ਵਿਸ਼ੇਸ਼ ਗੁਰਮਤਿ ਸਮਾਗਮ ਵਿੱਚ ਹਾਜ਼ਰੀ ਵੀ ਭਰੀ


ਅੰਮ੍ਰਿਤਸਰ : 3 ਜਨਵਰੀ (        ) ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਿਕ ਹੋਏ ਅਤੇ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ। ਉਪਰੰਤ ਸਿੰਘ ਸਾਹਿਬ ਗਿਆਨੀ ਇਕਬਾਲ ਸਿਘ ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨੇ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਸ੍ਰੀ ਸਾਹਿਬ ਤੇ ਦਸਤਾਰ ਦੇ ਕੇ ਸਨਮਾਨਿਤ ਕੀਤਾ। ਇਸ ਉਪਰੰਤ ਉਹ ਸ੍ਰੀ ਪਟਨਾ ਸਾਹਿਬ ਦੇ ਵਿਸ਼ੇਸ਼ ਪੰਡਾਲ ਵਿਖੇ ਗੁਰਮਤਿ ਸਮਾਗਮ ਵਿੱਚ ਹਾਜ਼ਰੀ ਭਰਨ ਗਏ। ਜਿੱਥੇ ਭਾਈ ਰਣਜੀਤ ਸਿੰਘ ਗੌਹਰ-ਏ-ਮਸਕੀਨ ਅਤੇ ਭਾਈ ਹਰਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਸਰਹਿੰਦ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਦਸਮੇਸ਼ ਪਿਤਾ ਦੇ ਜੀਵਨ ਤੇ ਚਾਨਣਾ ਪਾਇਆ।  ਪੰਥ ਪ੍ਰਸਿੱਧ ਰਾਗੀ ਜਥਿਆਂ ਵਿੱਚ ਭਾਈ ਸਤਿੰਦਰਬੀਰ ਸਿੰਘ ਤੇ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ), ਭਾਈ ਹਰਜੋਤ ਸਿੰਘ ਜਖ਼ਮੀ ਲੁਧਿਆਣੇ ਵਾਲੇ ਅਤੇ ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਸਰਹਿੰਦ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿਰੋਪਾਓ ਅਤੇ ਲੋਈ ਦੇ ਕੇ ਸਨਮਾਨਿਤ ਕੀਤਾ।

unnamed-6ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਸੰਗਤਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਸੰਸਾਰ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਅਕਤੀਤਵ ਬਿਲਕੁਲ ਬੇਮਿਸਾਲ ਹੈ। ਗੁਰੂ ਸਾਹਿਬ ਨੇ ਖੁਦ ਆਪਣੀ ਆਤਮ ਕਥਾ ਲਿਖਦਿਆਂ ਦੱਸਿਆ ਹੈ ਕਿ ਦੁਸ਼ਟਤਾਈ ਤੇ ਦੰਭਤਾਈ ਦੂਰ ਕਰਕੇ ਸੱਚੇ ਧਰਮ ਦਾ ਪੰਥ ਉਜਾਗਰ ਕਰਨ ਦਾ ਕਾਰਜ ਉਨ੍ਹਾਂ ਨੂੰ ਅਕਾਲ ਪੁਰਖ ਵੱਲੋਂ ਸੌਂਪਿਆ ਗਿਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੱਛੜੇ ਸਮਾਜ ਦਾ ਉਧਾਰ ਕਰਦਿਆਂ ਅਜਿਹਾ ਇਨਕਲਾਬੀ ਪਲਟਾ ਲਿਆਂਦਾ ਜਿਸ ਨਾਲ ਸਦੀਆਂ ਦੇ ਦੱਬੇ-ਕੁਚਲੇ ਤੇ ਪਿਛਾਂਹ ਸੁੱਟੇ ਲੋਕ ਜਾਗ੍ਰਿਤ ਹੋ ਕੇ ਆਪਣੇ ਧਾਰਮਿਕ, ਸਮਾਜਿਕ ਅਤੇ ਰਾਜਸੀ ਅਧਿਕਾਰਾਂ ਹਿਤ ਸੰਘਰਸ਼ ਕਰਨ ਹਿਤ ਤਿਆਰ-ਬਰ-ਤਿਆਰ ਹੋ ਗਏ। ਉਨ੍ਹਾਂ ਇਸ ਅਵਸਰ ਤੇ ਸਮੁੱਚੀ ਸਾਧ ਸੰਗਤ ਨੂੰ ਅੰਮ੍ਰਿਤ ਪਾਨ ਕਰਕੇ ਦਸਮੇਸ਼ ਪਿਤਾ ਦੀਆਂ ਖੁਸ਼ੀਆਂ ਅਤੇ ਅਸੀਸਾਂ ਲੈਣ ਲਈ ਕਿਹਾ। ਉਨ੍ਹਾਂ ਗੁਰਮਤਿ ਸਮਾਗਮ ਵਿੱਚ ਦੂਰ-ਦੁਰਾਡੇ ਤੋਂ ਪੁੱਜੀਆਂ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੱਤੀ। ਪ੍ਰੋ: ਬਡੂੰਗਰ ਨੇ ਵਿਸ਼ੇਸ਼ ਸਮਾਗਮਾਂ ਮੌਕੇ ਪੁੱਜੇ ਸੰਤਾਂ-ਮਹਾਂਪੁਰਸ਼ਾਂ, ਧਾਰਮਿਕ ਸਭਾ ਸੁਸਾਇਟੀਆਂ ਅਤੇ ਸੇਵਾ ਕਰ ਰਹੀਆਂ ਸੰਗਤਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧੰਨਵਾਦ ਕੀਤਾ।

unnamed-5ਇਸ ਮੌਕੇ ਸ੍ਰ: ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਸ੍ਰ: ਗੁਰਚਰਨ ਸਿੰਘ ਗਰੇਵਾਲ, ਸ੍ਰ: ਸੁਰਜੀਤ ਸਿੰਘ ਭਿੱਟੇਵਡ ਤੇ ਭਾਈ ਰਾਮ ਸਿੰਘ ਅੰਤ੍ਰਿੰਗ ਮੈੰੰਬਰ ਤੇ ਬੀਬੀ ਕਿਰਨਜੋਤ ਕੌਰ ਮੈਂਬਰ, ਡਾ: ਰੂਪ  ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਸ੍ਰ: ਹਰਭਜਨ ਸਿੰਘ ਮਨਾਵਾਂ ਤੇ ਡਾ: ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ੍ਰ: ਸਕੱਤਰ ਸਿੰਘ ਮੀਤ ਸਕੱਤਰ, ਸ੍ਰ: ਲਖਬੀਰ ਸਿੰਘ ਮੀਤ ਮੈਨੇਜਰ, ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਅਕਾਲੀ ਬੁੱਢਾ ਦਲ 96 ਕਰੋੜੀ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।