ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ’ਚ ਸਿੱਖ ਦੁਕਾਨਦਾਰ ਦੀ ਹੱਤਿਆ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 1 ਅਪ੍ਰੈਲ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਸ਼ਹਿਰ ਪਿਸ਼ਾਵਰ ’ਚ ਸਿੱਖ ਦੁਕਾਨਦਾਰ ਸ. ਦਿਆਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪਾਕਿਸਤਾਨ ਅੰਦਰ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਉਥੋਂ ਦੀ ਸਰਕਾਰ ਨੂੰ ਸੰਜੀਦਾ ਹੋਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ਅੰਦਰ ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਜੇਕਰ ਸਰਕਾਰ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਹੁੰਦੀਆਂ ਤਾਂ ਮੁੜ ਅਜਿਹਾ ਨਾ ਵਾਪਰਦਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਸਰਕਾਰ ਪਾਸੋਂ ਹਮਲਾ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਸ੍ਰੀ ਐਸ. ਜੈਸ਼ੰਕਰ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਇਸ ਮਾਮਲੇ ਵਿਚ ਪਾਕਿਸਤਾਨ ਸਰਕਾਰ ਪਾਸ ਸਖ਼ਤ ਇਤਰਾਜ਼ ਪ੍ਰਗਟ ਕਰਨ ਅਤੇ ਭਵਿੱਖ ਅੰਦਰ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਵਾਸਤੇ ਢੁੱਕਵੇਂ ਕਦਮ ਚੁੱਕਣ ਲਈ ਕਹਿਣ।