ਭਾਈ ਗੋਬਿੰਦ ਸਿੰਘ ਲੌਂਗੋਵਾਲ, ਗਿਆਨੀ ਇਕਬਾਲ ਸਿੰਘ, ਬਾਬਾ ਹਰਨਾਮ ਸਿੰਘ ਤੇ ਹੋਰਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ

ਪਟਨਾ ਸਾਹਿਬ, ੨੪ ਦਸੰਬਰ-  ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਇਥੇ ਸਥਿਤ ਗੁਰਦੁਆਰਾ ਸ੍ਰੀ ਗਊ ਘਾਟ ਤੋਂ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤਕ ਸਜਾਏ ਗਏ ਨਗਰ ਕੀਰਤਨ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਗਊ ਘਾਟ ਵਿਖੇ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ। ਇਸ ਮੌਕੇ ਸਿੱਖ ਕੌਮ ਦੇ ਮਹਾਨ ਵਿਦਵਾਨ ਕਥਾਕਾਰ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਅਤੇ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਨੇ ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸਬੰਧਤ ਵਿਚਾਰਾਂ ਨਾਲ ਸੰਗਤ ਨੂੰ ਜੋੜਿਆ।
ਇਸ ਮੌਕੇ ਸੰਗਤਾਂ ਨੂੰ ਸੌਬੋਧਨ ਹੁੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪਟਨਾ ਸਾਹਿਬ ਦੀ ਧਰਤੀ ਭਾਗਾਂ ਵਾਲੀ ਹੈ ਜਿਥੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਾਵਨ ਪ੍ਰਕਾਸ਼ ਲਿਆ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਇਸ ਸੰਸਾਰ ਦੀ ਭਲਾਈ ਲਈ ਵੱਡੇ ਕਾਰਨਾਮੇ ਕੀਤੇ, ਖਾਲਸੇ ਦੀ ਸਾਜਨਾ ਕੀਤੀ, ਹੋਲਾ ਮਹੱਲਾ ਦੀ ਰਵਾਇਤ ਕਾਇਮ ਕੀਤੀ ਅਤੇ ਇਥੋਂ ਤਕ ਕਿ ਮਨੁੱਖਤਾ ਲਈ ਅਪਾਣਾ ਸਰਬੰਸ ਵੀ ਵਾਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਗੁਰੂ ਸਾਹਿਬ ਜੀ ਦੇ ੩੫੧ ਸਾਲਾ ਪ੍ਰਕਾਸ਼ ਪੁਰਬ ਤੇ ਸਮੂਹ ਸੰਗਤਾਂ ਨੂੰ ਉਨ੍ਹਾਂ ਦੇ ਦਰਸਾਏ ਹੋਏ ਮਾਰਗ ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ। ਉਨ੍ਹਾਂ ਸੰਗਤ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਵੀ ਕੀਤੀ।
ਸਮਗਾਮ ਦੌਰਾਨ ਤਖਤ ਸ੍ਰੀ ਹਰਿੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ, ਸ. ਐਸ. ਐਸ. ਆਹਲੂਵਾਲੀਆ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸੰਗਤਾਂ ਨੂੰ ਜਿਥੇ ਦਸਮੇਸ਼ ਪਿਤਾ ਜੀ ਦੇ ੩੫੧ ਸਾਲਾ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ, ਉਥੇ ਹੀ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਅਮਲ ਵਿਚ ਲਿਆਉਣ ਲਈ ਪ੍ਰੇਰਿਆ। ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਆਈਆਂ ਹੋਈਆਂ ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪਟਨਾ ਸਾਹਿਬ ਵਿਖੇ ਕੀਤੀਆਂ ਗਈਆਂ ਕਾਰ ਸੇਵਾਵਾਂ ਲਈ ਬਾਬਾ ਹਰਬੰਸ ਸਿੰਘ ਜੀ ਦਿੱਲੀ ਵਾਲ਼ਿਆਂ ਤੋਂ ਵਰੋਸਾਏ ਬਾਬਾ ਬਚਨ ਸਿੰਘ ਜੀ ਦੇ ਸੇਵਕ ਬਾਬਾ ਜਸਬੀਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਰਨਾ ਤੋਂ ਇਲਾਵਾ ਬਾਬਾ ਬਲਬੀਰ ਸਿੰਘ ਮੁੱਖੀ ਸ਼੍ਰੋਮਣੀ ਬੁੱਢਾ ਦਲ, ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਬਾਬਾ ਬਲਬੀਰ ਸਿੰਘ ਸੀਚੇਵਾਲ ਵਾਤਾਵਰਣ ਪ੍ਰੇਮੀ, ਸ. ਭਗਵੰਤ ਸੰਿਘ ਸਿਆਲਕਾ, ਸ. ਗੁਰਮੀਤ ਸਿੰਘ ਬੂਹ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਰਜਿੰਦਰ ਸਿੰਘ ਮਹਿਤਾ, ਬੀਬੀ ਜੋਗਿੰਦਰ ਕੌਰ, ਬਾਬਾ ਘਾਲਾ ਸਿੰਘ, ਡਾ. ਰੂਪ ਸਿੰਘ, ਸ. ਪ੍ਰਤਾਪ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਸ. ਚਾਨਣ ਸਿੰਘ, ਸ. ਨਵਇੰਦਰ ਸਿੰਘ ਲੌਂਗੋਵਾਲ, ਸ. ਬਲਵਿੰਦਰ ਸਿੰਘ ਲੌਂਗੋਵਾਲ, ਹਰਭਜਨ ਸਿੰਘ ਵਕਤਾ ਮੀਡੀਆ ਇੰਚਾਰਜ, ਸ. ਕਰਮਬੀਰ ਸਿੰਘ, ਸ. ਮੇਜਰ ਸਿੰਘ, ਸ. ਰਜਵੰਤ ਸਿੰਘ ਆਦਿ ਹਾਜ਼ਰ ਸਨ।