ਸਿੱਖ ਮਸਲਿਆਂ ਨੂੰ ਲੈ ਕੇ ਭਾਰਤ ਸਰਕਾਰ ਤਕ ਪਹੁੰਚ ਕਰੇਗੀ ਸ਼੍ਰੋਮਣੀ ਕਮੇਟੀ –ਭਾਈ ਗੋਬਿੰਦ ਸਿੰਘ ਲੌਂਗੋਵਾਲ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ੬ ਫੀਸਦੀ ਮਹਿੰਗਾਈ ਭੱਤਾ ਦੇਣ ਦਾ ਫੈਸਲਾ
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਲਏ ਗਏ ਅਹਿਮ ਫੈਸਲੇ

ਅੰਮ੍ਰਿਤਸਰ ੧੬ ਜਨਵਰੀ ( )-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਹੋਈ ਇਕੱਤਰਤਾ ਵਿਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਨੂੰ ਵਿਚਾਰਨ ਦੇ ਨਾਲ-ਨਾਲ ਇਸ ਵਰ੍ਹੇ ਦੀ ਧਰਮ ਪ੍ਰ੍ਰਚਾਰ ਲਹਿਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਨ ਦਾ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਸਿੱਖ ਮਸਲਿਆਂ ਦੇ ਹੱਲ ਲਈ ਭਾਰਤ ਸਰਕਾਰ ਤਕ ਪਹੁੰਚ ਕਰਨ ਅਤੇ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਚੱਲ ਰਹੇ ਕਾਰਜਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਕੱਤਰਤਾ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਦਾ ੫੫੦ਸਾਲਾ ਪ੍ਰਕਾਸ਼ ਪੁਰਬ ਜੋ ਸਾਲ ੨੦੧੯ ਵਿਚ ਆ ਰਿਹਾ ਹੈ, ਨੂੰ ਸਮਰਪਿਤ ਜਿੱਥੇ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ), ਸੁਲਤਾਨਪੁਰ ਲੋਧੀ (ਕਪੂਰਥਲਾ), ਡੇਰਾ ਬਾਬਾ ਨਾਨਕ (ਗੁਰਦਾਸਪੁਰ) ਅਤੇ ਗੁਰਦੁਆਰਾ ਡੇਹਰਾ ਸਾਹਿਬ, ਲੁਹਾਰ (ਤਰਨ ਤਾਰਨ) ਵਿਖੇ ਵਿਸ਼ਾਲ ਸਮਾਗਮ ਕਰਵਾਏ ਜਾਣਗੇ ਉਥੇ ਹੀ ਇਸ ਵਰ੍ਹੇ ਦੀ ਧਰਮ ਪ੍ਰਚਾਰ ਲਹਿਰ ਵੀ ਪਹਿਲੇ ਪਾਤਸ਼ਾਹ ਜੀ ਦੇ ੫੫੦ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਿਸ਼ਾਲ ਪ੍ਰਬੰਧ ਕਰੇਗੀ ਅਤੇ ਕੌਮਾਂਤਰੀ ਪੱਧਰ ‘ਤੇ ਸੰਗਤਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵੀ ਵਿਉਂਤਬੰਦੀ ਕੀਤੀ ਜਾਵੇਗੀ। ਭਾਈ ਲੌਂਗੋਵਾਲ ਨੇ ਕਿਹਾ ਕਿ ਯਾਦਗਾਰ ਦੇ ਰੂਪ ਵਿਚ ਸੁਲਤਾਨਪੁਰ ਲੋਧੀ ਵਿਖੇ ਬਣਾਏ ਜਾਣ ਵਾਲੇ ‘ੴ ਮੂਲ ਮੰਤਰ’ ਸਥਾਨ ਲਈ ਜ਼ਮੀਨ ਖਰੀਦ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ ਅਤੇ ਇਸ ਯਾਦਗਾਰ ਦਾ ਕੰਮ ਜਲਦ ਆਰੰਭ ਕਰ ਦਿੱਤਾ ਜਾਵੇਗਾ।
ਇਕੱਤਰਤਾ ਦੌਰਾਨ ਲਏ ਗਏ ਹੋਰ ਫੈਸਲਿਆਂ ਬਾਰੇ ਭਾਈ ਲੌਂਗੋਵਾਲ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਚੱਲ ਰਹੇ ਕਾਰਜਾਂ ਨੂੰ ਜਲਦ ਮੁਕੰਮਲ ਕੀਤਾ ਜਾਵੇਗਾ ਅਤੇ ਇਸ ਸਬੰਧ ਵਿਚ ਇਕ ਕਮੇਟੀ ਗਠਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੱਖ ਮਸਲਿਆਂ ਦੇ ਹੱਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਮਿਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਕੰਮ ਕਾਜ ਵਿਚ ਪਾਰਦਰਸ਼ਤਾ ਲਿਆਉਣ ਲਈ ਇੱਕ ਸਬ-ਕਮੇਟੀ ਬਣਾਈ ਗਈ ਹੈ ਅਤੇ ਲੋੜ ਅਨੁਸਾਰ ਨਿਯੁਕਤੀਆਂ ਅਤੇ ਤਰੱਕੀਆਂ ਲਈ ਵੀ ਇੱਕ ਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਹੋਈਆਂ ਨਿਯੁਕਤੀਆਂ ਸਬੰਧੀ ਬਣਾਈ ਗਈ ਸਬ-ਕਮੇਟੀ ਵੱਲੋਂ ਅਗਲੇ ਕੁਝ ਦਿਨਾਂ ਵਿਚ ਪੜਤਾਲ ਮੁਕੰਮਲ ਹੋਣ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜੱਥਿਆਂ ਦੀ ਸੂਚੀ ਵਿਚ ਕਟੌਤੀ ਨਹੀਂ ਕੀਤੀ ਜਾਣੀ ਚਾਹੀਦੀ ਅਤੇ ਸੂਚੀ ਵਿਚ ਸ਼ਾਮਲ ਸਾਰੇ ਹੀ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਜਾਣੇ ਚਾਹੀਦੇ ਹਨ।
ਇਕੱਤਰਤਾ ਵਿਚ ਇੱਕ ਮਤੇ ਰਾਹੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਗਈ ਕਿ ਵਰਤਮਾਨ ਸਮੇਂ ਵਿਚ ਸਿੱਖ ਕਿਰਦਾਰ ਨੂੰ ਪਹਿਲਾਂ ਦੀ ਤਰ੍ਹਾਂ ਚਰਮ ਸੀਮਾਂ ‘ਤੇ ਪਹੁੰਚਾਉਣ ਲਈ ਉਹ ਵਿਸ਼ੇਸ਼ ਯਤਨ ਕਰਨ ਅਤੇ ਸਿੱਖ ਕਿਰਦਾਰ ਨੂੰ ਢਾਅ ਲਾਉਣ ਵਾਲੇ ਲੋਕਾਂ ਵਿਰੁੱਧ ਬਣਦੀ ਕਾਰਵਾਈ ਵੀ ਕੀਤੀ ਜਾਵੇ। ਮਤੇ ਵਿਚ ਕਿਹਾ ਗਿਆ ਕਿ ਬੀਤੇ ਕੁਝ ਸਮੇਂ ਵਿਚ ਕੁਝ ਸਿੱਖ ਆਗੂਆਂ ਵੱਲੋਂ ਕੀਤੀ ਗਈ ਅਨੈਤਿਕ ਕਾਰਵਾਈ ਕਾਰਨ ਸਿੱਖ ਕਿਰਦਾਰ ਨੂੰ ਢਾਅ ਲੱਗੀ ਹੈ ਅਤੇ ਨੌਜੁਆਨਾਂ ਤੇ ਬੱਚਿਆਂ ਦੀ ਮਾਨਸਿਕਤਾ ‘ਤੇ ਵੀ ਬੁਰਾ ਅਸਰ ਪਿਆ ਹੈ। ਇਤਿਹਾਸ ਅੰਦਰ ਸਿੱਖਾਂ ਦੇ ਕਿਰਦਾਰ ਦੀ ਮਜ਼ਬੂਤੀ ਦੀਆਂ ਉਦਾਹਰਨਾਂ ਅਤੇ ਉੱਚ ਨੈਤਿਕ ਗੁਣਾਂ ਕਾਰਨ ਪੂਰੀ ਦੁਨੀਆਂ ਅੰਦਰ ਸਿੱਖਾਂ ਦੀ ਵਿਲੱਖਣ ਸ਼ਾਨ ਸਥਾਪਤ ਹੋਈ ਸੀ, ਪਰੰਤੂ ਵਾਪਰੀਆਂ ਘਟਨਾਵਾਂ ਨੇ ਸਮੁੱਚੀ ਕੌਮ ਨੂੰ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ। ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿਚ ੬% ਵਾਧਾ ਕਰਨ ਨੂੰ ਵੀ ਪ੍ਰਵਾਨਗੀ ਦਿਤੀ ਗਈ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਕਰਨਾਲ, ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲ੍ਹਾ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਸੱਜਣ ਸਿੰਘ ਬੱਜੂਮਾਨ, ਸ. ਨਵਤੇਜ ਸਿੰਘ ਕਾਉਣੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਲਖਬੀਰ ਸਿੰਘ ਅਰਾਈਆਂਵਾਲਾ, ਸ. ਗੁਰਮੀਤ ਸਿੰਘ ਬੂਹ, ਬੀਬੀ ਗੁਰਪ੍ਰੀਤ ਕੌਰ ਕਪੂਰਥਲਾ, ਸ. ਗੁਰਤੇਜ ਸਿੰਘ ਢੱਡੇ, ਸ. ਹਰਦੇਵ ਸਿੰਘ ਰੋਗਲਾ ਤੇ ਸ. ਅਮਰੀਕ ਸਿੰਘ ਸ਼ਾਹਪੁਰ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ, ਸ. ਅਵਤਾਰ ਸਿੰਘ ਸੈਂਪਲਾ ਤੇ ਐਡੀਸ਼ਨਲ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਿਜੈ ਸਿੰਘ ਤੇ ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ, ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।