ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪ੍ਰਚਾਰਕਾਂ ਤੇ ਧਾਰਮਿਕ ਅਧਿਆਪਕਾਂ ਨਾਲ ਕੀਤੀ ਇਕੱਤਰਤਾ
ਅੰਮ੍ਰਿਤਸਰ, ੦੭ ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਕੂਲੀ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਸਬੰਧੀ ਵਿਚਾਰਾਂ ਕਰਨ ਲਈ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਪ੍ਰਚਾਰਕਾਂ ਅਤੇ ਧਾਰਮਿਕ ਅਧਿਆਪਕਾਂ ਨਾਲ ਇਕੱਤਰਤਾ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਲੰਮੇ ਅਰਸੇ ਤੋਂ ਲਈ ਜਾ ਰਹੀ ਧਾਰਮਿਕ ਪ੍ਰੀਖਿਆ ਦਾ ਮੰਤਵ ਬੱਚਿਆਂ ਅਤੇ ਨੌਜਵਾਨਾਂ ਨੂੰ ਗੁਰਮਤਿ ਦੀ ਵਿਚਾਰਧਾਰਾ ਨਾਲ ਜੋੜਨਾ ਹੈ। ਉਨ੍ਹਾਂ ਆਖਿਆ ਕਿ ਪ੍ਰਚਾਰਕ ਤੇ ਧਾਰਮਿਕ ਅਧਿਆਪਕ ਵਿਦਿਆਰਥੀਆਂ ਅੰਦਰ ਧਾਰਮਿਕ ਸਿੱਖਿਆ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਭੂਮਿਕਾ ਨਿਭਾਅ ਸਕਦੇ ਹਨ। ਉਨ੍ਹਾਂ ਹਾਜ਼ਰ ਪ੍ਰਚਾਰਕਾਂ ਤੇ ਧਾਰਮਿਕ ਅਧਿਆਪਕਾਂ ਨੂੰ ਕਿਹਾ ਕਿ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਧਾਰਮਿਕ ਪ੍ਰੀਖਿਆ ਦੇਣ ਲਈ ਪ੍ਰੇਰਿਤ ਕੀਤਾ ਜਾਵੇ।
ਇਸ ਮੌਕੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਧਰਮ ਪ੍ਰਚਾਰ ਕਮੇਟੀ ਦੇ ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ. ਹਰਭਜਨ ਸਿੰਘ ਮਨਾਵਾਂ ਨੇ ਕਿਹਾ ਕਿ ਪ੍ਰਚਾਰਕ ਸ਼੍ਰੇਣੀ ਨੇ ਧਰਮ ਪ੍ਰਚਾਰ ਪ੍ਰਤੀ ਹਮੇਸ਼ਾ ਵੱਡੀਆਂ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਆਖਿਆ ਕਿ ਪ੍ਰਚਾਰਕ ਸੰਗਤ ਨੂੰ ਗੁਰਮਤਿ ਨਾਲ ਜੋੜਨ ਦੇ ਨਾਲ ਨਾਲ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨਾਲ ਵੀ ਸੰਵਾਦ ਰਚਾਉਣ ਤਾਂ ਜੋ ਕੌਮ ਦਾ ਭਵਿੱਖ ਇਨ੍ਹਾਂ ਬੱਚਿਆਂ ਅਤੇ ਨੌਜਵਾਨਾਂ ਨੂੰ ਕੌਮ ਦੇ ਸ਼ਾਨਾਮੱਤੇ ਇਤਿਹਾਸ, ਸਿਧਾਂਤਾਂ ਅਤੇ ਗੁਰਮਤਿ ਰਹਿਣੀ ਪ੍ਰਤੀ ਸੁਚੇਤ ਕੀਤਾ ਜਾ ਸਕੇ। ਇਸ ਤੋਂ ਇਲਾਵਾ ਸ. ਗੁਰਮੀਤ ਸਿੰਘ ਬੁੱਟਰ ਮੀਤ ਸਕੱਤਰ, ਪ੍ਰੋ: ਸੁਖਦੇਵ ਸਿੰਘ ਇੰਚਾਰਜ ਧਾਰਮਿਕ ਪ੍ਰੀਖਿਆ, ਗਿਆਨੀ ਸਵਰਨ ਸਿੰਘ ਇੰਚਾਰਜ ਸਿੱਖ ਮਿਸ਼ਨ ਜੰਮੂ ਕਸ਼ਮੀਰ ਤੇ ਬੀਬੀ ਬਲਜਿੰਦਰ ਕੌਰ ਧਾਰਮਿਕ ਅਧਿਆਪਕਾ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਸਰਵਣ ਸਿੰਘ, ਭਾਈ ਜੱਜ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਹੀਰਾ ਸਿੰਘ, ਭਾਈ ਬਲਵੰਤ ਸਿੰਘ, ਭਾਈ ਹਰਜੀਤ ਸਿੰਘ, ਭਾਈ ਪ੍ਰੇਮਜੀਤ ਸਿੰਘ, ਭਾਈ ਗੁਰਬਚਨ ਸਿੰਘ ਕਲਸੀਆਂ ਸਮੇਤ ਪ੍ਰਚਾਰਕ ਤੇ ਧਾਰਮਿਕ ਅਧਿਆਪਕ ਮੌਜੂਦ ਸਨ।