ਅੰਮ੍ਰਿਤਸਰ 14 ਸਤੰਬਰ (        ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਤੀਜਾ ਗੁਰਮਤਿ ਸਮਾਗਮ ਗੁਰਦੁਆਰਾ ਲੋਹਗੜ੍ਹ ਸਾਹਿਬ ਪਾਤਸ਼ਾਹੀ ਦਸਵੀਂ, ਪਿੰਡ ਦੀਨਾ, ਮੋਗਾ (ਜਿਥੇ ਬੈਠ ਕੇ ਦਸਮ ਪਿਤਾ ਨੇ ਔਰਗਜ਼ੇਬ ਨੂੰ ਜ਼ਫਰਨਾਮਾ ਲਿਖਿਆ ਸੀ) ਵਿਖੇ ੧੬ ਸਤੰਬਰ ੨੦੧੬ ਦਿਨ ਸ਼ੁੱਕਰਵਾਰ ਨੂੰ ਸਵੇਰੇ ੧੦ ਤੋਂ ਦੁਪਹਿਰ ੩ ਵਜੇ ਤੀਕ ਕਰਵਾਇਆ ਜਾਵੇਗਾ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰਮਤਿ ਸਮਾਗਮ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ।ਸ. ਬੇਦੀ ਨੇ ਕਿਹਾ ਕਿ ਭਾਈ ਰਣਧੀਰ ਤੇ ਭਾਈ ਇੰਦਰਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ।ਉਨ੍ਹਾਂ ਕਿਹਾ ਕਿ ਭਾਈ ਮਿਲਖਾ ਸਿੰਘ ਮੌਜੀ, ਭਾਈ ਹਰਪਾਲ ਸਿੰਘ ਢੰਡ, ਭਾਈ ਗੁਰਨਾਮ ਸਿੰਘ ਕਲਾਨੌਰ ਤੇ ਭਾਈ ਗੁਰਿੰਦਰਪਾਲ ਸਿੰਘ ਬੈਂਕਾ ਦੇ ਢਾਡੀ ਤੇ ਕਵੀਸ਼ਰੀ ਜਥਿਆਂ ਵੱਲੋਂ ਸੰਗਤਾਂ ਨੂੰ ਸਿੱਖ ਇਤਿਹਾਸ ਸਰਵਣ ਕਰਵਾਇਆ ਜਾਵੇਗਾ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰਮਤਿ ਸਮਾਗਮ ਸਮੇਂ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਸਤਿਗੁਰਾਂ ਦੀਆਂ ਖੁਸ਼ੀਆਂ ਦੇ ਪਾਤਰ ਬਣਨ।