ਅੰਮ੍ਰਿਤਸਰ, 28 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਸਜਾਏ ਜਾ ਰਹੇ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਅਗਾਊਂ ਪ੍ਰਬੰਧਾਂ ਲਈ ੪ ਮੈਂਬਰੀ ਵਫ਼ਦ ਪਾਕਿਸਤਾਨ ਲਈ ਰਵਾਨਾ ਹੋ ਗਿਆ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਗੁਰਮੀਤ ਸਿੰਘ ਬੂਹ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਰਵਾਨਗੀ ਸਮੇਂ ਵਫ਼ਦ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਸਮੇਤ ਹੋਰ ਅਧਿਕਾਰੀਆਂ ਨੇ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਨਿਵਾਜਿਆ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਦੀ ਆਰੰਭਤਾ ਸਮੇਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਣ ਲਈ ਪੰਜ ਸੌ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ, ਜੋ ੩੦ ਜੁਲਾਈ ਨੂੰ ਪਾਕਿਸਤਾਨ ਜਾਣਗੇ। ਇਨ੍ਹਾਂ ਵਿਚ ਸ਼ਾਮਲ ਪ੍ਰਮੁੱਖ ਸ਼ਖ਼ਸੀਅਤਾਂ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸਾਹਿਬਾਨ ਦੇ ਜਥੇਦਾਰ, ਦਿੱਲੀ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ, ਵੱਖ-ਵੱਖ ਜਥੇਬੰਦੀਆਂ ਦੇ ਆਗੂ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ, ਪ੍ਰਮੁੱਖ ਪੰਥਕ ਸ਼ਖ਼ਸੀਅਤਾਂ, ਸਿੰਘ ਸਭਾਵਾਂ ਅਤੇ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਸ਼ਾਮਲ ਹਨ।
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ੪ ਮੈਂਬਰੀ ਵਫ਼ਦ ਪਾਕਿਸਤਾਨ ਪੁੱਜ ਕੇ ਲੋੜੀਂਦੀ ਪ੍ਰਬੰਧਾਂ ਦਾ ਜਾਇਜ਼ਾ ਲਵੇਗਾ। ਉਨ੍ਹਾਂ ਦੱਸਿਆ ਕਿ ਭਾਰਤ ਤੋਂ ਪਾਕਿਸਤਾਨ ਪੁੱਜਣ ਵਾਲੇ ਪੰਜ ਸੌ ਵੱਧ ਸ਼ਰਧਾਲੂਆਂ ਪਾਕਿਸਤਾਨ ਵਿਖੇ ਰਿਹਾਇਸ਼, ਆਵਾਜਾਈ ਆਦਿ ਦੇ ਪ੍ਰਬੰਧ ਕੀਤੇ ਜਾਣਗੇ। ਇਸ ਤੋਂ ਇਲਾਵਾ ਨਗਰ ਕੀਰਤਨ ਸਬੰਧੀ ਉਥੇ ਪ੍ਰਕਾਸ਼ਨਿਕ ਪੱਧਰ ‘ਤੇ ਲੋੜੀਂਦੇ ਕਾਰਜਾਂ ਲਈ ਵੀ ਸਥਾਨਕ ਸਿੱਖ ਆਗੂਆਂ ਦੀ ਮੱਦਦ ਨਾਲ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਵਿਖੇ ੩੦ ਜੁਲਾਈ ਨੂੰ ਸ੍ਰੀ ਅਖੰਡਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ ਮਗਰੋਂ ੧ ਅਗਸਤ ਨੂੰ ਜੈਕਾਰਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਭਾਰਤ ਲਈ ਆਰੰਭਤਾ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਸਤਿੰਦਰ ਸਿੰਘ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਮੀਤ ਸਿੰਘ ਬੁੱਟਰ, ਸ. ਤੇਜਿੰਦਰ ਸਿੰਘ ਪੱਡਾ, ਸ. ਗੁਲਜ਼ਾਰ ਸਿੰਘ ਚੀਫ-੮੫, ਇੰਚਾਰਜ ਸ. ਦੀਪਇੰਦਰ ਸਿੰਘ, ਸ. ਮਨਜੀਤ ਸਿੰਘ, ਸ. ਯਾਦਵਿੰਦਰ ਸਿੰਘ, ਸ. ਕਰਤਾਰ ਸਿੰਘ, ਸ. ਸੁਰਿੰਦਰ ਸਿੰਘ, ਸ. ਨਿਰਮਲ ਸਿੰਘ ਇੰਚਾਰਜ ਗੱਡੀਆਂ, ਸ. ਗੁਰਿੰਦਰਪਾਲ ਸਿੰਘ ਠਰੂ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਅਮਰ ਸਿੰਘ, ਸ. ਕਰਨਜੀਤ ਸਿੰਘ, ਸ. ਗੁਰਨਾਮ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਪ੍ਰੋ. ਸੁਖਦੇਵ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਨਰਿੰਦਰ ਸਿੰਘ ਆਦਿ ਮੌਜੂਦ ਸਨ।