ਭਾਈ ਲੌਂਗੋਵਾਲ ਦੀ ਅਗਵਾਈ ‘ਚ ਦਿੱਤਾ ਜਾਵੇਗਾ ਰੋਸ ਧਰਨਾ

ਅੰਮ੍ਰਿਤਸਰ, 01 ਨਵੰਬਰ- ਨਵੰਬਰ ੧੯੮੪ ਵਿਚ ਦਿੱਲੀ ਸਮੇਤ ਦੇਸ਼ ਦੇ ਹੋਰਨਾਂ ਸ਼ਹਿਰਾਂ ਵਿਚ ਕੀਤੇ ਗਏ ਸਿੱਖ ਕਤਲੇਆਮ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ ੨ ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਗੁਰਦੁਆਰਾ ਝੰਡਾ ਬੁੰਗਾ ਸਾਹਿਬ ‘ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਦੌਰਾਨ ਸਮੂਹ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਅਰਦਾਸ ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਮੈਂਬਰ ਸਾਹਿਬਾਨ, ਅਧਿਕਾਰੀ ਤੇ ਕਰਮਚਾਰੀ ਮੌਜੂਦ ਰਹਿਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਅਰਦਾਸ ਸਮਾਗਮ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸਥਾਨਕ ਭਾਈ ਗੁਰਦਾਸ ਹਾਲ ਨਜ਼ਦੀਕ ਰੋਸ ਧਰਨਾ ਲਗਾਇਆ ਜਾਵੇਗਾ। ਇਹ ਧਰਨਾ ਦੋਸ਼ੀਆਂ ਨੂੰ ਅਜੇ ਤੱਕ ਸਜ਼ਾਵਾਂ ਨਾ ਦੇਣ ਅਤੇ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਸਿੱਖ ਇਤਿਹਾਸ ਨਾਲ ਖਿਲਵਾੜ ਕਰਨ ਵਿਰੁੱਧ ਹੋਵੇਗਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਨਵੰਬਰ ੧੯੮੪ ਕੀਤੇ ਗਏ ਸਿੱਖ ਕਤਲੇਆਮ ਦੌਰਾਨ ਸ਼ਹੀਦ ਹੋਏ ਸਿੱਖਾਂ ਨੂੰ ਯਾਦ ਕਰਦਿਆਂ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਸੰਗਤਾਂ ਰੋਸ ਧਰਨੇ ਦਾ ਹਿੱਸਾ ਬਣਨ।