ਅੰਮ੍ਰਿਤਸਰ, ੧੪ ਸਤੰਬਰ – ਉੜੀਸਾ ਦੇ ਪੁਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਨਾਲ ਸਬੰਧਤ ਅਸਥਾਨ ਨੂੰ ਢਾਹੇ ਜਾਣ ਦੀਆਂ ਖਬਰਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਮਲੇ ਦੀ ਜਾਣਕਾਰੀ ਲਈ ਇੱਕ ਵਫਦ ਉੜੀਸਾ ਭੇਜਣ ਦਾ ਫੈਸਲਾ ਕੀਤਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜਗਨਨਾਥ ਪੁਰੀ ਵਿਖੇ ਕੁਝ ਮੱਠ ਢਾਹੇ ਜਾਣ ਦੀਆਂ ਖਬਰਾਂ ਹਨ ਤੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਢਾਹੇ ਗਏ ਅਸਥਾਨਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਵੀ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਸਲੀਅਤ ਜਾਣਨ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਉੜੀਸਾ ਭੇਜਿਆ ਜਾ ਰਿਹਾ ਹੈ, ਜੋ ਉਥੇ ਦੀ ਮੁਕੰਮਲ ਜਾਣਕਾਰੀ ਹਾਸਿਲ ਕਰੇਗਾ। ਉਨ੍ਹਾਂ ਕਿਹਾ ਕਿ ਰਿਪੋਰਟ ਆਉਣ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ।