ਅੰਮ੍ਰਿਤਸਰ 10 ਅਪ੍ਰੈਲ (       ) ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਲੋਟ ‘ਚ ਪਿੰਡ ਔਲਖ ਦੇ ਗੁਰਦੁਆਰਾ ਸਾਹਿਬ ਵਿਖੇ ਸੁਖਆਸਨ ਅਸਥਾਨ ਵਿੱਚ ਸ਼ਾਰਟ ਸਰਕਟ ਕਾਰਣ ਪਲਾਸਟਿਕ ਦੀ ਪੱਖੀ ਦੇ ਗਰਮ ਹੋ ਕੇ ਥੱਲੇ ਡਿੱਗਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ੭ ਪਾਵਨ ਸਰੂਪ ਅਗਨ ਭੇਟ ਹੋ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।।
ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼ਾਰਟ ਸਰਕਟ ਕਾਰਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣੀ ਪ੍ਰਬੰਧਕਾਂ ਦੀ ਅਣਗਹਿਲੀ ਦਾ ਨਤੀਜਾ ਹੈ।ਉਨ੍ਹਾਂ ਕਿਹਾ ਕਿ ਸੰਗਤਾਂ ਗੁਰ-ਘਰ ਤਾਂ ਬਣਾ ਲੈਂਦੀਆਂ ਹਨ, ਪਰ ਗੁਰੂ ਘਰ ਦੀ ਹਿਫ਼ਾਜਤ ਤੇ ਉਸ ਵਿੱਚ ਬਿਰਾਜਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤੇ ਗੁਰਬਾਣੀ ਦਾ ਆਦਰ-ਸਤਿਕਾਰ ਕਰਨ ਵਿੱਚ ਵੱਡੀ ਅਣਗਹਿਲੀ ਵਰਤ ਜਾਂਦੀਆਂ ਹਨ।ਪ੍ਰੋ. ਬਡੂੰਗਰ ਨੇ ਕਿਹਾ ਕਿ ਪਿੰਡ ਔਲਖ ਵਿੱਚ ਵਾਪਰੀ ਘਟਨਾ ਲਈ ਸਬੰਧਤ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ. ਜਰਨੈਲ ਸਿੰਘ ਤੇ ਮੁੱਖ ਗ੍ਰੰਥੀ ਭਾਈ ਹਰਪ੍ਰੀਤ ਸਿੰਘ ਤੋਂ ਪੂਰੀ ਰਿਪੋਰਟ ਦੀ ਮੰਗ ਕੀਤੀ ਗਈ ਹੈ ਜਿਸ ਬਾਬਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਇਕ ਵਾਰ ਫਿਰ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸੰਗਤਾਂ ਨੂੰ ਅਗਾਊਂ ਸੁਚੇਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਖਆਸਣ ਅਸਥਾਨ ਤੇ ਵਾਇਰਿੰਗ ਵਾਸਤੇ ਵਧੀਆ ਕਿਸਮ ਦੀ ਤਾਰ, ਸਵਿੱਚ ਅਤੇ ਉਪਕਰਨ ਵਰਤਣ।ਉਨ੍ਹਾਂ ਕਿਹਾ ਕਿ ਇਨ੍ਹਾਂ ਹਿਰਦੇ-ਵੇਦਕ ਘਟਨਾਵਾਂ ਨੂੰ ਰੋਕਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਬਿਜਲੀ ਨਾਲ ਚੱਲਣ ਵਾਲੇ ਉਪਕਰਨ ਤੋਂ ਥੋੜ੍ਹੀ ਦੂਰ ਰੱਖੇ ਜਾਣ ਤੇ ਸੁੱਖਆਸਣ ਕਰਨ ਤੋਂ ਬਾਅਦ ਬੰਦ ਕਰ ਦਿੱਤੇ ਜਾਣ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਬਹਾਲ ਰੱਖਿਆ ਜਾ ਸਕੇ।