ਧਰਮ ਪ੍ਰਚਾਰ ਕਮੇਟੀ ਵੱਲੋਂ ਦਿੱਤੇ ਗਏ ੨੧੦੦-੨੧੦੦ ਰੁਪਏ ਦੀ ਰਾਸ਼ੀ ਦੇ ਚੈੱਕ

ਅੰਮ੍ਰਿਤਸਰ, ੨੫ ਫਰਵਰੀ- ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੀ ਨਵੰਬਰ ੨੦੧੮ ਵਿਚ ਲਈ ਗਈ ਧਾਰਮਿਕ ਪ੍ਰੀਖਿਆ ਦੌਰਾਨ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸਨਮਾਨ ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਧਾਰਮਿਕ ਪ੍ਰੀਖਿਆ ਦੇ ਇੰਚਾਰਜ ਸ. ਸੁਖਦੇਵ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਹਰਜਿੰਦਰ ਸਿੰਘ ਨੇ ਸਾਂਝੇ ਤੌਰ ’ਤੇ ਇਹ ਸਨਮਾਨ ਦਿੱਤੇ।
ਧਾਰਮਿਕ ਪ੍ਰੀਖਿਆ ਵਿਭਾਗ ਦੇ ਇੰਚਾਰਜ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਭਾਰਤ ਅੰਦਰ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ, ਜਿਸ ਵਿੱਚੋਂ ਨਵੰਬਰ ੨੦੧੮ ਦੌਰਾਨ ੧੧੭ ਵਿਦਿਆਰਥੀਆਂ ਨੇ ੮੦ਫੀਸਦੀ ਤੋਂ ਵੱਧ ਅੰਕ ਲੈ ਕੇ ਮੈਰਿਟ ਵਿਚ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ੧੧੭ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ੨੧੦੦-੨੧੦੦ ਰੁਪਏ ਦੀ ਇਨਾਮੀ ਰਾਸ਼ੀ ਦੇ ਚੈੱਕ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਹਿਲੇ ਸਥਾਨ ਅਤੇ ਵਿਸ਼ੇਸ਼ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਜੀਫ਼ਾ ਰਾਸ਼ੀ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਮੌਜੂਦ ਸਨ।