ਅੰਮ੍ਰਿਤਸਰ, ੦੩ ਮਾਰਚ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੰਮ੍ਰਿਤਸਰ ਦੇ ਪਿੰਡ ਕਾਲੇ ਤੋਂ ਮਨੀਕਰਨ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਜੀ ਦੀ ਯਾਤਰਾ ‘ਤੇ ਗਏ ੮ ਨੌਜਵਾਨਾਂ ਦੀ ਦੁਰਘਟਨਾ ਦੌਰਾਨ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਇਜਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਦੁਰਘਟਨਾ ਵਿਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਦੇ ਦੁੱਖ ਵਿਚ ਸ਼ਰੀਕ ਹੈ। ਉਨ੍ਹਾਂ ਕਿਹਾ ਕਿ ਅਜੇ ਕੁਝ ਦਿਨ ਪਹਿਲਾਂ ਹੀ ਇਸੇ ਪਿੰਡ ਦੇ ਕੁਝ ਬੱਚੇ ਇੱਕ ਗੁਰਦੁਆਰਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਦੋਰਾਨ ਗੈਸੀ ਗੁਬਾਰੇ ਭਰਨ ਵਾਲਾ ਸਿਲੰਡਰ ਫੱਟਣ ਨਾਲ ਜਖਮੀ ਹੋ ਗਏ ਸਨ ਅਤੇ ਇਨ੍ਹਾਂ ਵਿੱਚੋਂ ਕੁਝ ਬੱਚਿਆਂ ਦੀਆਂ ਲੱਤਾਂ ਵੀ ਕੱਟੀਆਂ ਗਈਆ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹੁਣ ਇਸੇ ਹੀ ਪਿੰਡ ਦੇ ਨੌਜਵਾਨਾਂ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣਾ ਬੇਹੱਦ ਅਫਸੋਸਨਾਕ ਹੈ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ।