sਅੰਮ੍ਰਿਤਸਰ, 1 ਜਨਵਰੀ ੨੦੧੭ (       )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੇਸ਼-ਵਿਦੇਸ਼ ਦੇ ਸਮੂਹ ਗੁਰੂ-ਘਰਾਂ ਦੀਆਂ ਪ੍ਰਬੰਧਕ ਕਮੇਟੀਆਂ, ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਸੰਪਰਦਾਵਾਂ ਨੂੰ ਅਪੀਲ ਹੈ ਕਿ ਦਸਮ ਪਾਤਸ਼ਾਹ, ਸਰਬੰਸਦਾਨੀ, ਸਾਹਿਬ-ਏ-ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ੩੫੦ ਸਾਲਾ ਪ੍ਰਕਾਸ਼ ਪੁਰਬ ੫ ਜਨਵਰੀ ੨੦੧੭ ਨੂੰ ਪੂਰੇ ਵਿਸ਼ਵ ਵਿਚ ਵੱਡੀ ਪੱਧਰ ‘ਤੇ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ –ਵਿਦੇਸ਼ ਦੇ ਗੁਰੂ-ਘਰਾਂ ਅੰਦਰ ਇਸ ਸਬੰਧ ਵਿਚ ੩ ਜਨਵਰੀ ੨੦੧੭ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣ, ਜਿਨ੍ਹਾਂ ਦੇ ੫ ਜਨਵਰੀ ੨੦੧੭ ਨੂੰ ਭੋਗ ਉਪਰੰਤ ਕਥਾ-ਕੀਰਤਨ ਦੁਆਰਾ ਗੁਰੂ ਸਾਹਿਬ ਜੀ ਦੇ ਜੀਵਨ-ਫ਼ਲਸਫ਼ੇ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇ।
ਪ੍ਰੋ. ਬਡੂੰਗਰ ਨੇ ਕਿਹਾ ਕਿ ਦਸਮ ਪਾਤਸ਼ਾਹ ਜੀ ਨੇ ਜ਼ੁਲਮ ਨੂੰ ਮੁੱਢੋਂ ਹੀ ਖਤਮ ਕਰਨ ਲਈ ਕਰੜਾ ਸੰਘਰਸ਼ ਕਰਦਿਆਂ ਹੱਕ-ਸੱਚ ਤੇ ਮਨੁੱਖਤਾ ਦੀ ਭਲਾਈ ਲਈ ਆਪਣਾ ਸਰਬੰਸ ਕੁਰਬਾਨ ਕਰ ਕੇ ਦੁਨੀਆਂ ਅੰਦਰ ਇਕ ਨਿਵੇਕਲੀ ਮਿਸਾਲ ਕਾਇਮ ਕੀਤੀ। ਉਨ੍ਹਾਂ ਕਿਹਾ ਕਿ ਇਹ ਸਾਡੀ ਖੁਸ਼ਕਿਸਮਤੀ ਹੈ ਕਿ ਪਾਤਸ਼ਾਹ ਜੀ ਦਾ ੩੫੦ ਸਾਲਾ ਪ੍ਰਕਾਸ਼ ਪੁਰਬ ਮਨਾਉਣ ਦਾ ਸਾਨੂੰ ਮੌਕਾ ਪ੍ਰਾਪਤ ਹੋਇਆ ਹੈ। ਇਸ ਲਈ ਸਾਡਾ ਸਭ ਦਾ ਫਰਜ਼ ਹੈ ਕਿ ਵਿਸ਼ਵ ਪੱਧਰ ‘ਤੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕੀਤੇ ਜਾਣ।