ਕਾਲਜ ਕਮੇਟੀ ਦੇ ਚੇਅਰਮੈਨ ਨੂੰ ਸਰਕਾਰ ਤੁਰੰਤ ਬਰਖਾਸਤ ਕਰੇ- ਭਾਈ ਲੌਂਗੋਵਾਲ

ਅੰਮ੍ਰਿਤਸਰ, 2 ਮਈ- ਦਿੱਲੀ ਦੇ ਦਿਆਲ ਸਿੰਘ ਕਾਲਜ ਦਾ ਨਾਂ ਵੰਦੇ ਮਾਤਰਮ ਦਿਆਲ ਸਿੰਘ ਕਾਲਜ ਕਰ ਦੇਣ ਦੇ ਸਾਹਮਣੇ ਆਏ ਮਾਮਲੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੀ ਇਸ ਹਰਕਤ ਨੂੰ ਨਿੰਦਿਆ ਹੈ। ਉਨ੍ਹਾਂ ਬਾਰ-ਬਾਰ ਕਾਲਜ ਦਾ ਨਾਂ ਬਦਲਣ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ ਖਿਲਾਫ ਸਰਕਾਰ ਪਾਸੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਦੀ ਸੰਸਦ ਵਿੱਚ ਮਨੁਖੀ ਸਰੋਤ ਵਿਕਾਸ ਮੰਤਰੀ ਸ੍ਰੀ ਪ੍ਰਕਾਸ਼ ਜਾਵੜੇਕਰ ਦੇ ਸਪੱਸ਼ਟ ਲਫ਼ਜਾਂ ਵਿੱਚ ਕਾਲਜ ਦਾ ਨਾਂ ਦਿਆਲ ਸਿੰਘ ਕਾਲਜ ਹੀ ਰੱਖਣ ਦਾ ਭਰੋਸਾ ਦੇਣ ਤੋਂ ਬਾਅਦ ਵੀ ਕਾਲਜ ਦੇ ਨਾਂ ਨਾਲ ਛੇੜ-ਛਾੜ ਕਰਨੀ ਸੰਸਦ ਦੀ ਤੌਹੀਨ ਹੈ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਲਿਖੇ ਗਏ ਇਕ ਪੱਤਰ ਦੇ ਜਵਾਬ ਵਿੱਚ ਵੀ ਸ੍ਰੀ ਜਾਵੜੇਕਰ ਨੇ ਕਾਲਜ ਦਾ ਨਾਂ ਦਿਆਲ ਸਿੰਘ ਕਾਲਜ ਹੀ ਰੱਖਣ ਦੀ ਗੱਲ ਆਖੀ ਸੀ। ਉਨ੍ਹਾਂ ਕਿਹਾ ਕਿ ਕਾਲਜ ਕਮੇਟੀ ਦੇ ਚੇਅਰਮੈਨ ਅਮਿਤਾਭ ਸਿਨਹਾ ਇਸ ਮਾਮਲੇ ਵਿੱਚ ਦੋਸ਼ੀ ਹਨ ਅਤੇ ਸਰਕਾਰ ਉਸ ਨੂੰ ਅਹੁਦੇ ਤੋਂ ਤੁਰੰਤ ਬਰਖਾਸਤ ਕਰੇ।