ਅੰਮ੍ਰਿਤਸਰ, 26 ਮਈ (     )- ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ, ਸ੍ਰੀ ਅੰਮ੍ਰਿਤਸਰ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਮੇਤ ਸਾਰੇ ਇਤਿਹਾਸਕ ਗੁਰਦੁਆਰੇ ਸਾਹਿਬਾਨਾਂ ਵਿਖੇ ੨੯ ਮਈ ੨੦੧੭, ਦਿਨ ਸੋਮਵਾਰ ਨੂੰ ਮਨਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਨੇ ਦੱਸਿਆ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ੨੭ ਮਈ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ੨੯ ਮਈ ਦਿਨ ਸੋਮਵਾਰ ਨੂੰ ਸਵੇਰੇ ੮:੦੦ ਵਜੇ ਭੋਗ ਤੋਂ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਏ ਮੁਖਵਾਕ ਦੀ ਕਥਾ ਇਸ ਅਸਥਾਨ ਵਿਖੇ ਹੋਵੇਗੀ। ਇਸੇ ਦਿਨ ਹੀ ਕਥਾ ਤੋਂ ਬਾਅਦ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕ ਸਾਹਿਬਾਨ ਸੰਗਤਾਂ ਨੂੰ ਗੁਰ-ਇਤਿਹਾਸ ਸਰਵਣ ਕਰਵਾਉਣਗੇ ਤੇ ਸ਼ਹੀਦੀ ਪ੍ਰਸੰਗ ਦੀ ਕਥਾ ਸਿੰਘ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੁਪਹਿਰੇ ੧੨:੦੦ ਤੋਂ ੧:੦੦ ਵਜੇ ਤੱਕ ਕਰਨਗੇ। ਉਨ੍ਹਾਂ ਕਿਹਾ ਕਿ ੨੯ ਮਈ ਨੂੰ ਦੁਪਹਿਰੇ ੨:੦੦ ਤੋਂ ਲੈ ਕੇ ੪:੦੦ ਤੱਕ ਸ਼ਹੀਦੀ ਦਿਹਾੜੇ ਨਾਲ ਸਬੰਧਤ ਕਵਿਤਾਵਾਂ ਕਵੀ ਜਨ ਸੰਗਤਾਂ ਨੂੰ ਸਰਵਣ ਕਰਵਾਉਣਗੇ। ਉਨ੍ਹਾਂ ਕਿਹਾ ਕਿ ਸ਼ਹੀਦੀ ਦਿਹਾੜੇ ਸਬੰਧੀ ੨੦ ਮਈ ੨੦੧੭ ਤੋਂ ੨੮ ਮਈ ੨੦੧੭ ਤੱਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਰੋਜ਼ਾਨਾ ਸ਼ਾਮਲ ੫ ਵਜੇ ਤੋਂ ੬ ਵਜੇ ਤੱਕ ਗੁਰੂ ਇਤਿਹਾਸ ਦੀ ਕਥਾ ਚੱਲ ਰਹੀ ਹੈ। ਉਨ੍ਹਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਸ਼ਹੀਦੀ ਦਿਹਾੜੇ ਸਬੰਧੀ ੨੦ ਮਈ ਤੋਂ ੨੮ ਮਈ ਤਕ ਹੋਰ ਰਹੇ ਧਾਰਮਿਕ ਸਮਾਗਮ ਗੁਰਦੁਆਰਾ ਮੰਜੀ ਸਾਹਿਬ, ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਦੇ ਬਜਾਏ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਹੀ ਚੱਲ ਰਹੇ ਹਨ।