[embedyt] https://www.youtube.com/watch?v=dvIGOWEz_q4[/embedyt]

ਸ਼੍ਰੋਮਣੀ ਕਮੇਟੀ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ’ਚ ਕਰਵਾਏਗੀ ਸੈਮੀਨਾਰ -ਭਾਈ ਲੌਂਗੋਵਾਲ
ਸੁਲਤਾਨਪੁਰ ਲੋਧੀ ਵਿਖੇ ਛੇ ਯਾਦਗਾਰੀ ਗੇਟ ਉਸਾਰੇ ਜਾਣਗੇ -ਭਾਈ ਲੌਂਗੋਵਾਲ

ਸੁਲਤਾਨਪੁਰ ਲੋਧੀ, 15 ਫ਼ਰਵਰੀ-
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਸਲਾਹਕਾਰ ਕਮੇਟੀ ਦੀ ਇਕੱਤਰਤਾ ਅੱਜ ਇਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ। ਇਕੱਤਰਤਾ ਦੌਰਾਨ ਹਾਜ਼ਰ ਮੈਂਬਰਾਂ ਨੇ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਜਿੱਥੇ ਵਡਮੁੱਲੇ ਸੁਝਾਅ ਦਿੱਤੇ, ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਢਲੇ ਤੌਰ ‘ਤੇ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਨੂੰ ਵੀ ਅੰਤਿਮ ਰੂਪ ਦਿੱਤਾ ਗਿਆ। ਇਕੱਤਰਤਾ ਤੋਂ ਬਾਅਦ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗਵਾਲ ਨੇ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਕੌਮਾਂਤਰੀ ਪੱਧਰ ‘ਤੇ ਮਨਾਉਣ ਲਈ ਰੂਪ-ਰੇਖਾ ਨਿਰਧਾਰਤ ਕਰ ਲਈ ਗਈ ਹੈ ਅਤੇ ਆਰੰਭਕ ਫੈਸਲੇ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਸਮੇਤ ਭਾਰਤ ਦੇ ਪ੍ਰਮੁੱਖ ਸ਼ਹਿਰਾਂ ਦਿੱਲੀ, ਕਲਕੱਤਾ, ਮੁੰਬਈ ਅਤੇ ਜੰਮੂ ਕਸ਼ਮੀਰ ਵਿਖੇ ਸੈਮੀਨਾਰ ਕਰਵਾਏ ਜਾਣਗੇ। ਭਾਈ ਲੋਂਗੋਵਾਲ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਿੱਤੀ ਗਈ ਸਰਬਕਾਲੀ ਵਿਚਾਰਧਾਰਾ ਨੂੰ ਕਰਵਾਏ ਜਾਣ ਵਾਲੇ ਸੈਮੀਨਾਰਾਂ ਦਾ ਹਿੱਸਾ ਬਣਾਇਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਸੁਲਤਾਨਪੁਰ ਲੋਧੀ ਨੂੰ ਪਹੁੰਚਦੇ ਮਾਰਗਾਂ ‘ਤੇ ਛੇ ਯਾਦਗਾਰੀ ਗੇਟ ਬਣਾਏ ਜਾਣਗੇ ਅਤੇ ਇਹ ਗੇਟ ਗੁਰੂ ਸਾਹਿਬ ਨਾਲ ਸਬੰਧਤ ਵੱਖ-ਵੱਖ ਇਤਿਹਾਸਕ ਸ਼ਖਸੀਅਤਾਂ ਦੇ ਨਾਵਾਂ ‘ਤੇ ਹੋਣਗੇ। ਉਨ੍ਹਾਂ ਵਿਸਥਾਰ ਦਿੰਦਿਆਂ ਦੱਸਿਆ ਕਿ ਸੁਲਤਾਨਪੁਰ ਤੋਂ ਕਪੂਰਥਲਾ ਰੋਡ ‘ਤੇ ਸਥਾਪਤ ਕੀਤਾ ਜਾਣ ਵਾਲਾ ਗੇਟ ‘ਬੇਬੇ ਨਾਨਕੀ ਜੀ’ ਦੇ ਨਾਮ ਪੁਰ ਹੋਵੇਗਾ ਅਤੇ ਇਸੇ ਤਰ੍ਹਾਂ ਡੱਲ੍ਹਾ ਰੋਡ ‘ਤੇ ‘ਮਾਤਾ ਸੁਲੱਖਣੀ ਗੇਟ’, ਲੋਹੀਆਂ ਰੋਡ ‘ਤੇ ‘ਭਾਈ ਮਰਦਾਨਾ ਗੇਟ’, ਭਰੋਆਣਾ ਰੋਡ ‘ਤੇ ‘ਭਾਈ ਜੈਰਾਮ ਗੇਟ’, ਗੋਇੰਦਵਾਲ ਸਾਹਿਬ ਰੋਡ ‘ਤੇ ‘ਰਾਇ ਬੁਲਾਰ ਗੇਟ’ ਅਤੇ ਬੁੱਸੋਵਾਲ ਰੋਡ ‘ਤੇ ‘ਬਾਬਾ ਸ੍ਰੀ ਚੰਦ/ਬਾਬਾ ਲਖਮੀ ਦਾਸ ਗੇਟ’ ਉਸਾਰੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਗੁਰਮਤਿ ਸਮਾਗਮਾਂ ਦਾ ਪ੍ਰਬੰਧ ਵੀ ਕਰੇਗੀ ਤਾਂ ਜੋ ਗੁਰੂ ਸਾਹਿਬ ਦਾ ਵਿਸ਼ਵ ਵਿਆਪੀ ਸੁਨੇਹਾ ਵਿਸ਼ਵ ਭਰ ਵਿਚ ਫੈਲਾਇਆ ਜਾ ਸਕੇ। ਉਨ੍ਹਾਂ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ), ਗੁਰਦੁਆਰਾ ਨਾਨਕਮਤਾ ਸਾਹਿਬ (ਉਤਰਾਖੰਡ), ਗੁਰਦੁਆਰਾ ਨਾਨਕ ਝੀਰਾ ਸਾਹਿਬ, ਬਿਦਰ (ਕਰਨਾਟਕ), ਗੁਰਦੁਆਰਾ ਦਾਤਣ ਸਾਹਿਬ ਕਟਕ (ਉੜੀਸਾ), ਗੁਰਦੁਆਰਾ ਕਪਾਲ ਮੋਚਨ ਸਾਹਿਬ, ਕੁਰੂਕਸ਼ੇਤਰ (ਹਰਿਆਣਾ), ਗੁਰਦੁਆਰਾ ਗੁਰੂ ਨਾਨਕ ਦੇਵ ਜੀ ਮਟਨ (ਜੰਮੂ ਕਸ਼ਮੀਰ), ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਅਤੇ ਢਾਕਾ (ਬੰਗਲਾਦੇਸ਼) ਵਿਖੇ ਕਰਵਾਏ ਜਾਣ ਵਾਲੇ ਸਮਾਗਮ ਵਿਸ਼ੇਸ਼ ਹੋਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਸ਼੍ਰੋਮਣੀ ਕਮੇਟੀ ਵੱਲੋਂ ਸਮੁੱਚੇ ਭਾਰਤ ਵਿਚ ਗੁਰਮਤਿ ਸਮਾਗਮ ਉਲੀਕੇ ਜਾਣਗੇ। ਭਾਈ ਲੌਂਗੋਵਾਲ ਨੇ ਅੱਗੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ 550ਸਾਲਾ ਪ੍ਰਕਾਸ਼ ਸ਼ਤਾਬਦੀ ਸਬੰਧੀ 5 ਵਿਸ਼ਾਲ ਨਗਰ ਕੀਰਤਨਾਂ ਦਾ ਵੀ ਆਯੋਜਨ ਕੀਤਾ ਕੀਤਾ ਜਾਵੇਗਾ। ਜਿਨ੍ਹਾਂ ਵਿਚ ਦੋ ਨਗਰ ਕੀਰਤਨ ਇਸੇ ਸਾਲ ਅਤੇ 3 ਨਗਰ ਕੀਰਤਨ 2019 ਵਿਚ ਸਜਾਏ ਜਾਣਗੇ। 2018 ਵਿਚ ਸਜਾਏ ਜਾਣ ਵਾਲੇ ਨਗਰ ਕੀਰਤਨ ਸ੍ਰੀਨਗਰ (ਜੰਮੂ ਕਸ਼ਮੀਰ) ਤੋਂ ਸੁਲਤਾਨਪੁਰ ਲੋਧੀ ਤਕ ਅਤੇ ਗੁਰਦੁਆਰਾ ਨਾਨਕਮਤਾ ਸਾਹਿਬ (ਉਤਰਾਖੰਡ) ਤੋਂ ਸੁਲਤਾਨਪੁਰ ਲੋਧੀ ਤਕ ਹੋਣਗੇ। ਭਾਈ ਲੌਂਗੋਵਾਲ ਨੇ ਸਪੱਸ਼ਟ ਕੀਤਾ ਕਿ 2019 ਵਿਚ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਦਾ ਰੂਟ ਵੀ ਜਲਦ ਹੀ ਨਿਰਧਾਰਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦਰਸ਼ਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਬਾਰੇ ਬਹੁ-ਭਾਸ਼ਾਵੀ ਪੁਸਤਕਾਂ ਪ੍ਰਕਾਸ਼ਤ ਕੀਤੀਆਂ ਜਾਣਗੀਆਂ ਅਤੇ ਇਸ ਸਬੰਧੀ ਬਹੁਤ ਜਲਦ ਇਕ ਸਬ-ਕਮੇਟੀ ਗਠਿਤ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹਾਜ਼ਰ ਮੈਂਬਰਾਂ ਵੱਲੋਂ ਪੁੱੱਜੇ ਸੁਝਾਵਾਂ ਦੇ ਮੱਦੇਨਜ਼ਰ ਕਿਹਾ ਕਿ ਭਾਰਤ ਅਤੇ ਪੰਜਾਬ ਸਰਕਾਰ ਨਾਲ ਸ਼੍ਰੋਮਣੀ ਕਮੇਟੀ ਰਾਬਤਾ ਬਣਾਵੇਗੀ ਤਾਂ ਜੋ ਇਤਿਹਾਸਕ ਨਗਰ ਸੁਲਤਾਨਪੁਰ ਲੋਧੀ ਦੇ ਵਿਕਾਸ ਵਿਚ ਕਿਸੇ ਕਿਸਮ ਦੀ ਕਮੀ ਨਾ ਰਹੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਅਤੇ ਖਾਸਕਰ ਭਾਰਤ ਦੀਆਂ ਯੂਨੀਵਰਸਿਟੀਆਂ ਨੂੰ ਅਪੀਲ ਕੀਤੀ ਕਿ ਪਹਿਲੇ ਪਾਤਸ਼ਾਹ ਜੀ ਦੀ ਵਿਚਾਰਧਾਰਾਂ ਨੂੰ ਪ੍ਰਚਾਰਨ ਲਈ ਸੈਮੀਨਾਰ ਅਤੇ ਸਮਾਗਮ ਰਚਾਉਣ ਲਈ ਅੱਗੇ ਆਉਣ।
ਇਕੱਤਰਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਦੇ ਨਵੇਂ ਉਸਾਰੇ ਜਾਣ ਵਾਲੇ ਪ੍ਰਬੰਧਕੀ ਕੰਪਲੈਕਸ ਦੀ ਸੇਵਾ ਵੀ ਆਰੰਭ ਕਰਵਾਈ। ਇਹ ਸੇਵਾ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲਿਆਂ ਵੱਲੋਂ ਕਰਵਾਈ ਜਾਵੇਗੀ। ਕਾਰ ਸੇਵਾ ਆਰੰਭ ਕਰਵਾਉਣ ਸਮੇਂ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਬਲਬੀਰ ਸਿੰਘ ਸੀਚੇਵਾਲ, ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲੇ, ਬਾਬਾ ਗੁਰਚਰਨ ਸਿੰਘ ਠੱਠਾ ਟਿੱਬਾ ਵੀ ਮੌਜੂਦ ਸਨ। 
ਅੱਜ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸਾਬਕਾ ਮੰਤਰੀ ਬੀਬੀ ਉਪਿੰਦਰਜੀਤ ਕੌਰ, ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ, ਅੰਤ੍ਰਿੰਗ ਮੈਂਬਰਾਨ ਸ. ਲਖਬੀਰ ਸਿੰਘ ਅਰਾਈਆਂ ਵਾਲਾ, ਸ. ਨਵਤੇਜ ਸਿੰਘ ਕਾਉਣੀ, ਸ. ਗੁਰਮੀਤ ਸਿੰਘ ਬੂਹ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਰਵਿੰਦਰ ਸਿੰਘ ਸਿੰਘ ਚੱਕ, ਸ. ਗੁਰਤੇਜ ਸਿੰਘ ਢੱਡੇ, ਸ. ਸੱਜਣ ਸਿੰਘ ਬੱਜੂਮਾਨ, ਸ. ਅਮਰੀਕ ਸਿੰਘ ਸ਼ਾਹਪੁਰ, ਸ਼੍ਰੋਮਣੀ ਕਮੇਟੀ ਮੈਂਬਰਾਨ ਸ. ਜਰਨੈਲ ਸਿੰਘ ਡੋਗਰਾਂਵਾਲਾ, ਭਾਈ ਰਾਮ ਸਿੰਘ, ਸ. ਸੁਖਵਰਸ਼ ਸਿੰਘ ਪੰਨੂੰ, ਭਾਈ ਅਜਾਇਬ ਸਿੰਘ ਅਭਿਆਸੀ, ਸ.ਅਵਤਾਰ ਸਿੰਘ ਵਣਵਾਲਾ, ਸ. ਸਰਵਣ ਸਿੰਘ ਕੁਲਾਰ, ਸ. ਮਿੱਠੂ ਸਿੰਘ ਕਾਹਨੇਕੇ, ਸ. ਭਗਵਾਨ ਸਿੰਘ ਜੌਹਲ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾ ਸਿੰਘਾ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਸ. ਚਾਨਣ ਸਿੰਘ ਤੇ ਸ. ਸਿਮਰਜੀਤ ਸਿੰਘ, ਮੈਨੇਜਰ ਸ. ਜਰਨੈਲ ਸਿੰਘ ਤੇ ਸ. ਸਰਬਜੀਤ ਸਿੰਘ ਧੂੰਦਾ, ਬਾਬਾ ਗੁਰਪ੍ਰੀਤ ਸਿੰਘ ਕਾਰ ਸੇਵਾ ਖਡੂਰ ਸਾਹਿਬ, ਬਾਬਾ ਜੱਗਾ ਸਿੰਘ, ਬਾਬਾ ਮਹਿੰਦਰ ਸਿੰਘ, ਬਾਬਾ ਦਲਜੀਤ ਸਿੰਘ, ਬਾਬਾ ਜੋਗਾ ਸਿੰਘ, ਬਾਬਾ ਨੱਥਾ ਸਿੰਘ, ਬਾਬਾ ਬਲਵੰਤ ਸਿੰਘ, ਬਾਬਾ ਰਾਮ ਸਿੰਘ ਭਿੰਡਰ ਆਦਿ ਹਾਜ਼ਰ ਸਨ।