ਅੰਮ੍ਰਿਤਸਰ, ੨੯ ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ ਸਲਾਨਾ ਪ੍ਰੀਖਿਆ ੧ ਅਤੇ ੨ ਫ਼ਰਵਰੀ ਨੂੰ ਆਯੋਜਿਤ ਕੀਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸੱਕਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ ਵੱਲੋਂ ਜਿਥੇ ਵਿਦਿਆਰਥੀਆਂ ਨੂੰ ਗੁਰਮਤਿ ਦੀ ਸਿੱਖਿਆ ਨਾਲ ਜੋੜਨ ਲਈ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਲਈ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ, ਉਥੇ ਹੀ ਨੌਕਰੀ ਪੇਸ਼ਾ, ਘਰੇਲੂ ਆਦਿ ਲੋਕਾਂ ਲਈ ਪੱਤਰ-ਵਿਹਾਰ ਕੋਰਸ ਰਾਹੀਂ ਧਾਰਮਿਕ ਸਿੱਖਿਆ ਦਾ ਪ੍ਰਬੰਧ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸੈਸ਼ਨ ੨੦੧੮-੨੦੧੯ ਦੌਰਾਨ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਲਈ ਦੇਸ਼ ਵਿਦੇਸ਼ ਵਿੱਚੋਂ ਪੰਜ ਹਜ਼ਾਰ ਸਿਖਿਆਰਥੀਆਂ ਨੇ ਦਾਖ਼ਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ੧ ਅਤੇ ੨ ਫ਼ਰਵਰੀ ਨੂੰ ਵੱਖ-ਵੱਖ ਸੈਂਟਰਾਂ ‘ਤੇ ਲਈ ਜਾਣ ਵਾਲੀ ਇਸ ਪ੍ਰੀਖਿਆ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਬੰਧਤ ਸੰਸਥਾਵਾਂ ਤੇ ਸਿਖਿਆਰਥੀਆਂ ਨੂੰ ਡੇਟਸ਼ੀਟ ਅਤੇ ਰੋਲ ਨੰਬਰ ਵੀ ਭੇਜੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਸਬੰਧੀ ਦਫ਼ਤਰੀ ਅਮਲੇ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਸ. ਜੌੜਾਸਿੰਘਾ ਨੇ ਕਿਹਾ ਕਿ ਜੇਕਰ ਕਿਸੇ ਨੂੰ ਡੇਟਸ਼ੀਟ ਜਾਂ ਰੋਲ ਨੰਬਰ ਨਹੀਂ ਪ੍ਰਾਪਤ ਹੋਏ ਤਾਂ ਉਹ ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਵਿਖੇ ਨਿੱਜੀ ਤੌਰ ‘ਤੇ ਜਾਂ ਟੈਲੀਫੋਨ ਰਾਹੀਂ ਸੰਪਰਕ ਕਰ ਸਕਦੇ ਹਨ।