ਅੰਮ੍ਰਿਤਸਰ ੨੬ ਸਤੰਬਰ –ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪਿੰਡ ਰਾਮਦੀਵਾਲੀ ਮੁਸਲਮਾਨਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ ਬੀਤੇ ਕੱਲ੍ਹ ਆਏ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚੋਂ ਹਰ ਧਰਮ, ਜਾਤੀ ਤੇ ਨਸਲ ਦੇ ਲੋਕਾਂ ਲਈ ਸਾਂਝੀਵਾਲਤਾ ਅਤੇ ਆਪਸੀ ਸਹਿਹੋਂਦ ਦਾ ਮਹਾਨ ਉਪਦੇਸ਼ ਮਿਲਦਾ ਹੈ ਅਤੇ ਪਾਵਨ ਗੁਰਬਾਣੀ ਸਮੁੱਚੀ ਮਨੁੱਖਤਾ ਦਾ ਮਾਰਗ ਦਰਸ਼ਨ ਕਰਦੀ ਹੈ ਪਰ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਨਾਲ ਭਾਈਚਾਰਕ ਸਾਂਝ ਨੂੰ ਲਾਂਬੂ ਲਾ ਕੇ ਫਿਰਕਾਪ੍ਰਸਤੀ ਦੀ ਅੱਗ ਵੱਲ ਧੱਕਣ ਦਾ ਯਤਨ ਕੀਤਾ ਜਾਂਦਾ ਹੈ। ਅਜਿਹੇ ਮਨੁੱਖਤਾ ਦੇ ਵੈਰੀ ਅਨਸਰਾਂ ਨੂੰ ਨੱਥ ਪਾਉਣ ਲਈ ਸਖਤ ਸਜ਼ਾਵਾਂ ਦਿੱਤੀਆਂ ਜਾਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਰਾਮਦੀਵਾਲੀ ਵਿਖੇ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ੭-੭ ਸਾਲ ਦੀ ਕੈਦ ਦਾ ਫੈਸਲਾ ਆਉਣ ਨਾਲ ਇਨ੍ਹਾਂ ਅਮਨ ਦੇ ਵੈਰੀਆਂ ਵਿਚ ਕਾਨੂੰਨ ਦਾ ਡਰ ਪੈਦਾ ਹੋਵੇਗਾ ਅਤੇ ਉਹ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਤੋਂ ਪਹਿਲਾਂ ਕਾਨੂੰਨ ਤੋਂ ਡਰਨਗੇ। ਪ੍ਰੋ: ਬਡੂੰਗਰ ਨੇ ਇਸ ਕੇਸ ਦੀ ਪੈਰਵਾਈ ਕਰਨ ਵਾਲੇ ਵਕੀਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਭਗਵੰਤ ਸਿੰਘ ਸਿਆਲਕਾ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਸਿਆਲਕਾ ਜੋਧਪੁਰ ਸਿੱਖ ਬੰਦੀਆਂ ਨੂੰ ਮੁਆਵਜ਼ਾ ਦਿਵਾਉਣ ਅਤੇ ਹੋਰ ਸਿੱਖ ਕੇਸਾਂ ਵਿਚ ਅਦਾਲਤੀ ਪੈਰਵਾਈ ਕਰਨ ਲਈ ਵੀ ਪ੍ਰਸ਼ੰਸਾ ਦੇ ਪਾਤਰ ਹਨ।
ਪ੍ਰੋ: ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਬਾਕੀ ਦੋਸ਼ੀਆਂ ਨੂੰ ਵੀ ਜਲਦ ਤੋਂ ਜਲਦ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਇਨਾਂ ਘਟਨਾਵਾਂ ਸਬੰਧੀ ਸਰਕਾਰ ਨੂੰ ਸਖਤ ਕਦਮ ਚੁੱਕਣੇ ਚਾਹੀਦੇ ਹਨ ਅਤੇ ਆਪਣੇ ਜਾਂਚ ਤੰਤਰ ਨੂੰ ਵੀ ਤੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬੇਅਦਬੀ ਮਾਮਲਿਆਂ ਵਿਚ ਫੜੇ ਜਾਣ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣ ਵਿਚ ਦੇਰੀ ਨਹੀਂ ਹੋਣੀ ਚਾਹੀਦੀ। ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਸਰਕਾਰ ਅਤੇ ਨਿਆਂਪਾਲਿਕਾ ਤੋਂ ਮੰਗ ਕਰਦਿਆਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਸ਼ੇਸ਼ ਅਦਾਲਤਾਂ ਲਗਾਈਆਂ ਜਾਣ ਅਤੇ ਜਾਂਚ ਕਮਿਸ਼ਨ ਤੋਂ ਜਲਦ ਰਿਪੋਰਟ ਲੈ ਕੇ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇ। ਉਨ੍ਹਾਂ ਇਕ ਵਾਰ ਫਿਰ ਮਾਨਯੋਗ ਅਦਾਲਤ ਦਾ ਧੰਨਵਾਦ ਕੀਤਾ।