ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਰਸਦਾਂ ਲਈ ਭੇਟ ਕੀਤੇ ਪੰਜ ਲੱਖ ਰੁਪਏ
ਅੰਮ੍ਰਿਤਸਰ, 20 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ’ਚ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਕਾਰਜਸ਼ੀਲ ਪ੍ਰਚਾਰਕ ਸ਼੍ਰੇਣੀ ਨੇ ਮੌਜੂਦਾ ਕੋਰੋਨਾ ਸੰਕਟ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 5 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਭੇਟ ਕੀਤੀ ਹੈ। ਜ਼ਿਕਰਯੋਗ ਹੈ ਕਿ ਧਰਮ ਪ੍ਰਚਾਰ ਕਮੇਟੀ ਅੰਦਰ ਪੰਜਾਬ ਦੇ ਮਾਝਾ, ਮਾਲਵਾ ਤੇ ਦੁਆਬਾ ਜੋਨਾਂ ਤੋਂ ਇਲਾਵਾ ਵੱਖ-ਵੱਖ ਸੂਬਿਆਂ ਅੰਦਰ ਸਿੱਖ ਮਿਸ਼ਨ ਚੱਲ ਰਹੇ ਹਨ। ਇਨ੍ਹਾਂ ਪ੍ਰਚਾਰ ਕੇਂਦਰਾਂ ਵਿਖੇ ਤਾਇਨਾਤ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸਮੂਹਿਕ ਉੱਦਮ ਨਾਲ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਮਾਇਆ ਇਕੱਤਰ ਕਰਕੇ ਭੇਜੀ ਹੈ। ਪ੍ਰਚਾਰਕ ਸ਼੍ਰੇਣੀ ਵੱਲੋਂ ਇਹ ਰਾਸ਼ੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਤੇ ਸ. ਸੁਖਵਰਸ਼ ਸਿੰਘ ਪੰਨੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਹਾਜ਼ਰੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਨੂੰ ਸੌਂਪੀ। ਇਸ ਮੌਕੇ ਭਾਈ ਲੌਂਗੋਵਾਲ ਨੇ ਪ੍ਰਚਾਰਕਾਂ ਦੇ ਉੱਦਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਗੁਰੂ ਘਰਾਂ ਦੇ ਲੰਗਰ ਸੰਗਤ ਦੇ ਸਹਿਯੋਗ ਨਾਲ ਚੱਲਦੇ ਹਨ ਅਤੇ ਮੌਜੂਦਾ ਸੰਕਟ ਸਮੇਂ ਇਨ੍ਹਾਂ ਵੱਲੋਂ ਸ੍ਰੀ ਗੁਰੂ ਰਾਮਦਾਸ ਲੰਗਰ ਵਾਸਤੇ ਮਾਇਆ ਭੇਟ ਕਰਨਾ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਪ੍ਰਚਾਰਕਾਂ ਦੀ ਭਾਵਨਾ ਨੂੰ ਸਲਾਹਿਆ। ਇਸ ਮੌਕੇ ਭਾਈ ਅਜਾਇਬ ਸਿੰਘ ਅਭਿਆਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਚਾਰਕਾਂ ਤੇ ਢਾਡੀ ਕਵੀਸ਼ਰਾਂ ਨੇ 5 ਲੱਖ 15 ਹਜ਼ਾਰ ਰੁਪਏ ਨਿੱਜੀ ਤੌਰ ’ਤੇ ਲੰਗਰ ਸੇਵਾ ਲਈ ਇਕੱਠੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪ੍ਰਚਾਰਕ ਸ਼੍ਰੇਣੀ ਵੱਲੋਂ ਸਿੱਖੀ ਪ੍ਰਚਾਰ ਦੇ ਨਾਲ-ਨਾਲ ਆਪਣੀ ਕਿਰਤ ਕਮਾਈ ਵਿੱਚੋਂ ਦਸਵੰਧ ਕੱਢਣਾ ਹੋਰਨਾਂ ਲਈ ਪ੍ਰੇਰਣਾ ਸਰੋਤ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤ੍ਰਿੰਗ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸਕੱਤਰ ਸ. ਮਨਜੀਤ ਸਿੰਘ ਬਾਠ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਮੁਖਤਾਰ ਸਿੰਘ, ਸਾਬਕਾ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਸ. ਨਰਿੰਦਰ ਸਿੰਘ, ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆਂ ਆਦਿ ਮੌਜੂਦ ਸਨ।