sਅੰਮ੍ਰਿਤਸਰ – 2 ਜਨਵਰੀ (         ) –  
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਮੌਜੂਦਾ ਸਮੇਂ ਦੀ ਸਿੱਖ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਦੇ ਸਿਧਾਂਤਾਂ ਨਾਲ ਜੋੜਨ, ਸਿੱਖ ਇਤਿਹਾਸ ਤੇ ਫਲਸਫੇ ਦੀ ਜਾਣਕਾਰੀ ਦੇਣ ਦੇ ਉਦੇਸ਼ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 10 ਜਨਵਰੀ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖ ਚੇਤਨਾ ਸਮਾਗਮ ਕਰਵਾਇਆ ਜਾ ਰਿਹਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀਆਂ ਸਮੁੱਚੀਆਂ ਵਿਦਿਅਕ ਸੰਸਥਾਵਾਂ ਨਾਲ ਸਬੰਧਤ ਭਾਰੀ ਗਿਣਤੀ ਵਿਚ ਵਿਦਿਆਰਥੀ ਸ਼ਮੂਲੀਅਤ ਕਰਕੇ ਚੜ੍ਹਦੀ ਕਲਾ ਦਾ ਪ੍ਰਗਟਾਵਾ ਕਰਨਗੇ। ਉਨ੍ਹਾਂ ਨੇ ਆਯੋਜਿਤ ਕੀਤੇ ਜਾਣ ਵਾਲੇ ਸਿੱਖ ਚੇਤਨਾ ਸਮਾਗਮ ਦੀ ਰੂਪ-ਰੇਖਾ ਸਬੰਧੀ ਦੱਸਿਆ ਕਿ ਸਮਾਗਮ ਦੀ ਆਰੰਭਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ, ਮਾਤਾ ਗੁਜਰੀ ਕਾਲਜ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਹੋਵੇਗੀ। ਇਸ ਤੋਂ ਬਾਅਦ ਗੁਰੂ ਨਾਨਕ ਕਾਲਜ ਬੁਢਲਾਡਾ ਅਤੇ ਗੁਰੂ ਨਾਨਕ ਖਾਲਸਾ ਕਾਲਜ ਫਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਵੱਲੋਂ ਕਵੀਸ਼ਰੀ ਦੀ ਪੇਸ਼ਕਾਰੀ ਕੀਤੀ ਜਾਵੇਗੀ। ਮਾਤਾ ਗੁਜਰੀ ਕਾਲਜ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫਤਿਹਗੜ੍ਹ ਸਾਹਿਬ ਦੇ ਵਿਦਿਆਰਥੀ ਦਸਮੇਸ਼ ਪਿਤਾ ਜੀ ਦੇ ਜੀਵਨ ਨਾਲ ਸਬੰਧਤ ਧਾਰਮਿਕ ਕਵਿਤਾਵਾਂ ਵੀ ਗਾਇਨ ਕਰਨਗੇ। ਇਸੇ ਤਰ੍ਹਾਂ ਗੁਰੂ ਨਾਨਕ ਕਾਲਜ ਬੁਢਲਾਡਾ ਤੇ ਖਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਬੀਰ ਰਸੀ ਵਾਰਾਂ ਵੀ ਗਾਈਆਂ ਜਾਣਗੀਆਂ। ਸਿੱਖ ਨੌਜਵਾਨ ਚੇਤਨਾ ਸਮਾਗਮ ਵਿਚ ਮਾਤਾ ਗੁਜਰੀ ਕਾਲਜ ਸ੍ਰੀ ਫਤਿਹਗੜ੍ਹ ਸਾਹਿਬ ਦੇ ਵਿਦਿਆਰਥੀਆਂ ਵੱਲੋਂ ਭਾਵਪੂਰਤ ਕੋਰੀਓਗ੍ਰਾਫੀ ਦੀ ਪੇਸ਼ਕਾਰੀ ਕੀਤੀ ਜਾਵੇਗੀ। ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਆਪਕ ਸਾਹਿਬਾਨ ਵੱਲੋਂ ਖੋਜ ਭਰਪੂਰ ਪਰਚੇ ਵੀ ਪੜ੍ਹੇ ਜਾਣਗੇ।

ਉਨ੍ਹਾਂ ਇਹ ਵੀ ਦੱਸਿਆ ਕਿ ਸਿੱਖ ਚੇਤਨਾ ਸਮਾਗਮ ਦੌਰਾਨ ਇਕੱਤਰ ਹੋਏ ਨੌਜਵਾਨਾਂ ਵਿਚ ਬੀਰ ਰਸ ਪੈਦਾ ਕਰਨ ਦੇ ਮਨੋਰਥ ਨਾਲ ਸਿੱਖ ਮਾਰਸ਼ਲ ਆਰਟ (ਗਤਕਾ) ਦਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ ਅਤੇ ਵੱਖ-ਵੱਖ ਸਕੂਲਾਂ ਦੀਆਂ ਬੈਂਡ ਟੀਮਾਂ ਵੀ ਭਾਗ ਲੈਣਗੀਆਂ।