ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣਾ ਮੁੱਖ ਉਦੇਸ਼-ਭਾਈ ਲੌਂਗੋਵਾਲ

ਅੰਮ੍ਰਿਤਸਰ, ੨੨ ਫਰਵਰੀ-ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਦਿੱਲੀ ਯੂਨੀਵਰਸਿਟੀ ਦੇ ਮਾਸਟਰ ਤਾਰਾ ਸਿੰਘ ਆਡੀਟੋਰੀਅਮ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ ਸਹਿਯੋਗ ਨਾਲ ਦੋ ਰੋਜ਼ਾ ਇੰਟਰਨੈਸ਼ਨਲ ਕਾਰਫਰੰਸ ਔਨ ਗੁਰੂ ਨਾਨਕ ਦੇਵ : ਫਿਲਾਸਫੀ ਅਤੇ ਲੈਗੇਸੀ ਦਾ ਆਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ। ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ ਸ. ਹਰਦੀਪ ਸਿੰਘ ਪੁਰੀ ਰਾਜ ਸਰਕਾਰ ਮੰਤਰੀ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਪੰਜਾਬ ਅਤੇ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਲਗਾਤਾਰ ਗੁਰਮਤਿ ਸਮਾਗਮ ਕਰਵਾਏ ਜਾ ਰਹੇ, ਜਿਨ੍ਹਾਂ ਦਾ ਮੁੱਖ ਉਦੇਸ਼ ਦੇਸ਼ ਦੇ ਕੋਨੇ ਕੋਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਤੇ ਪ੍ਰਸਾਰ ਕਰਨਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਮੰਤਵ ਲਈ ਪੁਰਜ਼ੋਰ ਪ੍ਰਚਾਰ ਸਰਗਰਮ ਹੈ। ਇਸ ਮੌਕੇ ‘ਤੇ ਭਾਈ ਲੌਂਗੋਵਾਲ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡਾ. ਜਸਵਿੰਦਰ ਸਿੰਘ ਪ੍ਰਿੰਸੀਪਲ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦਿੱਲੀ, ਸ. ਤਰਲੋਚਨ ਸਿੰਘ ਚੇਅਰਮੈਨ ਕਾਲਜ ਗਵਰਨਿੰਗ ਬਾਡੀ, ਸ. ਨਵਤੇਜ ਸਿੰਘ ਸਰਨਾ ਆਈ.ਐਫ.ਐਸ. ਯੂ.ਐਸ.ਏ., ਸ. ਹਰਮੀਤ ਸਿੰਘ ਕਾਲਕਾ ਐਕਟਿੰਗ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਮਨਜਿੰਦਰ ਸਿੰਘ ਸਿਰਸਾ ਜਨਰਲ ਸਕੱਤਰ ਦਿੱਲੀ ਕਮੇਟੀ, ਸ. ਦਰਸ਼ਨ ਸਿੰਘ ਲੌਂਗੋਵਾਲ ਪੀਏ. ਅਤੇ ਹੋਰ ਸ਼ਾਮਲ ਸਨ।