ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀਆਂ ਸਬੰਧੀ ਉੱਚ ਤਾਕਤੀ ਕਮੇਟੀ ਦੀ ਹੋਈ ਇਕੱੱਤਰਤਾ

ਅੰਮ੍ਰਿਤਸਰ, 13 ਮਾਰਚ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਤਾਬਦੀ ਸਮਾਗਮ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਵਿਖੇ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸ਼ਤਾਬਦੀ ਸਬੰਧੀ ਮੁੱਖ ਸਮਾਗਮ ਵੈਸਾਖ ਵਦੀ 5 ਮੁਤਾਬਿਕ 1 ਮਈ 2021 ਨੂੰ ਹੋਵੇਗਾ, ਜਦਕਿ ਸ਼ਤਾਬਦੀ ਸਮਾਗਮਾਂ ਦੀ ਆਰੰਭਤਾ 12 ਅਪ੍ਰੈਲ 2020 ਨੂੰ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਹੀ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀਆਂ ਸਬੰਧੀ ਗਠਿਤ ਕੀਤੀ ਗਈ ਉੱਚ ਤਾਕਤੀ ਕਮੇਟੀ ਦੀ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਇਕੱਤਰਤਾ ਮਗਰੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਤੋਤਾ ਸਿੰਘ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮੇਤ ਆਉਣ ਵਾਲੀਆਂ ਹੋਰ ਸ਼ਤਾਬਦੀਆਂ ਨੂੰ ਵਿਸ਼ਾਲ ਪੱਧਰ ’ਤੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਮੁੱਖ ਸਮਾਗਮ ਸ੍ਰੀ ਅੰਮ੍ਰਿਤਸਰ ਵਿਖੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।  ਉਨ੍ਹਾਂ ਆਖਿਆ ਕਿ ਸ੍ਰੀ ਅੰਮ੍ਰਿਤਸਰ ਸਥਿਤ ਗੁਰਦੁਆਰਾ ਗੁਰੂ ਕੇ ਮਹਿਲ ਕਿਉਂਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਅਸਥਾਨ ਹੈ, ਇਸ ਲਈ ਮੁੱਖ ਸਮਾਗਮ ਇਥੇ ਹੋਣਗੇ। ਇਸ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਵੀ ਸਮਾਗਮ ਕਰਵਾਏ ਜਾਣਗੇ। ਸ਼ਤਾਬਦੀ ਸਮਾਗਮਾਂ ਦੀ ਆਰੰਭਤਾ 12 ਅਪ੍ਰੈਲ 2020 ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਕਰਨ ਮਗਰੋਂ ਦੇਸ਼ ਦੁਨੀਆਂ ਅੰਦਰ ਸਮਾਗਮਾਂ ਦੀ ਲੜੀ ਚਲਾਈ ਜਾਵੇਗੀ, ਜੋ ਸ਼ਤਾਬਦੀ ਸਮਾਗਮਾਂ ਤੱਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਮੁੱਚੇ ਸਮਾਗਮਾਂ ਦੀ ਰੂਪ-ਰੇਖਾ ਸਬੰਧੀ ਅਗਲੀ ਇਕੱਤਰਤਾ 20 ਮਾਰਚ ਨੂੰ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਉੱਪ ਦਫ਼ਤਰ ਵਿਖੇ ਕੀਤੀ ਜਾਵੇਗੀ। ਜਥੇਦਾਰ ਤੋਤਾ ਸਿੰਘ ਨੇ ਦੱਸਿਆ ਕਿ ਇਸ ਸਾਲ 15 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਨੂੰ ਵੀ ਕੌਮੀ ਜਾਹੋ-ਜਲਾਲ ਨਾਲ ਮਨਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਇਸ ਸਬੰਧ ਵਿਚ ਵੀ ਸ੍ਰੀ ਅੰਮ੍ਰਿਤਸਰ ਵਿਖੇ ਵਿਸ਼ਾਲ ਪੱਧਰ ’ਤੇ ਸਮਾਗਮ ਉਲੀਕੇ ਜਾਣਗੇ। ਇਸ ਦੇ ਨਾਲ ਹੀ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਵੀ ਸਮਾਗਮਾਂ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਕੱਤਰਤਾ ਵਿਚ ਸ਼ਤਾਬਦੀਆਂ ਨੂੰ ਸਮਰਪਿਤ ਸਾਹਿਤਕ ਪ੍ਰਕਾਸ਼ਨਾਵਾਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਹਰ ਸ਼ਤਾਬਦੀ ਨੂੰ ਸਮਰਪਿਤ ਸਾਹਿਤ ਛਾਪ ਕੇ ਸੰਗਤ ਅਰਪਣ ਕਰੇਗੀ। ਸ਼ਤਾਬਦੀਆਂ ਦੇ ਸਮਾਗਮਾਂ ਦੀ ਰੂਪ-ਰੇਖਾ ਜਲਦ ਤਿਆਰ ਕਰ ਕੇ ਸੰਗਤ ਨੂੰ ਜਾਣੂ ਕਰਵਾਇਆ ਜਾਵੇਗਾ।
ਸ਼ਤਾਬਦੀ ਕਮੇਟੀ ਦੀ ਇਕੱਤਰਤਾ ਵਿਚ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ, ਸ. ਮਹਿੰਦਰ ਸਿੰਘ ਆਹਲੀ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਡਾਇਰੈਕਟਰ ਡਾ. ਚਮਕੌਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਾਹਬਾਜ਼ ਸਿੰਘ ਆਦਿ ਮੌਜੂਦ ਸਨ।