ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਤੇ ਹੋਰਾਂ ਨੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 30 ਅਗਸਤ ੨੦੧੮- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਇਤਿਹਾਸਕ ਸਰੋਤ ਸੰਪਾਦਨਾ ਪ੍ਰਾਜੈਕਟ ਦੇ ਡਾਇਰੈਕਟਰ ਵਜੋਂ ਸੇਵਾ ਨਿਭਾਅ ਰਹੇ ਪ੍ਰਸਿੱਧ ਸਿੱਖ ਇਤਿਹਾਸਕਾਰ ਡਾ. ਕਿਰਪਾਲ ਸਿੰਘ ਚੰਡੀਗੜ੍ਹ ਦੀ ਧਰਮ ਪਤਨੀ ਬੀਬੀ ਜੋਗਿੰਦਰ ਕੌਰ ਅੱਜ ਅਕਾਲ ਚਲਾਣਾ ਕਰ ਗਏ। ਉਹ ੯੪ ਵਰ੍ਹਿਆਂ ਦੇ ਸਨ ਅਤੇ ਪਿਛਲੇ ੧੦ ਸਾਲਾਂ ਤੋਂ ਦਿਲ ਦੀ ਬੀਮਾਰੀ ਤੋਂ ਪੀੜਤ ਸਨ। ਬਜੁਰਗ ਇਤਿਹਾਸਕਾਰ ਡਾ. ਕਿਰਪਾਲ ਸਿੰਘ ਨਾਲ ਉਨ੍ਹਾਂ ਦੀ ਪਤਨੀ ਦੇ ਚਲਾਣੇ ਤੇ ਵੱਖ ਵੱਖ ਸ਼ਖਸੀਅਤਾਂ ਨੇ ਦੁੱਖ ਸਾਂਝਾ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਡਾ. ਕਿਰਪਾਲ ਸਿੰਘ ਨਾਲ ਦੁੱਖ ਵੰਡਾਉਂਦਿਆਂ ਕਿਹਾ ਕਿ ਜੀਵਨ ਸਾਥੀ ਦੇ ਤੁਰ ਜਾਣਾ ਬੇਹੱਦ ਦੁੱਖਦਾਈ ਤੇ ਅਸਹਿ ਹੁੰਦਾ ਹੈ ਪਰ ਕਰਤਾ ਪੁਰਖ ਦੇ ਭਾਣੇ ਨੂੰ ਵੀ ਟਾਲਿਆ ਨਹੀਂ ਜਾ ਸਕਦਾ। ਉਨ੍ਹਾਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਵੀ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵੀ ਡਾ. ਕਿਰਪਾਲ ਸਿੰਘ ਨਾਲ ਉਨ੍ਹਾਂ ਦੀ ਪਤਨੀ ਦੇ ਚਲਾਣੇ ‘ਤੇ ਹਮਦਰਦੀ ਪ੍ਰਗਟ ਕੀਤੀ ਹੈ। ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੱਤੀ ਹੈ ਕਿ ਬੀਬੀ ਜੋਗਿੰਦਰ ਕੌਰ ਦਾ ਅੰਤਿਮ ਸੰਸਕਾਰ ੧ ਸਤੰਬਰ ਨੂੰ ਚੰਡੀਗੜ੍ਹ ਦੇ ਸੈਕਟਰ ੨੫ ਦੇ ਸ਼ਮਸ਼ਾਨ ਘਾਟ ਵਿਖੇ ਦੁਪਹਿਰ ੧:੦੦ ਵਜੇ ਕੀਤਾ ਜਾਵੇਗਾ। ਉੁਨ੍ਹਾਂ ਦੱਸਿਆ ਕਿ ੧੯੨੪ ਵਿਚ ਪਾਕਿਸਤਾਨ ਦੇ ਗੁਜਰਾਂਵਾਲਾ ਵਿਚ ਜਨਮੇ ਬੀਬੀ ਜੋਗਿੰਦਰ ਕੌਰ ਦਾ ਅਨੰਦ ਕਾਰਜ ੧੯੪੭ ਵਿਚ ਡਾ. ਕਿਰਪਾਲ ਸਿੰਘ ਨਾਲ ਹੋਇਆ ਅਤੇ ਉਹ ਵੰਡ ਦੌਰਾਨ ਦਿੱਲੀ ਆਣ ਵਸੇ ਸਨ।