ਅੰਮ੍ਰਿਤਸਰ, 27 ਅਪ੍ਰੈਲ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਇਕ ਵਫਦ ਵੱਲੋਂ ਅੱਜ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੂੰ ਮਿਲ ਕੇ ਸਿੱਖਾਂ ਦੇ ਮਸਲੇ ਉਠਾਏ ਗਏ। ਇਸ ਵਫਦ ਨੇ ਜਿਥੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਨਾਢਾ ਸਾਹਿਬ, ਪੰਚਕੂਲਾ ਨਾਲ ਲੱਗਦੀ ਜ਼ਮੀਨ ਗੁਰਦੁਆਰਾ ਸਾਹਿਬ ਨੂੰ ਅਲਾਟ ਕਰਨ ਦੀ ਮੰਗ ਰੱਖੀ ਉਥੇ ਨਾਲ ਹੀ ਹਰਿਆਣਾ ਸਥਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਕਾਲਜਾਂ ਨੂੰ ‘ਗ੍ਰਾਂਟ ਇਨ ਏਡ’ ਦਾ ਦਰਜਾ ਦੇਣ ਲਈ ਕਿਹਾ। ਵਫਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਅਤੇ ਐਡੀ: ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਵੀ ਉਨ੍ਹਾਂ ਦੇ ਨਾਲ ਸਨ।

ਪ੍ਰੋ: ਬਡੂੰਗਰ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਪੰਚਕੂਲਾ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿਚ ਦੇਸ਼-ਵਿਦੇਸ਼ ਤੋਂ ਸੰਗਤ ਸ਼ਰਧਾ ਸਹਿਤ ਪੁੱਜਦੀ ਹੈ ਅਤੇ ਵਿਸ਼ੇਸ਼ ਦਿਹਾੜਿਆਂ ਸਮੇਂ ਕਈ ਗੁਣਾਂ ਵੱਧ ਜਾਂਦੀ ਹੈ। ਇਸ ਲਈ ਸੰਗਤ ਦੀ ਵੱਡੀ ਆਮਦ ਤੇ ਗੁਰਦੁਆਰਾ ਸਾਹਿਬ ਦੀਆਂ ਲੋੜਾਂ ਦੇ ਮੱਦੇਨਜ਼ਰ ਨਾਲ ਲੱਗਦੀ ਜਗ੍ਹਾ ਗੁਰਦੁਆਰਾ ਸਾਹਿਬ ਨੂੰ ਅਲਾਟ ਕੀਤੀ ਜਾਵੇ। ਉਨ੍ਹਾਂ ਸ੍ਰੀ ਮਨੋਹਰ ਲਾਲ ਖੱਟਰ ਤੋਂ ਇਹ ਵੀ ਮੰਗ ਕੀਤੀ ਕਿ ਹਰਿਆਣਾ ਸੂਬੇ ਅੰਦਰ ਸਥਿਤ ਸ਼੍ਰੋਮਣੀ ਕਮੇਟੀ ਦੇ ਦੋ ਕਾਲਜਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਖਾਲਸਾ ਕਾਲਜ, ਪੰਜੋਖਰਾ ਸਾਹਿਬ ਅਤੇ ਮਾਤਾ ਸੁੰਦਰੀ ਖਾਲਸਾ ਗਰਲਜ਼ ਕਾਲਜ ਨੀਸਿੰਗ (ਕਰਨਾਲ) ਨੂੰ ‘ਗ੍ਰਾਂਟ ਇਨ ਏਡ’ ਦਾ ਦਰਜਾ ਦਿੱਤਾ ਜਾਵੇ। ਪ੍ਰੋ: ਬਡੂੰਗਰ ਨੇ ਦੱਸਿਆ ਕਿ ਇਹ ਦੋਵੇਂ ਵਿਦਿਅਕ ਸੰਸਥਾਵਾਂ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਦਾਨ ਕਰ ਰਹੀਆਂ ਹਨ ਅਤੇ ਇਨ੍ਹਾਂ ਦੋਵਾਂ ਕਾਲਜਾਂ ਨੂੰ ਹਰਿਆਣਾ ਸਰਕਾਰ ਵੱਲੋਂ ਪਹਿਲਾਂ ਹੀ ‘ਘੱਟ-ਗਿਣਤੀ ਦਾ ਦਰਜਾ’ ਦਿੱਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਖੱਟਰ ਨਾਲ ਲੋਹਗੜ੍ਹ (ਹਰਿਆਣਾ) ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਸਥਾਪਤ ਕੀਤੀ ਜਾਣ ਵਾਲੀ ਯਾਦਗਾਰ ਸਬੰਧੀ ਬਣਾਈ ਗਈ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦਾ ਨੁਮਇੰਦਾ ਸ਼ਾਮਲ ਕਰਨ ਦੀ ਮੰਗ ਵੀ ਰੱਖੀ। ਇਸ ਦੌਰਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਸ੍ਰੀ ਮਨੋਹਰ ਲਾਲ ਖੱਟਰ ਪਾਸ ਹਰਿਆਣਾ ਦੇ ਸਿੱਖਾਂ ਨਾਲ ਸਬੰਧਤ ਹੋਰ ਮਸਲੇ ਵੀ ਉਠਾਏ ਗਏ।

ਇਸ ਮਿਲਣੀ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਸ਼੍ਰੋਮਣੀ ਕਮੇਟੀ ਵੱਲੋਂ ਉਠਾਏ ਗਏ ਮਸਲਿਆਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨੇ ਬੜੀ ਸੰਜੀਦਗੀ ਨਾਲ ਸੁਣਨ ਉਪਰੰਤ ਇਸ ਸਬੰਧੀ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਹੈ।