ਅੰਤਰ ਰਾਸ਼ਟਰੀ ਹਵਾਈ ਅੱਡਾ ਮੋਹਾਲੀ ਤੋਂ ਸ੍ਰੀ ਪਟਨਾ ਸਾਹਿਬ ਲਈ ਸ਼ੁਰੂ ਹੋਈ ਹਵਾਈ ਸੇਵਾ ਦੀ ਪਹਿਲੀ ਉਡਾਨ ਦੇ ਸ੍ਰੀ ਪਟਨਾ ਸਾਹਿਬ ਵਿਖੇ ਪਹੁੰਚਣ ’ਤੇ ਸਿੱਖ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਮੋਹਾਲੀ ਤੋਂ ਪਹਿਲੀ ਉਡਾਨ ਰਾਹੀਂ ਸ੍ਰੀ ਪਟਨਾ ਸਾਹਿਬ ਪੁੱਜਣ ਵਾਲਿਆਂ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਸਨੌਰ ਦੇ ਵਿਧਾਇਕ ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸ. ਕਰਨੈਲ ਸਿੰਘ ਪੰਜੋਲੀ, ਐਡਵੋਕੇਟ ਸ. ਸਿਮਰਨਜੀਤ ਸਿੰਘ ਚੰਦੂਮਾਜਰਾ ਸਮੇਤ ਹੋਰ ਧਾਰਮਿਕ, ਰਾਜਨੀਤਕ ਤੇ ਸਮਾਜਿਕ ਸ਼ਖ਼ਸੀਅਤਾਂ ਸ਼ਾਮਲ ਸਨ। 
ਇਸ ਪਹਿਲੀ ਉਡਾਨ ਦੇ ਸ੍ਰੀ ਪਟਨਾ ਸਾਹਿਬ ਹਵਾਈ ਅੱਡੇ ’ਤੇ ਪੁੱਜਣ ਸਮੇਂ ਜ਼ੋਰਦਾਰ ਸਵਾਗਤ ਹੋਇਆ। ਜਹਾਜ਼ ਰਾਹੀਂ ਸ੍ਰੀ ਪਟਨਾ ਸਾਹਿਬ ਪੁੱਜੀਆਂ ਪ੍ਰਮੁੱਖ ਸ਼ਖ਼ਸ਼ੀਅਤਾਂ ਨੂੰ ਹਜ਼ਾਰਾਂ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਜੀ-ਆਇਆਂ ਕਿਹਾ। ਇਥੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਨੁਮਾਇੰਦਿਆਂ ਨੇ ਵੀ ਸਿੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਵਾਗਤ ਕੀਤਾ। 
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਮੋਹਾਲੀ ਤੋਂ ਸ੍ਰੀ ਪਟਨਾ ਸਾਹਿਬ ਲਈ ਹਵਾਈ ਸੇਵਾ ਸ਼ੁਰੂ ਹੋਣ ਨਾਲ ਤਖ਼ਤ ਸਾਹਿਬ ਦੇ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਆਵਾਜਾਈ ਦੀ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਇਸ ਲਈ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਚੰਦੂਮਾਜਰਾ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਪਟਨਾ ਸਾਹਿਬ ਲਈ ਉਡਾਨ ਸ਼ੁਰੂ ਹੋਣ ਦੀ ਬੇਹੱਦ ਖੁਸ਼ੀ ਹੈ। ਇਹ ਸੰਗਤਾਂ ਦੇ ਨਾਲ-ਨਾਲ ਕੇਂਦਰੀ ਮੰਤਰੀ ਸ੍ਰੀ ਸੁਰੇਸ਼ ਪ੍ਰਭੂ ਤੇ ਸ. ਹਰਦੀਪ ਸਿੰਘ ਪੁਰੀ ਦੇ ਸਹਿਯੋਗ ਨਾਲ ਹੀ ਸੰਭਵ ਹੋਇਆ ਹੈ। ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਢਿੱਲੋਂ, ਮੀਤ ਪ੍ਰਧਾਨ ਸ. ਇੰਦਰਜੀਤ ਸਿੰਘ ਟਾਟਾ ਨਗਰ, ਮੈਂਬਰ ਸ. ਹਰਪਾਲ ਸਿੰਘ ਜੋਹਲ, ਸ. ਜਗਜੋਤ ਸਿੰਘ, ਸ. ਇੰਦਰਜੀਤ ਸਿੰਘ, ਸ. ਲਖਵਿੰਦਰ ਸਿੰਘ, ਸ. ਤਰਲੋਚਨ ਸਿੰਘ ਆਦਿ ਵੀ ਮੌਜੂਦ ਸਨ।

ਭਾਈ ਲੌਂਗੋਵਾਲ, ਪ੍ਰੋ. ਚੰਦੂਮਾਜਰਾ ਤੇ ਹੋਰਾਂ ਵੱਲੋਂ ਸ੍ਰੀ ਨਿਤਿਸ਼ ਕੁਮਾਰ ਨਾਲ ਮੁਲਾਕਾਤ

ਮੋਹਾਲੀ ਤੋਂ ਸ੍ਰੀ ਪਟਨਾ ਸਾਹਿਬ ਲਈ ਸ਼ੁਰੂ ਹੋਈ ਹਵਾਈ ਸੇਵਾ ਦੀ ਪਹਿਲੀ ਉਡਾਨ ਰਾਹੀਂ ਸ੍ਰੀ ਪਟਨਾ ਸਾਹਿਬ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਸੰਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਹੋਰਾਂ ਨੇ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਿੱਖ ਆਗੂਆਂ ਨੇ ਸ੍ਰੀ ਨਿਤਿਸ਼ ਕੁਮਾਰ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆ ਰਹੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਬਿਹਾਰ ਦੇ ਮੁੱਖ ਮੰਤਰੀ ਨੇ ਭਾਈ ਲੌਂਗੋਵਾਲ ਨੂੰ 400 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਹਰ ਪੱਧਰ ’ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਮੋਹਾਲੀ ਤੋਂ ਸ੍ਰੀ ਪਟਨਾ ਸਾਹਿਬ ਆਉਣ ਵਾਲੀ ਪਹਿਲੀ ਉਡਾਨ ਦੇ ਸ਼ਰਧਾਲੂਆਂ ਲਈ ਜੀ-ਆਇਆਂ ਦੇ ਸ਼ਬਦ ਕਹੇ ਅਤੇ ਇਸ ਉਡਾਨ ਨੂੰ ਇਕ ਇਤਿਹਾਸਕ ਕਦਮ ਦੱਸਿਆ। ਇਸ ਮੌਕੇ ਸ੍ਰੀ ਨਿਤਿਸ਼ ਕੁਮਾਰ ਵੱਲੋਂ ਸਿੱਖ ਆਗੂਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਸਮੇਂ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਵਿਧਾਇਕ ਸ. ਹਰਿੰਦਰਪਾਲ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸ. ਕਰਨੈਲ ਸਿੰਘ ਪੰਜੋਲੀ, ਐਡਵੋਕੇਟ ਸ. ਸਿਮਰਨਜੀਤ ਸਿੰਘ ਚੰਦੂਮਾਜਰਾ, ਸ. ਮਹਿੰਦਰ ਸਿੰਘ ਢਿੱਲੋਂ, ਸ. ਹਰਪਾਲ ਸਿੰਘ ਜੋਹਲ, ਸ. ਇੰਦਰਜੀਤ ਸਿੰਘ, ਸ. ਜਗਜੋਤ ਸਿੰਘ ਆਦਿ ਮੌਜੂਦ ਸਨ।