ਗੁਰਦੁਆਰਾ ਸਾਹਿਬ ਬਹਾਦਰਗੜ੍ਹ ਲਈ ਫਲਾਈ ਓਵਰ ਦੇ ਹੇਠੋਂ ਰਸਤਾ ਦੇਣ ਦੀ ਮੰਗ ਕੀਤੀ

ਅੰਮ੍ਰਿਤਸਰ, ੧੩ ਜੁਲਾਈ- ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ, ਪਟਿਆਲਾ ਦੇ ਬਾਹਰ ਹਾਈਵੇਅ ਉਪਰ ਬਣ ਰਹੇ ਫਲਾਈਓਵਰ ਦੇ ਹੇਠੋਂ ਗੁਰਦੁਆਰਾ ਸਾਹਿਬ ਲਈ ਲਾਂਘਾ ਰੱਖਣ ਦਾ ਮਾਮਲਾ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਕੋਲ ਉਠਾਇਆ ਹੈ। ਉਨ੍ਹਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਟਰਾਂਸਪੋਰਟ ਤੇ ਹਾਈਵੇਅ ਮੰਤਰੀ ਸ੍ਰੀ ਨਿਤਿਨ ਜੈਰਾਮ ਗਡਕਰੀ ਨੂੰ ਪੱਤਰ ਲਿਖ ਕੇ ਪਟਿਆਲਾ-ਰਾਜਪੁਰਾ ਹਾਈਵੇਅ ਫਲਾਈ ਓਵਰ ਦੇ ਹੇਠੋਂ ਗੁਰਦੁਆਰਾ ਸਾਹਿਬ ਨੂੰ ਜਾਣ ਲਈ ਰਸਤਾ ਦੇਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੱਤਰ ਵਿਚ ਲਿਖਿਆ ਕਿ ਇਹ ਗੁਰਦੁਆਰਾ ਸਾਹਿਬ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿਚ ਬਣਿਆ ਹੋਇਆ ਹੈ ਜਿਨ੍ਹਾਂ ਨੇ ਕਸ਼ਮੀਰੀ ਪੰਡਿਤਾਂ ਦੀ ਬੇਨਤੀ ਸਵੀਕਾਰ ਕਰਦਿਆਂ ਹਿੰਦੂ ਧਰਮ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ ਸੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀ ਕਾਫੀ ਆਮਦ ਰਹਿੰਦੀ ਹੈ ਅਤੇ ਇਸ ਫਲਾਈ ਓਵਰ ਦੇ ਬਣਨ ਨਾਲ ਗੁਰਦੁਆਰਾ ਸਾਹਿਬ ਨੂੰ ਆਉਣ ਵਾਲਾ ਰਸਤਾ ਬੰਦ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸੰਗਤ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪ੍ਰੋ: ਬਡੂੰਗਰ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਇਤਿਹਾਸਕ ਮਹੱਤਤਾ ਅਤੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਰਸਤੇ ਲਈ ਪੁਲ਼ ਹੇਠੋਂ ਲਾਂਘਾ ਰੱਖਿਆ ਜਾਵੇ ਤਾਂ ਜੋ ਗੁਰਦੁਆਰਾ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਆਵਾਜਾਈ ਲਈ ਮੁਸ਼ਕਿਲ ਪੇਸ਼ ਨਾ ਆਵੇ।