ਅੰਮ੍ਰਿਤਸਰ, ੨ ਸਤੰਬਰ ੨੦੧੭-ਪਿਛਲੇ ਦਿਨੀਂ ਮੀਰੀ ਪੀਰੀ ਸ਼੍ਰੋਮਣੀ ਢਾਡੀ ਜੱਥਾ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਸਾਹਮਣੇ ਵੱਖ ਵੱਖ ਦਿਹਾੜਿਆਂ ਮੌਕੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਾਉਣ ਸਬੰਧੀ ਹੋਈ ਸਮੇਂ ਦੀ ਵੰਡ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦੋ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿਚ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ ਅਤੇ ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਨਾਲ ਗੱਲਬਾਤ ਦੌਰਾਨ ਦੋਹਾਂ ਧਿਰਾਂ ਦੇ ਮੁਖੀਆਂ ਨੇ ਇਸ ਮਾਮਲੇ ਨੂੰ ਨਿਪਟਾਉਣ ਲਈ ਸਹਿਮਤੀ ਪ੍ਰਗਟਾਈ ਹੈ। ਕਮੇਟੀ ਮੈਂਬਰਾਂ ਨਾਲ ਗੱਲਬਾਤ ਤੋਂ ਬਾਅਦ ਸ. ਬਲਦੇਵ ਸਿੰਘ ਐਮ.ਏ. ਨੇ ਆਪਣੇ ਵੱਲੋਂ ਧਰਨਾ ਨਾ ਦੇਣ ਦਾ ਭਰੋਸਾ ਦਿੱਤਾ ਅਤੇ ਮਸਲੇ ਦੇ ਹੱਲ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਲਿਖਤੀ ਦਰਖਾਸਤ ਵੀ ਦਿੱਤੀ ਹੈ। ਕਮੇਟੀ ਮੈਂਬਰਾਂ ਨੇ ਕਿਹਾ ਕਿ ਅਗਲੇ ਦਿਨਾਂ ਵਿਚ ਦੋਹਾਂ ਧਿਰਾਂ ਨਾਲ ਗੱਲਬਾਤ ਕਰਕੇ ਇਸ ਮਸਲੇ ਦਾ ਜਲਦ ਹੱਲ ਕਰ ਦਿੱਤਾ ਜਾਵੇਗਾ।