ਵੱਖ-ਵੱਖ ਥਾਵਾਂ ‘ਤੇ ਵੱਸਦੇ ਲੋੜਵੰਦ ਸਿਕਲੀਗਰ ਸਿੱਖਾਂ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ ਸਮੇਂ ਕੀਤੀ ਜਾਂਦੀ ਰਹੀ ਹੈ ਮਦਦ –ਡਾ. ਰੂਪ ਸਿੰਘ
ਮੱਧ ਪ੍ਰਦੇਸ਼ ਵੱਸਦੇ ੩੮ ਸਿਕਲੀਗਰ ਸਿੱਖ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਰਾਸ਼ੀ ਦਿੱਤੀ ਗਈ

ਅੰਮ੍ਰਿਤਸਰ, 26 ਅਗਸਤ 2017- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਸਿਕਲੀਗਰ ਸਿੱਖਾਂ ਦੀ ਮਦਦ ਲਈ ਲਏ ਗਏ ਫੈਸਲੇ ਨੂੰ ਅਮਲੀ ਰੂਪ ਵਿਚ ਲਾਗੂ ਕਰਦਿਆਂ ਇਸ ਦੇ ਪਹਿਲੇ ਪੜਾਅ ਤਹਿਤ ਮੱਧ ਪ੍ਰਦੇਸ਼ ਵਿਚ ਵੱਸਦੇ ੩੮ ਸਿਕਲੀਗਰ ਸਿੱਖ ਪਰਿਵਾਰਾਂ ਨੂੰ ਮਾਲੀ ਸਹਾਇਤਾ ਦਿੱਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਹਾਲ ਹੀ ਵਿਚ ਮੱਧ ਪ੍ਰਦੇਸ਼ ਦੇ ਸਿਕਲੀਗਰ ਸਿੱਖ ਵੱਸੋਂ ਵਾਲੇ ਇਲਾਕਿਆਂ ਦਾ ਦੌਰਾ ਕਰਕੇ ਪਰਤੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਨੇ ਇਸ ਸਬੰਧੀ ਅੱਜ ਇਥੇ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਕਲੀਗਰ ਸਿੱਖਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਿਲਾਂ ਦੇ ਹੱਲ ਲਈ ਯਤਨ ਤੇਜ਼ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੱਧ ਪ੍ਰਦੇਸ਼ ਦੇ ਦੋ ਜ਼ਿਲ੍ਹਿਆਂ ਧਾਰ ਅਤੇ ਖਰਗੋਣ ਵਿਚ ਵੱਸਦੇ ੩੮ ਪਰਿਵਾਰਾਂ ਨੂੰ ੧੦-੧੦ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਧਾਰ ਜ਼ਿਲ੍ਹੇ ਦੇ ਪਿੰਡ ਬਾਕਾਨੇਰ ਦੇ ੧ ਪਰਿਵਾਰ, ਸੰਘਾਣਾ ਦੇ ੩ ਪਰਿਵਾਰ ਅਤੇ ਲਾਲਬਾਗ ਸਿਸੋਦੀਆ ਦੇ ੬ ਪਰਿਵਾਰਾਂ ਨੂੰ ਉਨ੍ਹਾਂ ਨੇ ਆਪ ਜਾ ਕੇ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਹਨ। ਇਸ ਤੋਂ ਇਲਾਵਾ ਖਰਗੋਣ ਜ਼ਿਲ੍ਹੇ ਦੇ ਪਿੰਡ ਸੰਗਨੂਰ ਦੇ ੨੮ ਸਿਕਲੀਗਰ ਪਰਿਵਾਰਾਂ ਨੂੰ ਵੀ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਮੱਧ ਪ੍ਰਦੇਸ਼ ਵਿਖੇ ਸਿਕਲੀਗਰ ਸਿੱਖ ਔਰਤਾਂ ਲਈ ੧੦ ਸਿਲਾਈ ਸੈਂਟਰ ਖੋਲ੍ਹਣ ਦੀ ਪ੍ਰਕਿਰਿਆ ਵੀ ਆਰੰਭ ਕਰ ਦਿੱਤੀ ਗਈ ਹੈ। ਇਸ ਤਹਿਤ ਭਗਵਾਨਪੁਰਾ ਵਿਖੇ ੧ ਸੈਂਟਰ ਲਈ ਸਥਾਨਕ ਲੋਕਾਂ ਨੇ ਮੰਗ ਕੀਤੀ ਹੈ ਜਿਸ ਵਿਚ ੬੫ ਔਰਤਾਂ ਸਿਖਲਾਈ ਪ੍ਰਾਪਤ ਕਰਨਗੀਆਂ। ਇਨ੍ਹਾਂ ਵਿਚ ਬੱਚੀਆਂ ਤੇ ਨੌਜਵਾਨ ਔਰਤਾਂ ਸਿਖਲਾਈ ਲੈਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਬਾਕੀ ਸਿਲਾਈ ਸੈਂਟਰਾਂ ਲਈ ਉਥੋਂ ਦੇ ਸਥਾਨਕ ਸਿੱਖਾਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਉਥੇ ਕਾਰਜਸ਼ੀਲ ਸ਼੍ਰੋਮਣੀ ਕਮੇਟੀ ਦੇ ੫ ਪ੍ਰਚਾਰਕਾਂ ਦੀ ਸਿਲਾਈ ਸੈਂਟਰਾਂ ਲਈ ਨਿਸ਼ਾਨਦੇਹੀ ਕਰਨ ਲਈ ਡਿਊਟੀ ਲਗਾ ਦਿੱਤੀ ਗਈ ਹੈ। ਦੂਸਰੇ ਪਾਸੇ ਸਿਕਲੀਗਰ ਸਿੱਖ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਸਬੰਧੀ ਉਨ੍ਹਾਂ ਦੱਸਿਆ ਕਿ ਇਛੁੱਕ ਅਤੇ ਯੋਗ ਬੱਚਿਆਂ ਦੀ ਚੋਣ ਲਈ ਸਥਾਨਕ ਸਿੱਖਾਂ ਨੂੰ ਕਿਹਾ ਗਿਆ ਹੈ, ਜਿਨ੍ਹਾਂ ਨੇ ਇਸ ਸਬੰਧੀ ਸਹਿਯੋਗ ਦੇਣ ਦੀ ਵਚਨਬੱਧਤਾ ਪ੍ਰਗਟਾਈ ਹੈ। ਭਾਈ ਰਾਮ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਮੱਧ ਪ੍ਰਦੇਸ਼ ਵਿਖੇ ਇੱਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਉਣ ਲਈ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਹੈ, ਜਿਸ ਲਈ ਜਲਦੀ ਹੀ ਸਥਾਨ ਅਤੇ ਸਮਾਂ ਤੈਅ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨ ਰਾਏਪੁਰ ਵੱਲੋਂ ਅਗਲੀ ਕਾਰਵਾਈ ਕਰ ਕੇ ਦਫਤਰ ਨੂੰ ਸੂਚਿਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ਵਿਚ ਵੱਸਦੇ ਸਿਕਲੀਗਰ ਸਿੱਖ ਕੇਸਾਧਾਰੀ ਹੁੰਦਿਆਂ ਗੁਰੂ ਸਾਹਿਬ ਉਪਰ ਅਤੁੱਟ ਵਿਸ਼ਵਾਸ ਰੱਖਦੇ ਹਨ ਅਤੇ ਗੁਰਬਾਣੀ ਨੂੰ ਮੰਨਦੇ ਹਨ। ਬੇਸ਼ੱਕ ਉਨ੍ਹਾਂ ਦਾ ਜੀਵਨ ਤੰਗੀਆਂ ਭਰਪੂਰ ਹੈ ਪਰ ਫਿਰ ਵੀ ਉਨ੍ਹਾਂ ਨੇ ਆਪਣੇ ਗੁਰੂ ਸਾਹਿਬ ਨੂੰ ਸਮਰਪਿਤ ਹੁੰਦਿਆਂ ਛੋਟੇ-ਛੋਟੇ ਗੁਰੂ ਘਰ ਬਣਾਏ ਹੋਏ ਹਨ। ਉਨ੍ਹਾਂ ਕਿਹਾ ਕਿ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨਾਲ ਹੋਈ ਗੱਲਬਾਤ ਅਨੁਸਾਰ ਇਨ੍ਹਾਂ ਗੁਰੂ ਘਰਾਂ ਲਈ ਦਰੀਆਂ ਅਤੇ ਹੋਰ ਲੋੜੀਂਦਾ ਸਮਾਨ ਵੀ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਇੱਕ ਵਫਦ ਵੱਲੋਂ ਸਿਕਲੀਗਰ ਸਿੱਖ ਵੱਸੋਂ ਵਾਲੇ ਇਲਾਕਿਆਂ ਦਾ ਦੌਰਾ ਕਰਨ ਲਈ ਵੀ ਜਲਦੀ ਹੀ ਪ੍ਰੋਗਰਾਮ ਉਲੀਕਿਆ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਮੱਧ ਪ੍ਰਦੇਸ਼ ਵਿਚ ਵੱਸਦੇ ਸਿੱਖ ਸਿਕਲੀਗਰਾਂ ਦੀ ਮਦਦ ਤੋਂ ਇਲਾਵਾ ਹੋਰਨਾਂ ਥਾਵਾਂ ‘ਤੇ ਵੱਸਦੇ ਲੋੜਵੰਦ ਸਿਕਲੀਗਰ ਸਿੱਖਾਂ ਦੀ ਵੀ ਸਮੇਂ ਸਮੇਂ ਮਦਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਸ਼ਾਖਾਪਟਨਮ (ਆਂਧਰਾ ਪ੍ਰਦੇਸ਼) ਦੇ ਬੱਚਿਆਂ ਦੀਆਂ ਫੀਸਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਾਢੇ ਚਾਰ ਲੱਖ ਰੁਪਏ ਦਿੱਤੇ ਗਏ ਹਨ। ਇਸੇ ਤਰ੍ਹਾਂ ਆਂਧਰਾ ਪ੍ਰਦੇਸ਼ ਦੇ ਹੀ ਸ਼ਹਿਰ ਵਿਜੇਵਾੜਾ ਵਿਖੇ ਸਿਕਲੀਗਰ ਸਿੱਖ ਬੱਚਿਆਂ ਨੂੰ ਵਿਦਿਆ ਦੇਣ ਲਈ ਬੀਬੀ ਕੁਲਜੀਤ ਕੌਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੇ ਸਹਿਯੋਗ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ੫ ਲੱਖ ਰੁਪਏ ਦੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਸਿਕਲੀਗਰ ਸਿੱਖ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿਖੇ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਰਾਏਪੁਰ ਸਿੱਖ ਮਿਸ਼ਨ ਨੂੰ ਹੋਰ ਮਜ਼ਬੂਤ ਕਰਕੇ ਲੋੜੀਂਦੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ ਤਾਂ ਜੋ ਵੱਖ-ਵੱਖ ਖੇਤਰਾਂ ਵਿਚ ਵੱਸਦੇ ਸਿਕਲੀਗਰ ਸਿੱਖਾਂ ਵਿਚ ਪ੍ਰਚਾਰ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਸਕੇ।
ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਹਰਿੰਦਰ ਸਿੰਘ ਰਣੀਆ, ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ, ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ. ਬਿਜੈ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਅਤੇ ਹੋਰ ਹਾਜ਼ਰ ਸਨ।