ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ, 2 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ’ਚ ਕੀਤੇ ਗਏ ਸਿੱਖ ਕਤਲੇਆਮ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਹਰ ਸਾਲ ਜੂਨ ਅਤੇ ਨਵੰਬਰ ਮਹੀਨਾ ਆਉਂਦਿਆਂ ਹੀ ਸਿੱਖ ਕੌਮ ਦੇ ਜ਼ਖ਼ਮ ਰਿਸਣ ਲੱਗਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀ ਸਾਹਮਣੇ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਅਜੇ ਤੀਕ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਨੇ ਸਿੱਖਾਂ ਨਾਲ ਸਦਾ ਹੀ ਧੱਕਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਹਰ ਦੋਸ਼ੀ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
ਇਸੇ ਦੌਰਾਨ ਅੱਜ ਨਵੰਬਰ 1984 ਦੇ ਸਿੱਖ ਕਤਲੇਆਮ ਸਮੇਂ ਸ਼ਹੀਦ ਕੀਤੇ ਗਏ ਸਿੰਘ/ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਨੇ ਸ਼ਹੀਦਾਂ ਨਮਿਤ ਅਰਦਾਸ ਕੀਤੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ਼ ਸਮੇਤ ਸੰਗਤਾਂ ਮੌਜੂਦ ਸਨ।