ਅੰਮ੍ਰਿਤਸਰ, 30 ਅਪ੍ਰੈਲ –  ਜਗਰਾਓਂ ਨੇੜਲੇ ਪਿੰਡ ਲੰਮੇ ਵਿਚ ਬੀਤੇ ਦਿਨ ਪਾਵਨ ਗੁਰਬਾਣੀ ਦੀਆਂ ਦੋ ਸੈਂਚੀਆਂ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਰੜੇ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਪਾਵਨ ਗੁਰਬਾਣੀ ਦੀ ਬੇਅਦਬੀ ਦਾ ਵਰਤਾਰਾ ਚੱਲ ਰਿਹਾ ਹੈ, ਜਿਸ ਨੂੰ ਰੋਕਣ ਵਿਚ ਨਾ ਹੀ ਪ੍ਰਸ਼ਾਸਨ ਤੇ ਪੁਲਿਸ ਹੀ ਕਾਮਯਾਬ ਹੋਈ ਅਤੇ ਨਾ ਹੀ ਪ੍ਰਬੰਧਕ ਕਮੇਟੀਆਂ ਹੀ ਗੰਭੀਰ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਗੁਰਬਾਣੀ ਸਮੁੱਚੀ ਮਨੁੱਖਤਾ ਨੂੰ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ, ਜਿਸ ਅਨੁਸਾਰ ਚੱਲ ਕੇ ਅਸੀਂ ਆਪਣਾ ਜੀਵਨ ਰਾਹ ਰੁਸ਼ਨਾਉਣਾ ਹੈ। ਪਰ ਦੁੱਖ ਦੀ ਗੱਲ ਹੈ ਕਿ ਅੰਮ੍ਰਿਤਮਈ ਜੀਵਨ ਦੇਣ ਵਾਲੀ ਪਾਵਨ ਗੁਰਬਾਣੀ ਦੀ ਬੇਅਦਬੀ ਦੀਆਂ ਦੁੱਖਮਈ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਬੱਤ ਦੇ ਭਲੇ ਦਾ ਰਸਤਾ ਦਿਖਾਉਣ ਵਾਲੀ ਪਾਵਨ ਗੁਰਬਾਣੀ ਦੀ ਬੇਅਦਬੀ ਕਰਨ ਵਾਲੇ ਅਨਸਰ ਬਿਨਾਂ ਸ਼ੱਕ ਮਨੁੱਖਤਾ ਤੇ ਅਮਨ ਸ਼ਾਂਤੀ ਦੇ ਵੈਰੀ ਹਨ। ਅਜਿਹੇ ਲੋਕ ਸਮਾਜ ਨੂੰ ਫਿਰਕੂਪੁਣੇ ਦੀ ਅੱਗ ਵਿਚ ਸੁੱਟਣਾ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਅਜਿਹੀਆਂ ਘਟਨਾਵਾਂ ਰੋਕਣ ਲਈ ਗੰਭੀਰਤਾ ਨਾਲ ਕਦਮ ਚੁੱਕਣੇ ਚਾਹੀਦੀ ਹਨ ਅਤੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਨੂੰ ਤੁਰੰਤ ਗ੍ਰਿਫਤਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਯੁੱਗ ਆਧੁਨਿਕ ਪ੍ਰਣਾਲੀਆਂ ਦਾ ਯੁੱਗ ਹੈ ਪਰ ਸਰਕਾਰਾਂ ਦੀ ਇਸ ਪ੍ਰਤੀ ਉਦਾਸੀਨਤਾ ਪ੍ਰਸ਼ਨ ਪੈਦਾ ਕਰਦੀ ਹੈ। ਪ੍ਰੋ: ਬਡੂੰਗਰ ਨੇ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ, ਪਾਵਨ ਪੋਥੀਆਂ ਤੇ ਗੁਟਕਾ ਸਾਹਿਬ ਦੀ ਸੰਭਾਲ ਨੂੰ ਆਮ ਵਾਂਗ ਨਹੀਂ ਲੈਣਾ ਚਾਹੀਦਾ ਸਗੋਂ ਆਪਣੀ ਜ਼ਿੰਮੇਵਾਰੀ ਕਬੂਲਦਿਆਂ ਕੁਸ਼ਲ ਪ੍ਰਬੰਧਕ ਬਣਨ ਦਾ ਸਬੂਤ ਦੇਣਾ ਚਾਹੀਦਾ ਹੈ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਪਿੰਡਾਂ ਦੀਆਂ ਮੋਹਤਬਰ ਸ਼ਖਸੀਅਤਾਂ, ਪੜ੍ਹੇ ਲਿਖੇ ਲੋਕਾਂ ਤੇ ਖਾਸਕਰ ਨੋਜੁਆਨੀ ਨੂੰ ਇਸ ਮਾਮਲੇ ਪ੍ਰਤੀ ਸੰਜੀਦਾ ਹੋਣ ਨੂੰ ਕਿਹਾ ਹੈ।