ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈਂਬਰ ਸਾਹਿਬਾਨ ਅਤੇ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ

ਅੰਮ੍ਰਿਤਸਰ, 8 ਅਪ੍ਰੈਲ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ ਪਿਛਲੇ ਸਾਲ ਆਰੰਭ ਕੀਤੇ ਗਏ ਸਮਾਗਮਾਂ ਦੀ ਸੰਪੂਰਨਤਾ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 21 ਅਪ੍ਰੈਲ 2022 ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈਂਬਰ ਸਾਹਿਬਾਨ ਅਤੇ ਅਧਿਕਾਰੀਆਂ ਦੀ ਵਿਸ਼ੇਸ਼ ਇਕੱਤਰਤਾ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ 1 ਮਈ 2021 ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਕੀਤੇ ਗਏ ਸਨ ਅਤੇ ਪੂਰਾ ਸਾਲ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ ਪੁਰਬ ਮੌਕੇ 21 ਅਪ੍ਰੈਲ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਕਰਕੇ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਕੀਤੀ ਜਾਵੇਗੀ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਸਬੰਧ ਵਿਚ 19 ਅਪ੍ਰੈਲ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਸ ਦੇ ਭੋਗ 21 ਅਪ੍ਰੈਲ ਨੂੰ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ 20 ਅਪ੍ਰੈਲ ਨੂੰ ਸੋਦਰਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਕੀਰਤਨ ਦਰਬਾਰ ਹੋਵੇਗਾ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਅਤੇ ਸਿੰਘ ਸਾਹਿਬਾਨ ਹਾਜ਼ਰੀ ਭਰਨਗੇ। 21 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਰਾਗੀ, ਢਾਡੀ, ਕਵੀਸ਼ਰ ਜਥੇ ਸੰਗਤਾਂ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਨਗੇ ਅਤੇ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਸ਼ਸਤਰਾਂ ਵਾਲੀ ਵਿਸ਼ੇਸ਼ ਬੱਸ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਸ਼ਸਤਰਾਂ ਦੇ ਦਰਸ਼ਨ ਵੀ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 21 ਅਪ੍ਰੈਲ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਦੀਪਮਾਲਾ ਕੀਤੀ ਜਾਵੇਗੀ ਅਤੇ ਸੋਦਰਿ ਸਾਹਿਬ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਵੀ ਹੋਵੇਗੀ। ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਸਰਵਣ ਸਿੰਘ ਕੁਲਾਰ, ਸ. ਜੋਧ ਸਿੰਘ ਸਮਰਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਪਰਮਜੀਤ ਸਿੰਘ ਖ਼ਾਲਸਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਪਬਲੀਸਿਟੀ ਵਿਭਾਗ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਾਹਬਾਜ਼ ਸਿੰਘ ਆਦਿ ਮੌਜੂਦ ਸਨ।