images ਅੰਮ੍ਰਿਤਸਰ 21 ਅਪ੍ਰੈਲ (      ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਿੱਖ ਮਿਸ਼ਨ ਜੰਮੂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਦੇ ਸਬੰਧ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਗਏ।ਇਨ੍ਹਾਂ ਸਮਾਗਮਾਂ ਦਾ ਆਯੋਜਨ ਵਿਜੈਪੁਰ, ਨੰਦਗੜ੍ਹ, ਰੈਕਾ, ਬੰਦਰਾਲ, ਕਲਾਰੀਆਂ ਤੇ ਸਲਾਰੀਆਂ ਵਿਖੇ ਕੀਤਾ ਗਿਆ। ਅੰਮ੍ਰਿਤ ਸੰਚਾਰ ਸਮਾਗਮ ਗੁਰਦੁਆਰਾ ਸਿੰਘ ਸਭਾ ਰਾਮਗੜ੍ਹ ਵਿਖੇ ਹੋਏ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪੁੱਜੇ ਪੰਜ ਪਿਆਰਿਆਂ ਨੇ ਅੰਮ੍ਰਿਤ ਦਾ ਬਾਟਾ ਤਿਆਰ ਕੀਤਾ ਤੇ ੨੩੬ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੁ ਵਾਲੇ ਬਣੇ।ਸਮਾਗਮ ਵਿੱਚ ਜੁੜੀਆਂ ਸੰਗਤਾਂ ਨੂੰ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ।ਭਾਈ ਸਵਰਨ ਸਿੰਘ ਖਾਲਸਾ ਇੰਚਾਰਜ ਸਿੱਖ ਮਿਸ਼ਨ ਜੰਮੂ ਅਤੇ ਭਾਈ ਸਰਤਾਜ ਸਿੰਘ ਖਾਲਸਾ ਨੇ ਕਥਾ ਵਖਿਆਨ ਦੁਆਰਾ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ।
ਸਮਾਗਮ ਵਿਚ ਉਚੇਚੇ ਤੌਰ ਤੇ ਪਹੁੰਚੇ ਸ੍ਰ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਦੇ ਸਬੰਧ ਵਿੱਚ ਵੱਖ-ਵੱਖ ਸ਼ਹਿਰਾਂ ਵਿੱਚ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮਾਂ ਦੀ ਲੜੀ ਚਲਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਨੇ ਆਪ ਇਸ ਸਮਾਗਮ ਵਿੱਚ ਸ਼ਾਮਲ ਹੋ ਕੇ ਸੰਗਤਾਂ ਦੇ ਦਰਸ਼ਨ ਕਰਨੇ ਸਨ, ਪਰ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਣ ਮੈਨੂੰ ਇਸ ਸਮਾਗਮ ਵਿੱਚ ਹਾਜਰੀ ਭਰਨ ਦਾ ਹੁਕਮ ਹੋਇਆ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਨੁਮਾਇੰਦਾ ਜਮਾਤ ਹੈ ਤੇ ਇਹ ਸੰਸਥਾ ਸਮੇਂ-ਸਮੇਂ ਦੇਸ਼ ਵਿੱਚ ਆਈਆਂ ਕੁਦਰਤੀ ਆਫ਼ਤਾਂ ਸਮੇਂ ਆਪਣੇ ਗੁਰੂ ਸਾਹਿਬ ਵੱਲੋਂ ਬਖਸ਼ੇ ਸਿਧਾਂਤ ਅਨੁਸਾਰ ਬਿਨਾ ਕਿਸੇ ਭੇਦ ਭਾਵ ਦੇ ਹਰ ਤਰ੍ਹਾਂ ਦੀ ਮਦਦ ਤੇ ਸੇਵਾ ਕਰਦੀ ਰਹਿੰਦੀ ਹੈ।ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਜੰਮੂ ਕਸ਼ਮੀਰ ਵਿਖੇ ਹੜ੍ਹਾਂ ਨਾਲ ਹੋਈ ਭਾਰੀ ਤਬਾਹੀ ਕਾਰਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਤਾਰ ੪ ਮਹੀਨੇ ਲੰਗਰ, ਰਿਹਾਇਸ਼, ਕੱਪੜੇ ਆਦਿ ਅਤੇ ਫਰੀ ਮੈਡੀਕਲ ਕੈਂਪ ਲਗਾਏ ਗਏ ਸਨ।ਉਨ੍ਹਾਂ ਕਿਹਾ ਕਿ ਇਸ ਉਪਰ ਲਗਭਗ ੨ ਕਰੋੜ ਤੋਂ ਵੱਧ ਖਰਚਾ ਆਇਆ।ਉਨ੍ਹਾਂ ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਦੇ ਸਬੰਧ ਵਿੱਚ ਬੋਲਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਜੋ ਸਿੱਖੀ ਦੇ ਮਾਰਗ ਤੋਂ ਭਟਕੀ ਹੋਈ ਹੈ ਅੰਮ੍ਰਿਤ ਛਕ ਕੇ ਗੁਰੂ ਵਾਲੀ ਬਣੇ ਤੇ ਕਲਗੀਧਰ ਪਾਤਸ਼ਾਹ ਦੀਆਂ ਖੁਸ਼ੀਆਂ ਪ੍ਰਾਪਤ ਕਰੇ।ਸ.ਬੇਦੀ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੈਂਟਰਲ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਨੀਂਹ ਪੱਥਰ ਤੋਂ ਪਰਦਾ ਹਟਾਉਣ ਦੀ ਰਸਮ ਵੀ ਅਦਾ ਕੀਤੀ।ਉਨ੍ਹਾਂ ਗੁਰਦੁਆਰਾ ਸਾਹਿਬ ਦੀ ਰਹਿੰਦੀ ਇਮਾਰਤ ਦਾ ਕੰਮ ਮੁਕੰਮਲ ਕਰਨ ਲਈ ਜਥੇਦਾਰ ਅਵਤਾਰ ਸਿੰਘ ਵੱਲੋਂ ੨ ਲੱਖ ਰੁਪਏ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਜੋ ਬਹੁਤ ਜਲਦੀ ਦੇ ਦਿੱਤੀ ਜਾਵੇਗੀ।ਉਨ੍ਹਾਂ ਬੰਦਰਾਲ ਦੀ ਗੁਰਦੁਆਰਾ ਕਮੇਟੀ ਵੱਲੋਂ ਮੰਗ ਕਰਨ ਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗੀਤਸਾਜ ਅਤੇ ਲਾਇਬਰੇਰੀ ਲਈ ਪੁਸਤਕਾਂ ਦੇਣ ਦਾ ਐਲਾਨ ਵੀ ਕੀਤਾ।ਉਨ੍ਹਾਂ ੧੨ ਜੂਨ ਨੂੰ ਜੰਮੂ ਕਸ਼ਮੀਰ ਤੋਂ ਅਰੰਭ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਵਾਲੇ ਨਗਰ ਕੀਰਤਨ ਵਿੱਚ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਪੰਜ ਨਗਰ ਕੀਰਤਨ ਭਾਰਤ ਦੇ ਵੱਖ-ਵੱਖ ਵੱਡੇ ਸ਼ਹਿਰਾਂ ਚੋਂ ਕੱਢੇ ਜਾਣਗੇ। ਉਨ੍ਹਾਂ ਕਿਹਾ ਕਿ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਸਾਬਤ ਕਰਦਾ ਹੈ ਕਿ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਵੱਲੋਂ ਕੀਤੀ ਗਈ ਮਿਹਨਤ ਦਾ ਝਲਕਾਰਾ ਰੂਪਮਾਨ ਹੈ।ਸਮਾਗਮ ਦੇ ਅੰਤ ਵਿੱਚ ਸ. ਬੇਦੀ ਨੇ ਸ੍ਰੀ ਨਗਰ ਵਿੱਚ ਉਚੇਚੇ ਤੌਰ ਤੇ ਲੰਗਰ ਦੀ ਸੇਵਾ ਕਰਨ ਲਈ ਪੁੱਜੀਆਂ ਸੰਗਤਾਂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਸ.ਜਰਨੈਲ ਸਿੰਘ ਪ੍ਰਧਾਨ ਬੰਦਰਾਲ ਕਮੇਟੀ ਅਤੇ ਸ.ਸੁਚੇਤ ਸਿੰਘ ਤੇ ਸ.ਜਸਵਿੰਦਰ ਸਿੰਘ ਟਾਈਗਰ ਮੈਂਬਰ ਬੋਰਡ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।