ਅੰਮ੍ਰਿਤਸਰ, 30 ਮਈ–  ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ੬ ਜੂਨ ਨੂੰ ਘੱਲੂਘਾਰਾ ਦਿਵਸ ਸ਼ਾਂਤਮਈ ਢੰਗ ਨਾਲ ਸਿੱਖ ਸੰਗਤਾਂ ਵੱਲੋਂ ਮਨਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਸਿੱਖ ਆਗੂਆਂ ਨਾਲ ਉਚੇਚੇ ਤੌਰ ‘ਤੇ ਮੁਲਾਕਾਤ ਕੀਤੀ ਗਈ। ਪ੍ਰੋ: ਬਡੂੰਗਰ ਨੇ ੬ ਜੂਨ ਘੱਲੂਘਾਰਾ ਦਿਵਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਤੇ ਦਲ ਖਾਲਸਾ ਦੇ ਸ. ਕੰਵਰਪਾਲ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵੱਖ-ਵੱਖ ਸਿੱਖ ਆਗੂਆਂ ਨਾਲ ਮੁਲਾਕਾਤ ਕਰਕੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਉਪਰ ਸਮੇਂ ਦੀ ਸਰਕਾਰ ਵੱਲੋਂ ਹਮਲਾ ਕਰਨਾ ਸੌੜੀ ਸੋਚ ਦਾ ਪ੍ਰਗਟਾਵਾ ਸੀ। ਇਸ ਹਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਢਹਿ-ਢੇਰੀ ਹੋਇਆ ਤੇ ਸੈਂਕੜਿਆਂ ਦੀ ਗਿਣਤੀ ਵਿਚ ਗੁਰੂ ਘਰ ਮੱਥਾ ਟੇਕਣ ਆਈਆਂ ਸੰਗਤਾਂ ਨੂੰ ਵੀ ਮਾਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ੬ ਜੂਨ ਦਾ ਦਿਹਾੜਾ ਸਾਡੀ ਭਾਵੁਕਤਾ ਨਾਲ ਜੁੜਿਆ ਹੋਇਆ ਹੈ। ਜੋ ਕਿ ਇਹ ਸਮਾਗਮ ਕੋਈ ਆਮ ਸਮਾਗਮਾਂ ਵਾਂਗ ਨਹੀਂ ਇਹ ਇੱਕ ਵੈਰਾਗਮਈ ਭਾਵਨਾ ਵਾਲਾ ਹੈ। ਇਸ ਲਈ ਇਹ ਦਿਹਾੜਾ ਸ਼ਹੀਦਾਂ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਸ਼ਰਧਾ, ਸੰਜੀਦਗੀ, ਸੁਹਿਰਦਤਾ ਤੇ ਸ਼ਾਂਤੀ ਨਾਲ ਮਨਾਇਆ ਜਾਵੇ ਅਤੇ ਗੁਰੂ-ਘਰ ਦੀ ਮਾਣ-ਮਰਯਾਦਾ ਦਾ ਖਿਆਲ ਰੱਖਿਆ ਜਾਵੇ। ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਵੱਖ-ਵੱਖ ਸਿੱਖ ਆਗੂਆਂ ਨਾਲ ਕੀਤੀ ਮੁਲਾਕਾਤ ਦੌਰਾਨ ਸਭ ਨੇ ਵਿਸ਼ਵਾਸ ਦਿਵਾਇਆ ਕਿ ਉਹ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਇਹ ਦਿਹਾੜਾ ਬਹੁਤ ਹੀ ਅਮਨ-ਸ਼ਾਂਤੀ ਨਾਲ ਮਨਾਉਣ ਲਈ ਪੂਰਨ ਸਹਿਯੋਗ ਦੇਣਗੇ।