇਟਾ ਅਤੇ ਗਰੀਬ ਸਿੱਖਾਂ ਦੀ ਮੌਤ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੀ ਭੇਟਾ ਸ਼੍ਰੋਮਣੀ ਕਮੇਟੀ ਵੱਲੋਂ ਦੇਣ ਦਾ ਫੈਸਲਾ ਕੀਤਾ ਸੀ, ਉਥੇ ਇਕ ਹੋਰ ਅਹਿਮ ਫ਼ੈਸਲੇ ਤਹਿਤ ਗਰੀਬ ਬਸਤੀਆਂ ਅਤੇ ਸਰਹੱਦੀ ਖੇਤਰਾਂ ਵਿਚ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਡਾਕਟਰੀ ਸਹੂਲਤਾਂ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਹ ਇਕ ਇਨਕਲਾਬੀ ਫੈਸਲਾ ਹੈ ਜੋ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਦਲਿਤ ਭਾਈਚਾਰੇ ਦੇ ਆਗੂ ਸ. ਹਰਜਿੰਦਰ ਸਿੰਘ ਜੱਖੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਵਿਚ ਸਮੁੱਚੇ ਦਲਿਤ ਭਾਈਚਾਰੇ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਵਿਸ਼ੇਸ ਸਨਮਾਨ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਦੀ ਧਰਤੀ ਤੇ ੪ ਅਪ੍ਰੈਲ ਨੂੰ ਕੀਤਾ ਜਾ ਰਿਹਾ ਹੈ। ਦਲਿਤ ਭਾਈਚਾਰੇ ਦੇ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਧਾਈ ਦੇ ਹੱਕਦਾਰ ਦਸਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਜਾਤ-ਪਾਤ ਦੀਆਂ ਵੰਡੀਆਂ ਤੋਂ ਉਪਰ ਚੁਕਦਿਆਂ ਹਮੇਸਾਂ ਗਰੀਬ ਤੇ ਲੋੜਵੰਦਾਂ ਦੀ ਸਹਾਇਤਾ ਲਈ ਪ੍ਰੇਰਿਆ ਹੈ। ਸ਼੍ਰੋਮਣੀ ਕਮੇਟੀ ਦਾ ਇਹ ਫੈਸਲਾ ਗੁਰਮਤਿ ਸਿਧਾਤਾਂ ਦੀ ਤਰਜਮਾਨੀ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਸਨਮਾਨ ਸਮਾਗਮ ਵਿਚ ਦਲਿਤ ਆਗੂ ਸ. ਮੇਲਾ ਸਿੰਘ ਜਨਰਲ ਸਕੱਤਰ ਜ਼ਿਲ੍ਹਾ ਮਾਨਸਾ, ਸ. ਹਰਵਿੰਦਰ ਸਿੰਘ ਨਥਾਣਾ ਐਮ.ਸੀ., ਸ. ਜਗਸੀਰ ਸਿੰਘ ਨਥਾਣਾ ਐਮ.ਸੀ., ਕਿਰਪਾਲ ਸਿੰਘ ਨਥਾਣਾ ਐਮ.ਸੀ. ਵਿਸ਼ੇਸ ਤੌਰ ਤੇ ਹਾਜ਼ਰ ਰਹਿਣਗੇ।