ਅੰਮ੍ਰਿਤਸਰ 11 ਜੁਲਾਈ- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਦਸਾਂ ਪਾਤਸ਼ਾਹੀਆਂ ਦੀ ਜੋਤ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਸੇਵਾ ਸੰਭਾਲ ਪ੍ਰਤੀ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਸੁਹਿਰਦਤਾ ਨਾਲ ਕਾਰਜਸ਼ੀਲ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਪਿੰਡ ਜਵਾਹਰ ਸਿੰਘ ਵਾਲਾ (ਫਰੀਦਕੋਟ) ਦੇ ਗੁਰਦੁਆਰਾ ਸਾਹਿਬ ‘ਚੋਂ ਸ਼ਰਾਰਤੀ ਅਨਸਰਾਂ ਵੱਲੋਂ ੧ ਜੂਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਕਰ ਲਿਆ ਗਿਆ ਸੀ।ਉਸ ਬਾਰੇ ਮੈਨੇਜਰ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵੱਲੋਂ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਪੱਤਰਕਾ ਭੇਜ ਕੇ ਨੋਟਿਸ ਵਿੱਚ ਲਿਆਂਦਾ ਗਿਆ ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਮਸਲੇ ਦੀ ਪੜਤਾਲ ਲਈ ਭਾਈ ਅਵਤਾਰ ਸਿੰਘ ਤੇ ਭਾਈ ਰਵਿੰਦਰ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਡਿਊਟੀ ਲਗਾ ਕੇ ਉਕਤ ਗੁਰਦੁਆਰਾ ਸਾਹਿਬ ਵਿਖੇ ਭੇਜਿਆ ਗਿਆ।
ਉਨ੍ਹਾਂ ਕਿਹਾ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸ. ਸੁਖਦੇਵ ਸਿੰਘ ਬਾਠ ਮੈਂਬਰ ਸ਼੍ਰੋਮਣੀ ਕਮੇਟੀ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਨੂੰ ਵੀ ਘਟਨਾ ਸਥਾਨ ‘ਤੇ ਪਹੁੰਚਣ ਲਈ ਕਿਹਾ ਗਿਆ ਸੀ। ਉਹ ਵੀ ਤੁਰੰਤ ਉਥੇ ਪਹੁੰਚੇ ਸਨ ਤੇ ਉਨ੍ਹਾਂ ਨੇ ਸੰਗਤਾਂ ਨੂੰ ਕਿਹਾ ਕਿ ਜਿਨ੍ਹਾਂ ਚਿਰ ਪਾਵਨ ਸਰੂਪ ਮਿਲ ਨਹੀਂ ਜਾਂਦੇ ਓਨੀ ਦੇਰ ਤੱਕ ਪਸ਼ਚਾਤਾਪ ਵਜੋਂ ਨਿਰੰਤਰ ਚੌਪਈ ਸਾਹਿਬ ਦੇ ਪਾਠ ਕੀਤੇ ਜਾਣ।ਇਸ ਦੇ ਨਾਲ ਹੀ ਸਿੰਘ ਸਾਹਿਬ ਦੇ ਆਦੇਸ਼ ਅਨੁਸਾਰ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋਂ ਤੋਂ ਗੁਰੂ-ਘਰ ‘ਚ ਮਰਿਯਾਦਾ ਨਿਭਾਉਣ ਲਈ ਇਕ ਗ੍ਰੰਥੀ ਸਿੰਘ ਦੀ ਡਿਊਟੀ ਵੀ ਲਗਾਈ ਗਈ ਹੈ।ਉਕਤ ਘਟਨਾ ਸਬੰਧੀ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੇ ਗਏ ਯਾਦ ਪੱਤਰ ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਸਤਿਕਾਰ ਪ੍ਰਤੀ ਜਥੇਬੰਦੀਆਂ ਦੇ ਦਰਦ ਨੂੰ ਪੂਰੀ ਤਰ੍ਹਾਂ ਸਮਝਦੇ ਹਨ।ਸ਼੍ਰੋਮਣੀ ਕਮੇਟੀ ਇਸ ਮਸਲੇ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦਾ ਪਤਾ ਲੱਗਣ ਤੇ ਤੁਰੰਤ ਆਈ ਜੀ ਪੁਲੀਸ ਉਮਰਾਨੰਗਲ ਅਤੇ ਐਸ ਐਸ ਪੀ ਨਾਲ ਗੱਲਬਾਤ ਕੀਤੀ ਸੀ।ਉਨ੍ਹਾਂ ਕਿਹਾ ਸੀ ਕਿ ਪ੍ਰਸ਼ਾਸਨ ਇਸ ਮਸਲੇ ‘ਚ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਵੀ ਸ਼੍ਰੋਮਣੀ ਕਮੇਟੀ ਲਗਾਤਾਰ ਪ੍ਰਸ਼ਾਸਨ ਦੇ ਸੰਪਰਕ ‘ਚ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਮਹਿਸੂਸ ਕਰ ਰਹੀ ਹੈ ਕਿ ਪਾਵਨ ਸਰੂਪ ਦੇ ਚੋਰੀ ਹੋਣ ਦੀ ਵਾਪਰੀ ਦੁਖਦਾਈ ਘਟਨਾ ਦੇ ਪਸ਼ਚਾਤਾਪ ਵਜੋਂ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਪਾਠ ਕਰਵਾਇਆ ਜਾਵੇ।
ਉਨ੍ਹਾਂ ਕਿਹਾ ਕਿ ਇਹ ਮਾਮਲਾ ਬਹੁਤ ਹੀ ਨਾਜੁਕ ਤੇ ਗੰਭੀਰ ਹੈ।ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨਾਲ ਗੱਲ ਹੋਈ ਹੈ। ਪ੍ਰਸ਼ਾਸਨ ਨੇ ਦੱਸਿਆ ਹੈ ਕਿ ਪੂਰੀ ਸੁਹਿਰਦਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਗੁਰੂ ਕ੍ਰਿਪਾ ਸਦਕਾ ਜਲਦੀ ਹੀ ਸਿੱਟੇ ਸਾਹਮਣੇ ਆਉਣਗੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਹਰ ਵਾਰ ਅਖ਼ਬਾਰਾਂ ‘ਚ ਇਸ਼ਤਿਹਾਰ ਛਪਵਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਤੇ ਸੇਵਾ-ਸੰਭਾਲ ਨੂੰ ਸੁਹਿਰਦਤਾ ਨਾਲ ਨਿਭਾਉਣ ਲਈ ਗ੍ਰੰਥੀ ਸਿੰਘਾਂ ਤੇ ਪ੍ਰਬੰਧਕਾਂ ਨੂੰ ਸੁਚੇਤ ਕੀਤਾ ਜਾਂਦਾ ਹੈ।ਇਸ ਕਾਰਜ ਵਿਚ ਸਬੰਧਤ ਗੁਰਦੁਆਰਾ ਸਾਹਿਬਾਨ ਦੇ ਗ੍ਰੰਥੀ ਸਿੰਘ ਤੇ ਪ੍ਰਬੰਧਕ ਜ਼ਿੰਮੇਵਾਰ ਹਨ।