ਅੰਮ੍ਰਿਤਸਰ, 5 ਮਾਰਚ – ਇੱਕ ਨਿੱਜੀ ਪ੍ਰਕਾਸ਼ਕ ਪਾਸੋਂ ਫਰੀਦਕੋਟ ਨਿਵਾਸੀ ਰਾਗੀ ਭਾਈ ਕਰਮ ਸਿੰਘ ਵੱਲੋਂ ਖ੍ਰੀਦੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਵਿਚ ਕੁਝ ਪੰਨੇ ਨਾ ਹੋਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਲਖਵੀਰ ਸਿੰਘ ਅਰਾਈਆਂਵਾਲਾ ਅਤੇ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਵੱਲੋਂ ਸਬੰਧਤਾਂ ਨਾਲ ਸੰਪਰਕ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਿੱਜੀ ਪ੍ਰਕਾਸ਼ਕਾਂ ਵੱਲੋਂ ਅਜਿਹੀ ਅਣਗਹਿਲੀ ਮੰਦਭਾਗੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ-ਨਾਲ ਸੈਂਚੀਆਂ ਦੀ ਪ੍ਰਕਾਸ਼ਨਾ ਵੀ ਕੀਤੀ ਜਾਂਦੀ ਹੈ ਅਤੇ ਇਸ ਸਬੰਧੀ ਹਰ ਪੱਖ ਤੋਂ ਵਿਸ਼ੇਸ਼ ਖਿਆਲ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੀ ਪ੍ਰਕਾਸ਼ਨਾਂ ਦਾ ਮਾਮਲਾ ਉਚੇਚੇ ਧਿਆਨ, ਮਰਯਾਦਾ ਤੇ ਸਤਿਕਾਰ ਦੀ ਮੰਗ ਕਰਦਾ ਹੈ। ਇਸ ਸਾਰੇ ਮਾਮਲੇ ਦੀ ਹੋਰ ਘੋਖ ਪੜਤਾਲ ਕਰਵਾਈ ਜਾਵੇਗੀ ਅਤੇ ਮੁਕੰਮਲ ਰਿਪੋਰਟ ਪ੍ਰਾਪਤ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।